- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੌਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਪ੍ਰਕਾਸ਼ ਦਿਹਾੜਾ

ਕਸ਼ਮੀਰ ਸਿੰਘ ਸੰਧ, ਪੰਜਾਬੀ ਜਾਗਰਣ
ਕਾਦੀਆਂ: ਲੌਰੈਂਸ ਇੰਟਰਨੈਸ਼ਨਲ ਸਕੂਲ ਡੱਲਾ ਮੋੜ ਕਾਦੀਆਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸਕੂਲ ਦੇ ਵਿਹੜੇ ਵਿੱਚ ਗੁਰਬਾਣੀ ਕੀਰਤਨ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ, ਡੱਲਾ ਮੋੜ ਤੋਂ ਪੂਰੇ ਸਤਿਕਾਰ ਅਤੇ ਸ਼ਰਧਾ ਨਾਲ ਸਕੂਲ ਕੰਪਲੈਕਸ ਵਿੱਚ ਲਿਆ ਕੇ ਕੀਤੀ ਗਈ। ਹਰਪਾਲ ਸਿੰਘ ਜੀ ਦੀ ਅਗਵਾਈ ਹੇਠ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਦੌਰਾਨ ਵਿਦਿਆਰਥੀਆਂ ਨੇ ਰਸਭਿੰਨਾ ਕੀਰਤਨ ਕੀਤਾ। ਸਟੇਜ ਸੰਚਾਲਨ ਕਮਲਪ੍ਰੀਤ ਕੌਰ ਨੇ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ 'ਤੇ ਚਾਨਣਾ ਪਾਇਆ। ਸਕੂਲ ਚੇਅਰਮੈਨ ਸੁਖਜਿੰਦਰ ਸਿੰਘ ਮੱਲਿਆਂਵਾਲ ਨੇ ਸਾਰਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ। ਸਕੂਲ ਦੇ ਪ੍ਰਿੰਸੀਪਲ ਡਾ. ਰਮਨ ਕੁਮਾਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਨੂੰ ਸੱਚ, ਨਿਸ਼ਕਾਮ ਸੇਵਾ, ਨਿਮਰਤਾ ਅਤੇ ਆਪਸੀ ਸਦਭਾਵਨਾ ਦਾ ਰਾਹ ਦਿਖਾਉਂਦਾ ਹੈ।ਸਕੂਲ ਪ੍ਰਬੰਧਕਾਂ ਨੇ ਸਾਰੀਆਂ ਸੰਗਤਾਂ ਨੂੰ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ। ਅੰਤ ਵਿੱਚ ਸਾਰਿਆਂ ਨੇ ਗੁਰੂ ਸਾਹਿਬ ਜੀ ਅੱਗੇ ਸੀਸ ਨਿਵਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ ਦੇ ਸੰਕਲਪ ਨਾਲ ਸਮਾਗਮ ਸਮਾਪਤ ਹੋਇਆ।