ਬੇਕਾਬੂ ਕਾਰ ਦੀ ਰੁੱਖ ਨਾਲ ਹੋਈ ਟੱਕਰ, ਡਿਪੂ ਹੋਲਡਰ ਦੀ ਮੌਤ ਪਿੰਡ ਪਸਿਆਲ ਕੋਲ ਬੇਕਾਬੂ ਹੋ ਕੇ ਰੁੱਖ ਨਾਲ ਟਕਰਾਈ ਕਾਰ, ਹਾਦਸੇ ਵਿੱਚ ਡਿਪੂ ਹੋਲਡਰ ਦੀ ਮੌਤ
Publish Date: Sat, 10 Oct 2026 03:25 PM (IST)
Updated Date: Sat, 10 Oct 2026 03:26 PM (IST)
ਸੁਖਦੇਵ ਸਿੰਘ ਖੁਸ਼ੀਪੁਰ, ਪੰਜਾਬੀ ਜਾਗਰਣ ਗੁਰਦਾਸਪੁਰ : ਗੁਰਦਾਸਪੁਰ-ਬਹਿਰਾਮਪੁਰ ਸੜਕ ’ਤੇ ਸਥਿਤ ਪਿੰਡ ਪਸਿਆਲ ਕੋਲ ਸ਼ੁੱਕਰਵਾਰ ਸ਼ਾਮ ਨੂੰ ਗਲਤ ਦਿਸ਼ਾ ਤੋਂ ਆ ਰਿਹਾ ਕਾਰ ਚਾਲਕ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਰੁੱਖ ਨਾਲ ਟਕਰਾ ਗਿਆ। ਜਿਸ ਕਾਰਨ ਚਾਲਕ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਆਸ-ਪਾਸ ਦੇ ਲੋਕਾਂ ਨੇ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਅਚਾਨਕ ਕਾਰ ਨੂੰ ਵੀ ਅੱਗ ਲੱਗ ਗਈ। ਸੂਚਨਾ ਮਿਲਣ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਅੱਗ ਤੇ ਕਾਬੂ ਪਾਇਆ। ਉੱਧਰ ਪੁਲਿਸ ਨੇ ਲਾਸ਼ ਅਤੇ ਵਾਹਨ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਸੰਨੀ ਭਗਤ ਨਿਵਾਸੀ ਬਹਿਰਾਮਪੁਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਸੰਨੀ ਭਗਤ ਕਾਰ ਵਿੱਚ ਸਵਾਰ ਹੋ ਕੇ ਆਪਣੇ ਪਿੰਡ ਵਾਪਸ ਪਰਤ ਰਿਹਾ ਸੀ। ਜਿਵੇਂ ਹੀ ਉਹ ਸ਼ਾਮ ਕਰੀਬ ਸਾਢੇ ਪੰਜ ਵਜੇ ਉਕਤ ਜਗ੍ਹਾ ’ਤੇ ਪਹੁੰਚਿਆ ਤਾਂ ਰਾਂਗ ਸਾਈਡ ’ਤੇ ਹੋਣ ਕਾਰਨ ਉਹ ਆਪਣੀ ਕਾਰ ਤੋਂ ਸੰਤੁਲਨ ਗੁਆ ਬੈਠਾ ਅਤੇ ਸੜਕ ਕਿਨਾਰੇ ਲੱਗੇ ਰੁੱਖ ਨਾਲ ਟਕਰਾ ਗਿਆ। ਜਿਸ ਕਾਰਨ ਗੱਡੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਖ਼ਰਾਬ ਹੋ ਗਿਆ। ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕ ਅਤੇ ਰਾਹਗੀਰ ਇਕੱਠੇ ਹੋ ਗਏ। ਜਿਨ੍ਹਾਂ ਨੇ ਜ਼ਖ਼ਮੀ ਹੋਏ ਨੌਜਵਾਨ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ। ਜਿਸਨੂੰ ਇਲਾਜ ਲਈ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਘਟਨਾ ਦੇ ਥੋੜ੍ਹੀ ਦੇਰ ਬਾਅਦ ਹੀ ਕਾਰ ਨੂੰ ਅੱਗ ਲੱਗ ਗਈ। ਅੱਗ ਲੱਗਦੀ ਦੇਖ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ’ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਕਾਰ ’ਤੇ ਕਾਬੂ ਪਾਇਆ। ਉੱਧਰ ਸੂਚਨਾ ਮਿਲਣ ’ਤੇ ਥਾਣਾ ਬਹਿਰਾਮਪੁਰ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਤੇ ਵਾਹਨ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਮ੍ਰਿਤਕ ਬਹਿਰਾਮਪੁਰ ਵਿੱਚ ਡਿਪੂ ਹੋਲਡਰ ਸੀ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਿਆ ਹੈ।