ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹੇ ਭਰ ’ਚ ਬੱਚਿਆਂ ਨੂੰ ਲਾਏ ਟੀਕੇ ਵਿਸ਼ੇਸ਼ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਬੱਚਿਆਂ ਨੂੰ ਲਗਾਏ ਟੀਕੇ
Publish Date: Tue, 17 Nov 2026 04:52 PM (IST)
Updated Date: Tue, 17 Nov 2026 04:54 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ : ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਤੇ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ੇਸ਼ ਟੀਕਾਕਰਨ ਮੁਹਿੰਮ ਦੌਰਾਨ ਜ਼ਿਲ੍ਹੇ ਵਿੱਚ ਟੀਕਾਕਰਨ ਕੈਂਪ ਲਗਾਏ ਗਏ। ਇਸ ਸਬੰਧੀ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਨੇ ਦੱਸਿਆ ਕਿ ਬੱਚਿਆਂ ਨੂੰ ਘਾਤਕ ਬੀਮਾਰੀਆਂ ਤੋਂ ਸੁਰੱਖਿਅਤ ਰੱਖਣ ਦੇ ਮਨੋਰਥ ਨਾਲ ਸਿਹਤ ਵਿਭਾਗ ਲਗਾਤਾਰ ਯਤਨਸ਼ੀਲ ਹੈ ਅਤੇ ਇਸੇ ਮੱਦੇਨਜ਼ਰ 17 ਤੋਂ 20 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਮੁਹਿੰਮ ਜਾਰੀ ਹੈ। ਪੂਰੇ ਜ਼ਿਲ੍ਹੇ ਵਿੱਚ ਵਿਸ਼ੇਸ਼ ਟੀਕਾਕਰਨ ਮੁਹਿੰਮ ਦੌਰਾਨ ਟੀਕਾਕਰਨ ਕੈਂਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਬੱਚੇ ਨਿਯਮਤ ਟੀਕਾਕਰਨ ਦੌਰਾਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਬੱਚਿਆਂ ਤੱਕ ਪਹੁੰਚ ਯਕੀਨੀ ਬਣਾਉਣ ਲਈ ਇਹ ਵਿਸ਼ੇਸ਼ ਮੁਹਿੰਮ ਉਲੀਕੀ ਗਈ ਹੈ। ਸਰਕਾਰੀ ਟੀਕਾਕਰਨ ਸਾਰਣੀ ਅਨੁਸਾਰ ਬੱਚਿਆਂ ਦਾ ਸੰਪੂਰਨ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ-ਘਰ ਜਾ ਕੇ ਯੋਗ ਬੱਚਿਆਂ ਦੀਆਂ ਸੂਚੀਆਂ ਤਿਆਰ ਕੀਤੀਆਂ ਹਨ। ਵਿਸ਼ੇਸ਼ ਤੌਰ ਤੇ ਉੱਚ ਜੋਖਮ ਵਾਲੇ ਖੇਤਰਾਂ ਜਿਵੇਂ ਕਿ ਸਰਹੱਦੀ ਪਿੰਡ, ਪ੍ਰਵਾਸੀ ਮਜ਼ਦੂਰਾਂ ਦੀਆਂ ਬਸਤੀਆਂ, ਇੱਟਾਂ ਦੇ ਭੱਠੇ, ਉਸਾਰੀ ਅਧੀਨ ਥਾਵਾਂ ਅਤੇ ਸ਼ਹਿਰੀ ਸਲੱਮ ਏਰੀਆ ਤੇ ਵੱਧ ਫੋਕਸ ਰੱਖਿਆ ਜਾ ਰਿਹਾ ਹੈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਭਾਵਨਾ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਹਿੱਸਾ ਲੈਂਦੇ ਹੋਏ ਆਪਣੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਵਾਉਣ।