ਬਸਪਾ ਵੱਲੋਂ ਭਰਤੀ ਪ੍ਰਕਿਰਿਆ ’ਚ ਰਾਖਵੀਂ ਨੀਤੀ ਲਾਗੂ ਕਰਨ ਦੀ ਮੰਗ
ਬਸਪਾ ਨੇ ਦੋਸ਼ ਲਾਇਆ ਕਿ ਇਨ੍ਹਾਂ ਅਹੁਦਿਆਂ ਵਿੱਚ ਅਨੁਸੂਚਿਤ ਜਾਤੀਆਂ ਅਤੇ ਪੱਛੜੇ ਵਰਗਾਂ ਲਈ ਰਾਖਵਾਂ ਕੋਟਾ ਨਿਯਮਾਂ ਅਨੁਸਾਰ ਲਾਗੂ ਨਹੀਂ ਕੀਤਾ ਗਿਆ।
Publish Date: Sat, 04 Jul 2026 04:32 PM (IST)
Updated Date: Sat, 04 Jul 2026 04:48 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰਦਾਸਪੁਰ : ਬਹੁਜਨ ਸਮਾਜ ਪਾਰਟੀ (ਬਸਪਾ) ਗੁਰਦਾਸਪੁਰ ਵੱਲੋਂ ਪੰਜਾਬ ਸਰਕਾਰ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਕੱਢੀਆਂ ਗਈਆਂ ਲਗਭਗ 1000 ਲੈਕਚਰਾਰ ਅਹੁਦਿਆਂ ਦੀ ਭਰਤੀ ਵਿੱਚ ਰਾਖਵੀਂ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਮੰਗ ਉਠਾਈ ਗਈ ਹੈ। ਪਾਰਟੀ ਦੇ ਮੁੱਖ ਲੋਕ ਸਭਾ ਇੰਚਾਰਜ ਜੇਪੀ ਭਗਤ ਦੀ ਅਗਵਾਈ ਵਿੱਚ ਪੰਜਾਬ ਦੇ ਮਾਣਯੋਗ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਮੁੱਖ ਲੋਕ ਸਭਾ ਇੰਚਾਰਜ ਜੇਪੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਭਰਤੀ ਪ੍ਰਕਿਰਿਆ ਵਿੱਚ ਅਨੁਸੂਚਿਤ ਜਾਤੀਆਂ ਅਤੇ ਪੱਛੜੇ ਵਰਗਾਂ ਲਈ ਰਾਖਵੀਂ ਨੀਤੀ ਅਤੇ ਰੋਸਟਰ ਪ੍ਰਣਾਲੀ ਦਾ ਸਹੀ ਢੰਗ ਨਾਲ ਪਾਲਣ ਨਹੀਂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਸੰਵਿਧਾਨ ਵੱਲੋਂ ਪ੍ਰਦੱਤ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਬਸਪਾ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਮੰਗ ਪੱਤਰ ਵਿੱਚ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ, ਇਤਿਹਾਸ, ਰਾਜਨੀਤੀ ਸ਼ਾਸਤਰ, ਗਣਿਤ, ਅਰਥ ਸ਼ਾਸਤਰ, ਕਾਮਰਸ, ਜੀਵ ਵਿਗਿਆਨ, ਰਸਾਇਣ ਵਿਗਿਆਨ, ਭੌਤਿਕ ਵਿਗਿਆਨ ਅਤੇ ਭੂਗੋਲ ਸਮੇਤ ਵੱਖ-ਵੱਖ ਵਿਸ਼ਿਆਂ ਲਈ ਲੈਕਚਰਾਰਾਂ ਦੀ ਭਰਤੀ ਦਾ ਵਿਗਿਆਪਨ ਜਾਰੀ ਕੀਤਾ ਗਿਆ ਹੈ। ਬਸਪਾ ਨੇ ਦੋਸ਼ ਲਾਇਆ ਕਿ ਇਨ੍ਹਾਂ ਅਹੁਦਿਆਂ ਵਿੱਚ ਅਨੁਸੂਚਿਤ ਜਾਤੀਆਂ ਅਤੇ ਪੱਛੜੇ ਵਰਗਾਂ ਲਈ ਰਾਖਵਾਂ ਕੋਟਾ ਨਿਯਮਾਂ ਅਨੁਸਾਰ ਲਾਗੂ ਨਹੀਂ ਕੀਤਾ ਗਿਆ।
ਜੇਪੀ ਭਗਤ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਸਰਕਾਰ ਨੂੰ ਤੁਰੰਤ ਹੁਕਮ ਜਾਰੀ ਕਰ ਕੇ ਭਰਤੀ ਪ੍ਰਕਿਰਿਆ ਵਿੱਚ ਰਾਖਵੀਂ ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇ, ਰੋਸਟਰ ਪ੍ਰਣਾਲੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਨੁਸੂਚਿਤ ਜਾਤੀਆਂ ਤੇ ਪੱਛੜੇ ਵਰਗਾਂ ਦੇ ਉਮੀਦਵਾਰਾਂ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇ। ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਕਾਰਕੁੰਨਾਂ ਨੇ ਜਾਣਕਾਰੀ-ਪੱਤਰ ’ਤੇ ਦਸਤਖ਼ਤ ਕਰ ਕੇ ਮੰਗਾਂ ਦਾ ਸਮਰਥਨ ਕੀਤਾ।