ਐੱਸਜੀਪੀਸੀ ਦੀਆਂ ਚੋਣਾਂ ਨਾ ਕਰਵਾ ਕੇ ਸਿੱਖ ਕੌਮ ਨਾਲ ਭਾਜਪਾ ਕਰ ਰਹੀ ਧ੍ਰੋਹ : ਛੋਟੇਪੁਰ
ਭਾਜਪਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾ ਕਰਵਾ ਕੇ ਸਿੱਖ ਕੌਮ ਨਾਲ ਕਰ ਰਹੀ ਧ੍ਰੋਹ: ਛੋਟੇਪੁਰ
Publish Date: Tue, 24 Mar 2026 06:34 PM (IST)
Updated Date: Wed, 25 Mar 2026 04:05 AM (IST)

ਜੀਆਰਪੀ- ਸੁੱਚਾ ਸਿੰਘ ਛੋਟੇਪੁਰ। ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ : ਕੇਂਦਰ ਦੀ ਸੱਤਾ ਤੇ ਕਾਬਜ਼ ਭਾਜਪਾ ਸਰਕਾਰ ਸਿੱਖ ਕੌਮ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾ ਕਰਵਾ ਕੇ ਜਿੱਥੇ ਸਿੱਖ ਕੌਮ ਨਾਲ ਵੱਡਾ ਧ੍ਰੋਹ ਕਮਾ ਰਹੀ ਹੈ, ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਬਾਦਲਾਂ ਦਾ ਕਬਜ਼ਾ ਹੋਣ ਕਾਰਨ ਸਿੱਖ ਕੌਮ ’ਚ ਵੱਡੀ ਗਿਰਾਵਟ ਆ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਛੋਟੇਪੁਰ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵੱਡੀ ਸਾਜ਼ਿਸ਼ ਤਹਿਤ ਪਿਛਲੇ 15 ਸਾਲਾਂ ਤੋਂ ਵੱਧ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾ ਕਰਵਾ ਕੇ ਬਾਦਲਾਂ ਦੀ ਛਤਰ ਛਾਇਆ ਹੇਠ ਸਿੱਖ ਕੌਮ ਨੂੰ ਕਮਜ਼ੋਰ ਕਰਨ ’ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਜਿੱਥੇ ਹੇਠਲੇ ਪੱਧਰ ਤੋਂ ਸਰਪੰਚਾਂ-ਪੰਚਾਂ ਤੋਂ ਇਲਾਵਾ ਵਿਧਾਨ ਸਭਾ ਤੇ ਪਾਰਲੀਮੈਂਟ ਦੀਆਂ ਚੋਣਾਂ ਸਮੇਂ-ਸਮੇਂ ’ਤੇ ਹੁੰਦੀਆਂ ਆ ਰਹੀਆਂ ਹਨ ਪਰ ਅਫ਼ਸੋਸ ਕਿ ਸਿੱਖ ਕੌਮ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਪਿਛਲੇ 15 ਸਾਲ ਤੋਂ ਵੱਧ ਸਮੇਂ ਤੋਂ ਨਹੀਂ ਕਰਵਾਈਆਂ ਗਈਆਂ, ਜਿਸ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਬਾਦਲਾਂ ਦਾ ਕਬਜ਼ਾ ਹੋਣ ਕਾਰਨ ਦਿਨੋਂ-ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਤੇ ਸਿੱਖ ਕੌਮ ਵਿੱਚ ਵੱਡੀ ਗਿਰਾਵਟ ਆਈ ਹੈ ਜਿਸ ਕਾਰਨ ਪੰਥ ਦਰਦੀਆਂ ਵਿੱਚ ਭਾਜਪਾ ਪ੍ਰਤੀ ਨਫ਼ਰਤ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਇਸ ਮੌਕੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ।