- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮਦਿਨ ਮੌਕੇ ਸਤਕੋਹਾ ਵਿਖੇ ਸਮਾਗਮ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ: ਸਰਹੱਦੀ ਸਪੋਰਟਸ ਅਤੇ ਵੈੱਲਫੇਅਰ ਕਲੱਬ ਬਟਾਲਾ ਵੱਲੋਂ ਗੁਰੂ ਨਾਨਕ ਹਾਈ ਸਕੂਲ ਸਤਕੋਹਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ, ਉਤਸ਼ਾਹ ਅਤੇ ਦੇਸ਼ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਸੱਭਿਆਚਾਰਕ ਸਮਾਗਮ ਵਿੱਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ, ਲੋਕ ਗੀਤ, ਸੋਲੋ ਡਾਂਸ, ਗਰੁੱਪ ਡਾਂਸ ਅਤੇ ਕੋਰੀਓਗ੍ਰਾਫੀ ਦੀਆਂ ਦਿਲਕਸ਼ ਪੇਸ਼ਕਾਰੀਆਂ ਰਾਹੀਂ ਪੰਜਾਬੀ ਸੱਭਿਆਚਾਰ ਦੇ ਰੰਗਾਂ ਦੇ ਨਾਲ-ਨਾਲ ਦੇਸ਼ ਭਗਤੀ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਸੰਦੇਸ਼ ਵੀ ਪੇਸ਼ ਕੀਤਾ ਗਿਆ। ਸਮਾਗਮ ਵਿੱਚ ਸਰਹੱਦੀ ਸਪੋਰਟਸ ਅਤੇ ਵੈਲਫੇਅਰ ਕਲੱਬ ਬਟਾਲਾ ਦੇ ਚੇਅਰਮੈਨ ਡਾ. ਲਖਬੀਰ ਸਿੰਘ ਬੁੱਟਰ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਕੂਲ ਦੇ ਹੈੱਡ ਮਾਸਟਰ ਗੁਰਮੀਤ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਡਾ. ਬੁੱਟਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ, ਦੇਸ਼ ਪ੍ਰਤੀ ਸਮਰਪਣ ਅਤੇ ਕੁਰਬਾਨੀ ਨੌਜਵਾਨ ਪੀੜ੍ਹੀ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇਗੀ। ਇਸ ਮੌਕੇ ਚੇਅਰਮੈਨ ਡਾ. ਬੁੱਟਰ ਸਮੇਤ ਪ੍ਰਧਾਨ ਤੇਜ ਪ੍ਰਤਾਪ ਸਿੰਘ ਕਾਹਲੋਂ, ਸਕੂਲ ਕਮੇਟੀ ਮੈਂਬਰ ਗੁਰਵਿੰਦਰਪਾਲ ਸਿੰਘ ਵਿੱਕੀ ਅਤੇ ਤਰਲੋਚਨ ਸਿੰਘ ਕਾਹਲੋਂ ਵੱਲੋਂ ਸਮਾਜਿਕ ਖੇਤਰ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਯੂਥ ਕਲੱਬਾਂ, ਸੰਸਥਾਵਾਂ ਦੇ ਅਹੁਦੇਦਾਰਾਂ ਅਤੇ ਸਕੂਲ ਦੇ ਅਧਿਆਪਕਾਂ, ਜਿਨ੍ਹਾਂ ਦਾ ਸ਼ੁੱਭ ਵੈੱਲਫੇਅਰ ਸੁਸਾਇਟੀ ਸ਼ਾਹਬਾਦ ਦੇ ਚੇਅਰਮੈਨ ਹਰਵਿੰਦਰਪਾਲ ਸਿੰਘ, ਪ੍ਰਧਾਨ ਮਨਪ੍ਰੀਤ ਸਿੰਘ ਕਾਹਲੋਂ, ਜਸਬੀਰ ਸਿੰਘ, ਜਗਦੀਪ ਸਿੰਘ, ਗੁਰਮੁਖ ਸਿੰਘ ਬਹਾਦਰਪੁਰ, ਸ਼ਤਰਪਾਲ ਸਿੰਘ ਪੰਡੋਰੀ ਬੈਂਸਾਂ, ਅਰਵਿੰਦਰ ਸਿੰਘ ਪੱਡਾ, ਹੈੱਡਮਾਸਟਰ ਗੁਰਮੀਤ ਸਿੰਘ ਅਤੇ ਅਧਿਆਪਕ ਹਰਪਾਲ ਸਿੰਘ, ਵਿਪਨ, ਰੋਮਿਕਾ, ਪਲਵਿੰਦਰ ਕੌਰ ਤੇ ਮਨਵੀਨ ਕੌਰ ਆਦਿ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਪਰੋਕਤ ਬੁਲਾਰਿਆਂ ਨੇ ਸ਼ਹੀਦ ਭਗਤ ਸਿੰਘ ਦੀ ਜੀਵਨੀ ਅਤੇ ਉਨ੍ਹਾਂ ਦੇ ਵਿਚਾਰਾਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੀ ਸੋਚ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਵੀ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ, ਸਮਾਜਿਕ ਕੁਰੀਤੀਆਂ ਅਤੇ ਹੋਰ ਬੁਰਾਈਆਂ ਵਿਰੁੱਧ ਜਾਗਰੂਕ ਹੋ ਕੇ ਸਮਾਜ ਦੀ ਬਿਹਤਰੀ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਰਘਬੀਰ ਸਿੰਘ ਕਾਹਲੋਂ, ਗੁਰਮੇਜ ਸਿੰਘ ਕਾਹਲੋਂ, ਸਾਬਕਾ ਸਰਪੰਚ ਰਸ਼ਪਾਲ ਸਿੰਘ, ਕਸ਼ਮੀਰ ਸਿੰਘ, ਤਾਜ ਮਸੀਹ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ, ਸਮਾਜ ਸੇਵੀ, ਅਧਿਆਪਕ, ਵਿਦਿਆਰਥੀ ਅਤੇ ਇਲਾਕਾ ਵਾਸੀ ਹਾਜ਼ਰ ਸਨ।ਅੰਤ ਵਿੱਚ ਕਲੱਬ ਦੇ ਪ੍ਰਧਾਨ ਤੇਜ ਪ੍ਰਤਾਪ ਸਿੰਘ ਕਾਹਲੋਂ ਨੇ ਸਮਾਗਮ ਵਿੱਚ ਪਹੁੰਚੀਆਂ ਸਾਰੀਆਂ ਸ਼ਖ਼ਸੀਅਤਾਂ, ਸਕੂਲ ਪ੍ਰਬੰਧਕਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।