- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਹਰਗੋਬਿੰਦਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ, ਸ੍ਰੀ ਹਰਗੋਬਿੰਦਪੁਰ : ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਸ੍ਰੀ ਹਰਗੋਬਿੰਦਪੁਰ ਵਿਖੇ ਪ੍ਰਕਾਸ਼ ਉਤਸਵ ਬੜੀ ਸ਼ਰਧਾ, ਸਤਿਕਾਰ ਅਤੇ ਧੂਮਧਾਮ ਨਾਲ ਮਨਾਇਆ ਗਿਆ ਅਤੇ ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਗ੍ਰੰਥੀਆਂ ਸਾਹਿਬ ਤੋਂ ਪੂਰੀ ਧਾਰਮਿਕ ਮਰਿਆਦਾ ਤੇ ਉਤਸ਼ਾਹ ਨਾਲ ਆਰੰਭ ਹੋਇਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਹ ਵਿਸ਼ਾਲ ਨਗਰ ਕੀਰਤਨ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ, ਚੌਕਾਂ ਅਤੇ ਵੱਖ-ਵੱਖ ਰਸਤਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਪਹੁੰਚਿਆ ਤੇ ਉੱਥੋਂ ਵਾਪਸੀ ਕਰਦਾ ਹੋਇਆ ਮੁੜ ਗੁਰਦੁਆਰਾ ਗ੍ਰੰਥੀਆਂ ਸਾਹਿਬ ਵਿਖੇ ਜਾ ਕੇ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਨਾਨਕ ਨਾਮਲੇਵਾ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਗੁਰਬਾਣੀ ਦੇ ਸ਼ਬਦਾਂ ਦਾ ਰਸਭਿੰਨਾ ਕੀਰਤਨ ਕੀਤਾ ਜਾ ਰਿਹਾ ਸੀ ਅਤੇ ਗਤਕਾ ਪਾਰਟੀਆਂ ਵੱਲੋਂ ਵੀ ਆਪਣੀ ਕਲਾ ਦੇ ਜੌਹਰ ਦਿਖਾਏ ਗਏ, ਜਿਸ ਨਾਲ ਸਮੁੱਚਾ ਵਾਤਾਵਰਨ ਪੂਰੀ ਤਰ੍ਹਾਂ ਗੁਰੂ ਨਾਨਕ ਦੇਵ ਜੀ ਦੇ ਭਗਤੀ ਰੰਗ ਵਿੱਚ ਰੰਗਿਆ ਗਿਆ। ਸੰਗਤਾਂ ਨੂੰ ਫਲ, ਮਠਿਆਈਆਂ ਤੇ ਚਾਹ-ਪਕੌੜਿਆਂ ਦੇ ਲੰਗਰ ਅਤੁੱਟ ਵਰਤਾਏ। ਇਸ ਮੌਕੇ ਹਰਜਿੰਦਰ ਸਿੰਘ ਸੈਣੀ, ਭਾਈ ਮੋਹਕਮ ਸਿੰਘ ਅਤੇ ਜਸਵੀਰ ਸਿੰਘ ਮੋਰ ਸਮੇਤ ਹੋਰ ਬਹੁਤ ਸਾਰੀਆਂ ਪ੍ਰਮੁੱਖ ਧਾਰਮਿਕ ਅਤੇ ਸਮਾਜਿਕ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਨਾਲ ਹੀ ਸ੍ਰੀ ਹਰਗੋਬਿੰਦਪੁਰ ਦੇ ਆਸ-ਪਾਸ ਲੱਗਦੇ ਪਿੰਡਾਂ ਬੱਲਰਵਾਲ, ਟਾਂਡਾ, ਮਾੜੀ ਬੁੱਚੀਆਂ, ਭਰਥ, ਮੇਤਲੇ ਅਤੇ ਮਾੜੀ ਪਨਵਾਂ ਆਦਿ ਪਿੰਡਾਂ ਵਿੱਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਬੜੇ ਉਤਸ਼ਾਹ, ਸ਼ਰਧਾ ਤੇ ਪਿਆਰ ਨਾਲ ਮਨਾਇਆ।