ਨਸ਼ਾ ਤਸਕਰੀ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ ਲਗਾਤਾਰ ਕਾਰਵਾਈ : ਕਟਾਰੂਚੱਕ ਕੈਬਨਿਟ ਮੰਤਰੀ ਕਟਾਰੂਚੱਕ ਨੇ ਪੰਚਾਇਤੀ ਨੁਮਾਇੰਦਿਆਂ ਅਤੇ ਵੀਡੀਸੀ ਮੈਂਬਰਾਂ ਨਾਲ ਕੀਤੀ ਸਮੀਖਿਆ ਮੀਟਿੰਗ
Publish Date: Thu, 17 Sep 2026 03:54 PM (IST)
Updated Date: Thu, 17 Sep 2026 03:56 PM (IST)
ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤੀ ਸਮੀਖਿਆ ਮੀਟਿੰਗ ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਭੋਆ ਵਿੱਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਸਰਪੰਚਾਂ, ਪੰਚਾਂ ਤੇ ਵੀਡੀਸੀ ਮੈਂਬਰਾਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਿੰਡਾਂ ਵਿੱਚ ਨਸ਼ਿਆਂ ਦੀ ਰੋਕਥਾਮ, ਨਸ਼ਾ ਤਸਕਰੀ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਤੇ ਸਰਕਾਰ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਦੱਸੇ ਅੰਕੜਿਆਂ ਅਨੁਸਾਰ ਸੂਬੇ ਵਿੱਚ ਹੁਣ ਤੱਕ ਕਰੀਬ 77 ਹਜ਼ਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਉਨ੍ਹਾਂ ਵਿਅਕਤੀਆਂ ਵਿਰੁੱਧ ਕੀਤੀ ਗਈ ਹੈ ਜੋ ਨਸ਼ਿਆਂ ਦੀ ਵਿਕਰੀ ਤੇ ਤਸਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਕਟਾਰੂਚੱਕ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਰਕਾਰ ਦੀ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਸਰਪੰਚਾਂ, ਪੰਚਾਂ ਤੇ ਵੀਡੀਸੀ ਮੈਂਬਰਾਂ ਨੂੰ ਆਪਣੇ-ਆਪਣੇ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਤੇ ਨੌਜਵਾਨਾਂ ਨੂੰ ਖੇਡਾਂ ਤੇ ਹੋਰ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਲਈ ਯਤਨ ਕਰਨ ਦੀ ਗੱਲ ਕਹੀ। ਇਸ ਮੌਕੇ ਪਵਨ ਕਟਾਰੂਚੱਕ ਚੇਅਰਮੈਨ ਬਲਾਕ ਸੰਮਤੀ ਘਰੋਟਾ, ਚੇਅਰਮੈਨ ਧਰਮਪਾਲ ਬਲਾਕ ਸੰਮਤੀ ਬਮਿਆਲ, ਅੰਕਿਤ ਮਹਿਰਾ ਜ਼ਿਲ੍ਹਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਤਰਸੇਮ ਸਿੰਘ ਸਿਹੋੜਾ ਯੂਥ ਹਲਕਾ ਪ੍ਰਧਾਨ, ਬਲਜਿੰਦਰ ਸਿੰਘ ਬੰਟੀ ਪ੍ਰਧਾਨ ਕਿਸਾਨ ਵਿੰਗ, ਪਰਸ਼ੋਤਮ ਸਰਪੰਚ ਛੋਟਾ ਤਲੂਰ ਹਲਕਾ, ਕੋਆਰਡੀਨੇਟਰ ਡਾਕਟਰ ਨਿਖਿਲ ਕੁਮਾਰ, ਤਰੁਣ ਉਪ ਹਲਕਾ ਕੋਆਰਡੀਨੇਟਰ, ਪਲਵਿੰਦਰ ਸਿੰਘ ਉਪ ਹਲਕਾ ਕੋਆਰਡੀਨੇਟਰ, ਬਲਾਕ ਕੋਆਰਡੀਨੇਟਰ ਹਾਰਦਿਕ, ਜਤਿੰਦਰ, ਸਾਹੁਲ, ਰਕੇਸ਼ ਕੋਟਲੀ, ਰਜਨੀਸ਼, ਕੁਲਵਿੰਦਰ ਸਿੰਘ, ਮਨੀਸ਼ ਗੁਪਤਾ ਸਰਪੰਚ ਬਮਿਆਲ, ਦਵਿੰਦਰ ਸਿੰਘ ਛੋਟੂ ਸਰਪੰਚ ਮੀਰੇ ਚੱਕ ਤੇ ਆਮ ਆਦਮੀ ਪਾਰਟੀ ਦੇ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ।