ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਬਲਾਕ ਪੱਧਰੀ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਬਲਾਕ ਪੱਧਰੀ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
Publish Date: Sat, 07 Mar 2026 04:24 PM (IST)
Updated Date: Sun, 08 Mar 2026 04:03 AM (IST)

ਜੀਆਰਪੀ- ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਸ਼ਮ੍ਹਾ ਰੋਸ਼ਨ ਕਰਦੇ ਹੋਏ ਕਾਲਜ ਪ੍ਰਿੰਸੀਪਲ ਆਰਕੇ ਤੁਲੀ, ਜ਼ਿਲ੍ਹਾ ਗਾਈਡੈਂਸ ਕਾਉਂਸਲਰ ਪਰਮਿੰਦਰ ਸਿੰਘ ਸੈਣੀ ਅਤੇ ਸਹਾਇਕ ਨੋਡਲ ਅਫਸਰ ਮੁਕੇਸ਼ ਵਰਮਾ। ਆਕਾਸ਼, ਪੰਜਾਬੀ ਜਾਗਰਣ ਦੀਨਾਨਗਰ : ਸਮੱਗਰ ਸਿੱਖਿਆ ਅਭਿਆਨ ਤਹਿਤ ਐੱਸਐੱਸਐੱਮ ਕਾਲਜ ਦੀਨਾਨਗਰ ਵਿਖੇ ਵਿਦਿਆਰਥੀਆਂ ਦੀ ਸੁਰੱਖਿਆ ਤੇ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕਤਾ ਵਧਾਉਣ ਦੇ ਮੰਤਵ ਨਾਲ ਬਲਾਕ ਪੱਧਰੀ ਇੱਕ ਦਿਨਾਂ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਸਿੱਖਿਆ ਅਧਿਕਾਰੀ ਪਰਮਜੀਤ ਕੌਰ ਦੀ ਦੇਖ ਰੇਖ ਹੇਠ ਅਤੇ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਪਰਮਿੰਦਰ ਸਿੰਘ ਸੈਣੀ ਦੀ ਅਗਵਾਈ ਵਿੱਚ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਬਲਾਕਾਂ ਦੇ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਅਧਿਆਪਕਾਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਪਰਮਿੰਦਰ ਸਿੰਘ ਸੈਣੀ, ਸਹਾਇਕ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਮੁਕੇਸ਼ ਵਰਮਾ ਅਤੇ ਰਿਸੋਰਸ ਪਰਸਨ ਹਰਿਸ਼ ਕੁਮਾਰ ਵੱਲੋਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਜੁੜੇ ਕਈ ਮਹੱਤਵਪੂਰਨ ਵਿਸ਼ਿਆਂ ‘ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮਾਸਟਰ ਟ੍ਰੇਨਿੰਗ ਮੁਕੇਸ਼ ਵਰਮਾ ਨੇ ਪੋਕਸੋ ਐਕਟ 2012, ਜੂਵੇਨਾਈਲ ਜਸਟਿਸ ਐਕਟ 2015, ਚਾਈਲਡ ਲੇਬਰ ਐਕਟ 1986, ਸੀਪੀਸੀਆਰ ਐਕਟ 2005, ਆਰਟੀਈ ਐਕਟ 2009, ਸੁਪਰੀਮ ਕੋਰਟ ਦੇ ਨਿਰਦੇਸ਼, ਐੱਨਡੀਐੱਮਏ ਗਾਈਡਲਾਈਨਜ਼ 2021, ਡਿਜਾਸਟਰ ਮੈਨੇਜਮੈਂਟ, ਸਾਇਬਰ ਸੁਰੱਖਿਆ ਤੇ ਰੋਡ ਸੇਫਟੀ ਵਰਗੇ ਵਿਸ਼ਿਆਂ ਬਾਰੇ ਅਧਿਆਪਕਾਂ ਨੂੰ ਜਾਗਰੂਕ ਕੀਤਾ। ਜ਼ਿਲ੍ਹਾ ਗਾਈਡੈਂਸ ਕਾਉਂਸਲਰ ਪਰਮਿੰਦਰ ਸਿੰਘ ਸੈਣੀ ਨੇ ਕਿਹਾ ਕਿ ਸਕੂਲਾਂ ਵਿੱਚ ਸੁਰੱਖਿਆ ਮਾਪਦੰਡਾਂ ਦੀ ਪ੍ਰਭਾਵਸ਼ਾਲੀ ਪਾਲਣਾ ਵਿਦਿਆਰਥੀਆਂ ਦੇ ਸਰਬ ਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸਕੂਲਾਂ ਵਿੱਚ ਸੁਰੱਖਿਅਤ ਅਤੇ ਵਧੀਆ ਵਾਤਾਵਰਣ ਬਣਾਉਣ ਲਈ ਆਪਣੀ ਭੂਮਿਕਾ ਨਿਭਾਉਣ ਤੇ ਵਿਦਿਆਰਥੀਆਂ ਪ੍ਰਤੀ ਸੰਵੇਦਨਸ਼ੀਲ ਤੇ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਰਿਸੋਰਸ ਪਰਸਨ ਹਰਿਸ਼ ਕੁਮਾਰ ਨੇ ਕਰੀਅਰ ਐਡਵਾਈਜ਼ਰ ਐਪ ਰਾਹੀਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਤੇ ਯੋਗਤਾ ਅਨੁਸਾਰ ਯੋਗ ਅਗਵਾਈ ਦੇਣ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਆਰਕੇ ਤੁਲੀ, ਪ੍ਰੋ. ਪ੍ਰਮੋਦ ਗਰੋਵਰ, ਸੋਨੂੰ ਮੰਗੋਤਰਾ, ਸੁਸ਼ਮਾ ਅਤਰੀ ਸਮੇਤ ਵੱਖ-ਵੱਖ ਬਲਾਕਾਂ ਤੋਂ ਆਏ ਅਧਿਆਪਕ ਵੀ ਮੌਜੂਦ ਸਨ।