- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਭੁੰਬਲੀ ਦਾ ਛਿੰਝ ਮੇਲਾ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਖੇਡ ਵਿਰਸੇ ਦੀ ਸ਼ਾਨਦਾਰ ਮਿਸਾਲ: ਡਿਪਟੀ ਸਪੀਕਰ ਜੈ ਕਿਸ਼ਨ ਰੋੜੀ

-----ਡਿਪਟੀ ਸਪੀਕਰ ਵੱਲੋਂ ਮੇਲਾ ਪ੍ਰਬੰਧਕੀ ਕਮੇਟੀ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੇਣ ਦਾ ਐਲਾਨ
ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।
ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਪਿੰਡ ਭੁੰਬਲੀ ਵਿਖੇ ਕਰਵਾਏ ਗਏ ਧੰਨ-ਧੰਨ ਬਾਬਾ ਚੱਠਾ ਜੀ ਮੇਲਾ ਛਿੰਝ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਮੇਲੇ ਦੀ ਪ੍ਰਬੰਧਕੀ ਕਮੇਟੀ ਵੱਲੋਂ ਪੰਜਾਬੀ ਸੱਭਿਆਚਾਰ, ਖੇਡਾਂ ਅਤੇ ਕੁਸ਼ਤੀ ਦੀ ਰਵਾਇਤ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਰਮਨ ਬਹਿਲ ਦੀ ਸਿਫਾਰਸ਼ ’ਤੇ ਆਪਣੇ ਅਖਤਿਆਰੀ ਫੰਡ ਵਿੱਚੋਂ 5 ਲੱਖ ਰੁਪਏ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਅਤੇ ਸੂਬਾ ਉਪ ਪ੍ਰਧਾਨ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਜਗਰੂਪ ਸਿੰਘ ਸੇਖਵਾਂ ਨੇ ਮੇਲੇ ਵਿੱਚ ਵਿਸ਼ੇਸ਼ ਤੌਰ'ਤੇ ਸ਼ਿਰਕਤ ਕੀਤੀ।
ਜੈ ਕਿਸ਼ਨ ਰੋੜੀ ਨੇ ਕਿਹਾ ਕਿ ਪਿੰਡ ਭੁੰਬਲੀ ਵਿਖੇ ਲੱਗਣ ਵਾਲਾ ਛਿੰਝ ਮੇਲਾ ਸਿਰਫ਼ ਗੁਰਦਾਸਪੁਰ ਜਾਂ ਮਾਝੇ ਤੱਕ ਹੀ ਸੀਮਤ ਨਹੀਂ, ਸਗੋਂ ਇਹ ਪੂਰੇ ਪੰਜਾਬ ਵਿੱਚ ਆਪਣੀ ਵਿਲੱਖਣ ਪਛਾਣ ਰੱਖਦਾ ਹੈ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸੱਭਿਆਚਾਰਕ ਪ੍ਰੋਗਰਾਮਾਂ ਦੇ ਨਾਲ-ਨਾਲ ਕਬੱਡੀ ਅਤੇ ਖਾਸ ਕਰਕੇ ਕੁਸ਼ਤੀ ਦੇ ਮੁਕਾਬਲੇ ਕਰਵਾਏ ਜਾਣਾ ਪੰਜਾਬ ਦੀ ਖੇਡ ਪਰੰਪਰਾ ਨੂੰ ਮਜ਼ਬੂਤ ਕਰਨ ਦਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਆਪਣੇ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਸੂਬਾ ਉਪ ਪ੍ਰਧਾਨ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 3100 ਖੇਡ ਸਟੇਡੀਅਮ ਬਣਾਉਣ ਦਾ ਕੰਮ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ ਸੈਂਕੜੇ ਸਟੇਡੀਅਮ ਤਿਆਰ ਹੋ ਚੁੱਕੇ ਹਨ, ਜਦਕਿ ਬਾਕੀ ਵੀ ਆਉਣ ਵਾਲੇ ਸਮੇਂ ਵਿੱਚ ਤਿਆਰ ਹੋ ਜਾਣਗੇ।
ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਪਿੰਡ ਭੁੰਬਲੀ ਵਿਖੇ ਹਰ ਸਾਲ ਲੱਗਣ ਵਾਲਾ ਛਿੰਝ ਮੇਲਾ ਬਹੁਤ ਪੁਰਾਣੀ ਅਤੇ ਮਾਣਮੱਤੀ ਪਰੰਪਰਾ ਦਾ ਹਿੱਸਾ ਹੈ। ਇਸ ਮੇਲੇ ਰਾਹੀਂ ਜਿੱਥੇ ਪੰਜਾਬੀ ਸੱਭਿਆਚਾਰ ਅਤੇ ਲੋਕ ਵਿਰਸੇ ਨੂੰ ਗੀਤ-ਸੰਗੀਤ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾਂਦਾ ਹੈ, ਉੱਥੇ ਹੀ ਖੇਡਾਂ ਅਤੇ ਖਿਡਾਰੀਆਂ ਨੂੰ ਵੀ ਵੱਡਾ ਮੰਚ ਪ੍ਰਦਾਨ ਕੀਤਾ ਜਾਂਦਾ ਹੈ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਰਾਣਾ, ਚੇਅਰਮੈਨ ਲਖਵਿੰਦਰ ਸਿੰਘ ਬੱਬਰੀ ਨੰਗਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ੍ਰੀਮਤੀ ਜਤਿੰਦਰ ਕੌਰ, ਟਰੱਸਟੀ ਜਗਜੀਤ ਸਿੰਘ ਪਿੰਟਾ, ਅਜੇ ਬਹਿਲ, ਸਰਪੰਚ ਟਿੰਕੂ ਸ਼ੇਰਗਿੱਲ ਪਿੰਡ ਬੱਬਰੀ, ਮੇਲਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਲਖਵਿੰਦਰ ਸਿੰਘ, ਸੁੱਖਵਿੰਦਰ ਸਿੰਘ, ਹਰਪਾਲ ਸਿੰਘ, ਪ੍ਰਤਾਪ ਸਿੰਘ, ਮਨਜੀਤ ਸਿੰਘ, ਯੋਧਵੀਰ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਗਾਇਕ ਹਰਪ੍ਰੀਤ ਢਿੱਲੋਂ, ਗਾਇਕਾ ਸਿਮ ਕੌਰ ਹਾਜ਼ਰ ਸਨ।