ਪੀਸੀਐੱਸ ਪੇਪਰ ਲੀਕ ਮਾਮਲੇ ਨੂੰ ਲੈ ਕੇ ਭਾਜਪਾ ਦਾ ਪ੍ਰਦਰਸ਼ਨ, ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਪੀਸੀਐੱਸ ਪੇਪਰ ਲੀਕ ਮਾਮਲੇ ਨੂੰ ਲੈ ਕੇ ਭਾਜਪਾ ਦਾ ਪ੍ਰਦਰਸ਼ਨ, ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Publish Date: Fri, 13 Nov 2026 05:47 PM (IST)
Updated Date: Sat, 14 Nov 2026 04:03 AM (IST)
- ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ’ਚ ਨੇਤਾਵਾਂ ਤੇ ਯੂਥ ਮੋਰਚਾ ਵਰਕਰਾਂ ਨੇ ਜਤਾਇਆ ਰੋਸ, ਡੀਸੀ ਜ਼ਰੀਏ ਸੌਂਪਿਆ ਮੰਗ ਪੱਤਰ ਜੀਆਰਪੀ—ਸ਼ਹਿਰ ਵਿੱਚ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕਰਦੇ ਭਾਜਪਾ ਵਰਕਰ। ਪਲਵਿੰਦਰ ਸਿੰਘ, ਪੰਜਾਬੀ ਜਾਗਰਣ ਗੁਰਦਾਸਪੁਰ : ਪੰਜਾਬ ’ਚ ਪੀਸੀਐੱਸ ਪੇਪਰ ਲੀਕ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਸ਼ੁੱਕਰਵਾਰ ਨੂੰ ਗੁਰਦਾਸਪੁਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਦੀ ਅਗਵਾਈ ’ਚ ਆਯੋਜਿਤ ਇਸ ਪ੍ਰਦਰਸ਼ਨ ’ਚ ਪਾਰਟੀ ਆਗੂਆਂ ਅਤੇ ਯੂਥ ਮੋਰਚਾ ਦੇ ਵਰਕਰਾਂ ਨੇ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਡੀਸੀ ਜ਼ਰੀਏ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਉਠਾਈ। ਇਸ ਮੌਕੇ ਬਘੇਲ ਸਿੰਘ ਨੇ ਕਿਹਾ ਕਿ ਪੀਸੀਐੱਸ ਪੇਪਰ ਲੀਕ ਹੋਣ ਦੀ ਘਟਨਾ ਨੇ ਪੰਜਾਬ ਦੇ ਮਿਹਨਤੀ ਅਤੇ ਪ੍ਰਤਿਭਾਸ਼ਾਲੀ ਨੌਜਵਾਨਾਂ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਦਿੱਤਾ ਹੈ। ਨੌਜਵਾਨ ਦਿਨ-ਰਾਤ ਮਿਹਨਤ ਕਰਕੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ ਪਰ ਇਸ ਤਰ੍ਹਾਂ ਦੀਆਂ ਘਟਨਾਵਾਂ ਉਨ੍ਹਾਂ ਦੇ ਭਵਿੱਖ ਦੇ ਨਾਲ-ਨਾਲ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਵਿਵਸਥਾ ਉਪਲਬਧ ਕਰਵਾਉਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੇਪਰ ਲੀਕ ਮਾਮਲੇ ਦੀ ਨਿਰਪੱਖ ਅਤੇ ਉੱਚ-ਪੱਧਰੀ ਜਾਂਚ ਕਰਵਾਈ ਜਾਵੇ, ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਇਸ ਮਾਮਲੇ ਤੋਂ ਪ੍ਰਭਾਵਿਤ ਉਮੀਦਵਾਰਾਂ ਨੂੰ ਨਿਆਂ ਦਿਵਾਇਆ ਜਾਵੇ। ਬਘੇਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਭਾਜਪਾ ਵੱਲੋਂ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਤਹਿਤ ਡਿਪਟੀ ਕਮਿਸ਼ਨਰਾਂ ਦੇ ਜ਼ਰੀਏ ਪੰਜਾਬ ਸਰਕਾਰ ਤੱਕ ਮੰਗ ਪੱਤਰ ਪਹੁੰਚਾਏ ਜਾ ਰਹੇ ਹਨ। ਇਸੇ ਕੜੀ ’ਚ ਗੁਰਦਾਸਪੁਰ ’ਚ ਵੀ ਪਾਰਟੀ ਆਗੂਆਂ ਤੇ ਯੂਥ ਮੋਰਚਾ ਦੇ ਕਾਰਕੁੰਨਾਂ ਨੇ ਇਕੱਠੇ ਹੋ ਕੇ ਆਪਣਾ ਵਿਰੋਧ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਜ਼ਰੀਏ ਮੰਗ ਪੱਤਰ ਸੌਂਪ ਕੇ ਸਰਕਾਰ ਤੋਂ ਨੌਜਵਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਤੇ ਮਾਮਲੇ ’ਚ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਬਘੇਲ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਭਾਵਿਤ ਉਮੀਦਵਾਰਾਂ ਨੂੰ ਨਿਆਂ ਨਹੀਂ ਮਿਲਿਆ ਤੇ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ ਤਾਂ ਭਾਜਪਾ ਪੰਜਾਬ ਪ੍ਰਦੇਸ਼ ਕਮੇਟੀ ਵੱਲੋਂ ਤੈਅ ਕੀਤੀ ਜਾਣ ਵਾਲੀ ਅਗਲੀ ਰਣਨੀਤੀ ਅਨੁਸਾਰ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।