16 ਤੋਂ 30 ਨਵੰਬਰ ਤੱਕ ਨਾਗਰਿਕ ਕਰ ਸਕਣਗੇ ਸਵੈ-ਗਣਨਾ 16 ਤੋਂ 30 ਨਵੰਬਰ ਤੱਕ ਨਾਗਰਿਕ ਸਵੈ ਗਣਨਾ ਕਰ ਸਕਣਗੇ - ਡਿਪਟੀ ਕਮਿਸ਼ਨਰ
Publish Date: Sat, 14 Nov 2026 04:42 PM (IST)
Updated Date: Sun, 15 Nov 2026 04:01 AM (IST)
ਨਰੇਸ਼ ਕਾਲੀਆ, ਪੰਜਾਬੀ ਜਾਗਰਣ, ਗੁਰਦਾਸਪੁਰ : ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਜ਼ਿਲ੍ਹੇ ਵਿੱਚ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 16 ਨਵੰਬਰ ਤੋਂ 30 ਨਵੰਬਰ 2026 ਤੱਕ ਸਵੈ-ਗਣਨਾ ਕੀਤੀ ਜਾ ਸਕੇਗੀ, ਜਦਕਿ ਮੁੱਖ ਪੜਾਅ ਤਹਿਤ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਨੇ ਸਮੂਹ ਨਾਗਰਿਕਾਂ ਨੂੰ ਇਸ ਕੌਮੀ ਕਾਰਜ ਵਿੱਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਦਾ ਮੁੱਖ ਉਦੇਸ਼ ਦੇਸ਼ ਦੀ ਅਬਾਦੀ, ਪਰਿਵਾਰਾਂ ਅਤੇ ਸਮਾਜਿਕ-ਆਰਥਿਕ ਸਥਿਤੀ ਸੰਬਧੀ ਸਹੀ ਭਰੋਸੇਯੋਗ ਅੰਕੜੇ ਇਕੱਠੇ ਕਰਨਾ ਹੈ। ਇਸ ਸਬੰਧੀ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਗਣਨਾ ਦੇ ਇਸ ਮਹੱਤਵਪੂਰਨ ਕਾਰਜ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਅਤੇ ਗਣਨਾਕਾਰਾਂ ਵੱਲੋਂ ਪੁੱਛੀ ਗਈ ਜਾਣਕਾਰੀ ਸਹੀ ਅਤੇ ਮੁਕੰਮਲ ਮੁਹੱਈਆ ਕਰਵਾਉਣ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ 16 ਨਵੰਬਰ ਤੋਂ ਮਿਤੀ 30 ਨਵੰਬਰ 2026 ਤੱਕ ਕੀਤੀ ਜਾ ਸਕੇਗੀ। ਇਸ ਰਾਹੀਂ ਨਾਗਰਿਕ ਨਿਰਧਾਰਤ ਸਮੇਂ ਦੌਰਾਨ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਦਰਜ ਕਰ ਸਕਣਗੇ। ਇਸ ਨਾਲ ਜਨਗਣਨਾ ਪ੍ਰਕਿਰਿਆ ਵਿੱਚ ਲੋਕਾਂ ਦੀ ਭਾਗੀਦਾਰੀ ਵਧੇਗੀ ਅਤੇ ਡਿਜੀਟਲ ਸਹੂਲਤਾਂ ਨੂੰ ਵੀ ਉਤਸ਼ਾਹ ਮਿਲੇਗਾ। ਉਹਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਜਨਗਣਨਾ ਟੀਮਾਂ ਨੂੰ ਪੂਰਾ ਸਹਿਯੋਗ ਦੇਣ। ਲੋਕਾਂ ਵੱਲੋਂ ਦਿੱਤੀ ਗਈ ਸਹੀ ਜਾਣਕਾਰੀ ਭਵਿੱਖ ਵਿੱਚ ਯੋਜਨਾਵਾਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਬਣਾਉਣ ’ਚ ਅਹਿਮ ਯੋਗਦਾਨ ਪਾਵੇਗੀ।