ਗੁਰਦਾਸਪੁਰ ’ਚ ਨਿਕਲੀ ਭਾਜਪਾ ਦੀ ‘ਲੋਕਤੰਤਰ ਬਚਾਓ’ ਯਾਤਰਾ, ਕ੍ਰਿਸ਼ਨ ਪਾਲ ਗੁਰਜਰ ਨੇ ਕਾਂਗਰਸ ਤੇ ਪੰਜਾਬ ਸਰਕਾਰ ’ਤੇ ਸਾਧਿਆ ਨਿਸ਼ਾਨਾ
ਇਸ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੋਕਤੰਤਰ ਦੀ ਰਾਖੀ, ਦੇਸ਼ ਦੀ ਤਰੱਕੀ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਦੇਸ਼ ਦਿੱਤਾ। ਯਾਤਰਾ ਦੌਰਾਨ ਕੇਂਦਰੀ ਮੰਤਰੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਤਿੱਖੇ ਰਾਜਨੀਤਿਕ ਹਮਲੇ ਕਰਦਿਆਂ ਦੋਵਾਂ ਪਾਰਟੀਆਂ ਦੀਆਂ ਨੀਤੀਆਂ ਅਤੇ ਕਾਰਜਪ੍ਰਣਾਲੀ ’ਤੇ ਸਵਾਲ ਚੁੱਕੇ।
Publish Date: Tue, 03 Nov 2026 03:07 PM (IST)
Updated Date: Tue, 03 Nov 2026 03:11 PM (IST)
ਜਾਗਰਣ ਸੰਵਾਦਦਾਤਾ, ਗੁਰਦਾਸਪੁਰ। ਪੰਜਾਬ ’ਚ ਰਾਜਨੀਤਿਕ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਭਾਰਤੀ ਜਨਤਾ ਪਾਰਟੀ ਵੱਲੋਂ ਗੁਰਦਾਸਪੁਰ ਵਿੱਚ ਮੰਗਲਵਾਰ ਨੂੰ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਪੈਦਲ ਯਾਤਰਾ ਕੱਢੀ ਗਈ। ਜ਼ਿਲ੍ਹਾ ਭਾਜਪਾ ਪ੍ਰਧਾਨ ਬਘੇਲ ਸਿੰਘ ਬਾਹੀਆ ਦੀ ਪ੍ਰਧਾਨਗੀ ਹੇਠ ਆਯੋਜਿਤ ਇਸ ਯਾਤਰਾ ’ਚ ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁਰਜਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਇਸ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੋਕਤੰਤਰ ਦੀ ਰਾਖੀ, ਦੇਸ਼ ਦੀ ਤਰੱਕੀ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਦੇਸ਼ ਦਿੱਤਾ। ਯਾਤਰਾ ਦੌਰਾਨ ਕੇਂਦਰੀ ਮੰਤਰੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਤਿੱਖੇ ਰਾਜਨੀਤਿਕ ਹਮਲੇ ਕਰਦਿਆਂ ਦੋਵਾਂ ਪਾਰਟੀਆਂ ਦੀਆਂ ਨੀਤੀਆਂ ਅਤੇ ਕਾਰਜਪ੍ਰਣਾਲੀ ’ਤੇ ਸਵਾਲ ਚੁੱਕੇ।
ਕੇਂਦਰੀ ਮੰਤਰੀ ਗੁਰਜਰ ਨੇ ਕਿਹਾ ਕਿ ਕਾਂਗਰਸ ਸਮੇਤ ਵਿਰੋਧੀ ਧਿਰ ਦੀਆਂ ਕਈ ਪਾਰਟੀਆਂ ਦੇਸ਼ ਵਿੱਚ ਅਰਾਜਕਤਾ ਦਾ ਮਾਹੌਲ ਪੈਦਾ ਕਰਕੇ ਵਿਕਾਸ ਦੀ ਰਫ਼ਤਾਰ ਵਿੱਚ ਰੋੜਾ ਅਟਕਾਉਣਾ ਚਾਹੁੰਦੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਧਿਰ ਨੂੰ ਦੇਸ਼ ਦੀ ਲਗਾਤਾਰ ਹੋ ਰਹੀ ਤਰੱਕੀ ਪਸੰਦ ਨਹੀਂ ਆ ਰਹੀ ਅਤੇ ਇਸੇ ਕਾਰਨ ਉਹ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਜਨਤਾ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਕਾਂਗਰਸ ਨੂੰ ਸੰਵਿਧਾਨ ਪ੍ਰਤੀ ਸਤਿਕਾਰ ਨਹੀਂ
ਕੇਂਦਰੀ ਮੰਤਰੀ ਨੇ ਸੰਵਿਧਾਨ ਦੇ ਮੁੱਦੇ ’ਤੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਕਾਂਗਰਸ ਦੇ ਦਿਲ ਵਿੱਚ ਸੰਵਿਧਾਨ ਪ੍ਰਤੀ ਕੋਈ ਸਤਿਕਾਰ ਨਹੀਂ ਹੈ, ਸਗੋਂ ਸੰਵਿਧਾਨ ਦੀ ਕਾਪੀ ਸਿਰਫ਼ ਹੱਥ ਵਿੱਚ ਹੀ ਦਿਖਾਈ ਦਿੰਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਦੇ ਸ਼ਾਸਨਕਾਲ ਦੌਰਾਨ ਸੰਵਿਧਾਨ ਦੀ ਭਾਵਨਾ ਦੇ ਉਲਟ ਕਈ ਫ਼ੈਸਲੇ ਲਏ ਗਏ ਅਤੇ ਸੁਪਰੀਮ ਕੋਰਟ ਦੇ ਫ਼ੈਸਲਿਆਂ ਦੀ ਅਣਦੇਖੀ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਜਪਾ ਸੰਵਿਧਾਨ ਅਤੇ ਲੋਕਤੰਤਰੀ ਸੰਸਥਾਵਾਂ ਦੀ ਮਜ਼ਬੂਤੀ ਲਈ ਵਚਨਬੱਧ ਹੈ।
ਕਾਂਗਰਸ ’ਤੇ ਬੂਥ ਕਬਜ਼ਾਉਣ ਦੇ ਲਾਏ ਦੋਸ਼
ਗੁਰਜਰ ਨੇ ਕਾਂਗਰਸ ਵੱਲੋਂ ਚੁੱਕੇ ਜਾ ਰਹੇ ਵੋਟ ਚੋਰੀ ਦੇ ਮੁੱਦੇ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਚੋਣ ਪ੍ਰਕਿਰਿਆ ’ਤੇ ਸਵਾਲ ਚੁੱਕਣ ਤੋਂ ਪਹਿਲਾਂ ਆਪਣੇ ਪੁਰਾਣੇ ਸ਼ਾਸਨਕਾਲ ਨੂੰ ਯਾਦ ਕਰਨਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਹਿਲਾਂ ਉੱਤਰ ਪ੍ਰਦੇਸ਼ ਅਤੇ ਬਿਹਾਰ ਵਰਗੇ ਰਾਜਾਂ ਵਿੱਚ ਚੋਣਾਂ ਦੌਰਾਨ ਬੂਥਾਂ ਅਤੇ ਵੋਟ ਪੇਟੀਆਂ ’ਤੇ ਕਬਜ਼ੇ ਦੀਆਂ ਘਟਨਾਵਾਂ ਹੁੰਦੀਆਂ ਸਨ।
ਕਈ ਥਾਵਾਂ ’ਤੇ ਵੋਟਰਾਂ ਨੂੰ ਡਰਾਉਣ-ਧਮਕਾਉਣ ਅਤੇ ਹਿੰਸਾ ਦੀਆਂ ਘਟਨਾਵਾਂ ਵੀ ਸਾਹਮਣੇ ਆਉਂਦੀਆਂ ਸਨ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਵਿੱਚ ਚੋਣ ਪ੍ਰਕਿਰਿਆ ਵਧੇਰੇ ਪਾਰਦਰਸ਼ੀ ਅਤੇ ਵਿਵਸਥਿਤ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹ ਰਹੀਆਂ ਹਨ ਅਤੇ ਚੋਣ ਪ੍ਰਣਾਲੀ ਵਿੱਚ ਸੁਧਾਰ ਹੋਇਆ ਹੈ।