ਕੇਂਦਰ ਸਰਕਾਰ ਜਥੇਦਾਰ ਹਵਾਰਾ ਨੂੰ ਆਪਣੀ ਬਜ਼ੁਰਗ ਮਾਂ ਨੂੰ ਮਿਲਣ ਲਈ ਪੈਰੋਲ ਦੇਵੇ : ਗੁਰਿੰਦਰ ਬਾਜਵਾ ਕੇਂਦਰ ਸਰਕਾਰ ਜਥੇਦਾਰ ਹਵਾਰਾ ਨੂੰ ਆਪਣੀ ਬਜ਼ੁਰਗ ਮਾਂ ਨੂੰ ਮਿਲਣ ਲਈ ਪੈਰੋਲ ਦੇਵੇੇ : ਗੁਰਿੰਦਰ ਬਾਜਵਾ
Publish Date: Sat, 12 Sep 2026 04:47 PM (IST)
Updated Date: Sat, 12 Sep 2026 04:50 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਬੰਦੀ ਸਿੰਘ ਜਥੇਦਾਰ ਜਗਤਾਰ ਸਿੰਘ ਹਵਾਰਾ ਜੋ ਲੰਮੇ ਸਮੇਂ ਤੋਂ ਤਿਹਾੜ ਜੇਲ ’ਚ ਬੰਦ ਹਨ, ਜਿੰਨ੍ਹਾਂ ਦੇ ਬਜ਼ੁਰਗ ਮਾਤਾ ਜੀ, ਜੋ ਉਹਨਾਂ ਨੂੰ ਮਿਲਣ ਲਈ ਅਮਰੀਕਾ ਤੋਂ ਭਾਰਤ ਆਏ ਅਤੇ ਉਹ ਪਿਛਲੇ ਕਾਫੀ ਸਮੇਂ ਤੋ ਬਿਮਾਰ ਚਲ ਰਹੇ ਹਨ। ਮਾਤਾ ਜੀ ਜ਼ਿੰਦਗੀ ਦੇ ਅਖੀਰਲੇ ਦੌਰ ’ਚੋਂ ਲੰਘ ਰਹੇ ਹਨ। ਇਸ ਲਈ ਕੇਂਦਰ ਸਰਕਾਰ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ ਦੇਵੇ ਤਾਂ ਜੋ ਉਹ ਆਪਣੀ ਬਿਮਾਰ ਬਜ਼ੁਰਗ ਮਾਤਾ ਨੂੰ ਮਿਲ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਅਤੇ ਕੌਮੀ ਇਨਸਾਫ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਜਵਾ ਨੇ ਪਿੰਡ ਹਵਾਰਾ ਵਿਖੇ ਮਾਤਾ ਜੀ ਦਾ ਹਾਲ ਜਾਨਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਆਖਿਆ ਕਿ ਪਿਛਲੇ 31 ਸਾਲਾ ਤੋਂ ਜੇਲ ਵਿੱਚ ਬੰਦ ਜਥੇਦਾਰ ਹਵਾਰਾ ਨੇ ਕਦੇ ਪੈਰੋਲ ਨਹੀਂ ਲਈ। ਬਾਜਵਾ ਨੇ ਅੱਗੇ ਆਖਿਆ ਕਿ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਆਪਣਾ ਵਾਅਦਾ ਪੂਰਾ ਕਰੇ, ਜਿਹੜਾ ਉਨ੍ਹਾਂ ਨੇ 28 ਸਤੰਬਰ 2019 ਨੂੰ ਗੁਰੂ ਨਾਨਕ ਸਾਹਿਬ ਦੇ 550ਵੇਂ ਸ਼ਤਾਬਦੀ ਮੌਕੇ ਕੀਤਾ ਸੀ। ਉਸ ਮੋਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਖਿਆ ਸੀ ਕਿ ਦੇਸ਼ ਦੀਆ ਵੱਖ ਵੱਖ ਜੇਲ੍ਹਾ ਵਿੱਚ ਬੰਦ 8 ਬੰਦੀ ਸਿੰਘਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਇਸ ਸਬੰਧੀ ਨੋਟੀਫਿਕੇਸਨ ਵੀ ਜਾਰੀ ਕੀਤਾ ਗਿਆ, ਪਰ 7 ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਬੰਦੀ ਸਿੰਘਾਂ ਨੂੰ ਰਿਹਾਅ ਨਹੀ ਕੀਤਾ ਗਿਆ ਅਤੇ ਨਾ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਿਆ ਗਿਆ ਹੈ, ਜੋਕਿ ਬਹੁਤ ਮੰਦਭਾਗੀ ਗੱਲ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਵਾਅਦੇ ਮੁਤਾਬਕ ਤੁਰੰਤ ਬੰਦੀ ਸਿੰਘਾਂ ਦੀ ਰਿਹਾਈ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣੀ ਚਾਹੀਦੀ ਹੈ ਤਾਂ ਜੋ ਉਹ ਜਿੰਦਗੀ ਦੇ ਅਖੀਰਲੇ ਪੜਾਅ ਵਿੱਚ ਆਪਣੀ ਬਿਮਾਰ ਮਾਂ ਨੂੰ ਮਿਲ ਸਕਣ।ਇਸ ਮੌਕੇ ਕੌਮੀ ਇਨਸਾਫ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ, ਸਰਪ੍ਰਸਤ ਬਾਪੂ ਗੁਰਚਰਨ ਸਿੰਘ ਅਤੇ ਭਾਈ ਇੰਦਰਬੀਰ ਸਿੰਘ ਪਟਿਆਲਾ ਹਾਜ਼ਰ ਸਨ ।