- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਤੀਬਾੜੀ ਅਧਿਕਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਪ੍ਰਿਪੰਸੀਪਲ ਕੁਲਵੰਤ ਸਿੰਘ ਤੇ ਹੋਰ।

ਤਾਰਿਕ ਅਹਿਮਦ, ਪੰਜਾਬੀ ਜਾਗਰਣ
ਕਾਦੀਆਂ: ਸਰਕਾਰੀ ਆਈਟੀਆਈ ਕਾਦੀਆਂ ਵਿਖੇ ਅੱਜ ਖੇਤੀਬਾੜੀ ਵਿਭਾਗ ਕਾਦੀਆਂ ਵੱਲੋਂ ਸੀਆਰਐੱਮ ਸਕੀਮ ਅਧੀਨ ਪਰਾਲੀ ਪ੍ਰਬੰਧਨ ਅਤੇ ਇਸ ਦੇ ਨੁਕਸਾਨਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਆਈਟੀਆਈ ਦੇ ਪ੍ਰਿੰਸੀਪਲ ਅਤੇ ਖੇਤੀਬਾੜੀ ਵਿਭਾਗ ਤੋਂ ਡਾਕਟਰ ਜੋਬਨਪ੍ਰੀਤ ਸਿੰਘ ਖਹਿਰਾ ਏਡੀਓ ਦੀ ਯੋਗ ਅਗਵਾਈ ਹੇਠ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ। ਇਸ ਪ੍ਰੋਗਰਾਮ ਦੌਰਾਨ ਸੰਸਥਾ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਰਾਹੀਂ ਲੋਕਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਅਤੇ ਸਿਹਤ 'ਤੇ ਪੈਣ ਵਾਲੇ ਭਿਆਨਕ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਭ ਨੂੰ ਮਿਲ ਕੇ ਹੰਭਲਾ ਮਾਰਨ ਦੀ ਅਪੀਲ ਕੀਤੀ।ਜਾਗਰੂਕਤਾ ਕੈਂਪ ਦੌਰਾਨ ਖੇਤੀਬਾੜੀ ਅਫ਼ਸਰ ਡਾ. ਸ਼ੁਭਮਦੀਪ ਸਿੰਘ ਨੇ ਹਾਜ਼ਰ ਲੋਕਾਂ ਅਤੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਆਧੁਨਿਕ ਖੇਤੀ ਮਸ਼ੀਨਾਂ ਅਤੇ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦੇ ਯੋਗ ਨਿਪਟਾਰੇ ਦੀ ਸਲਾਹ ਦਿੱਤੀ। ਇਸ ਮੌਕੇ ਸਰਕਾਰੀ ਆਈਟੀਆਈ ਕਾਦੀਆਂ ਦੇ ਪ੍ਰਿੰਸੀਪਲ ਕੁਲਵੰਤ ਸਿੰਘ ਨੇ ਆਏ ਮਹਿਮਾਨਾਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਸਨਮਾਨਤ ਕੀਤਾ। ਅੰਤ ਵਿੱਚ ਵਿਦਿਆਰਥੀਆਂ ਅਤੇ ਹਾਜ਼ਰ ਲੋਕਾਂ ਨੇ "ਨਾ ਅਸੀਂ ਆਪ ਪਰਾਲੀ ਨੂੰ ਅੱਗ ਲਗਾਵਾਂਗੇ ਅਤੇ ਨਾ ਹੀ ਕਿਸੇ ਹੋਰ ਨੂੰ ਸਾੜਨ ਦਿਆਂਗੇ" ਦਾ ਪ੍ਰਣ ਲਿਆ। ਇਸ ਮੌਕੇ ਖੇਤੀਬਾੜੀ ਅਧਿਕਾਰੀਆਂ ਤੋਂ ਇਲਾਵਾ ਆਈਟੀਆਈ ਦਾ ਸਮੂਹ ਸਟਾਫ ਤੇ ਵਿਦਿਆਰਥੀ ਮੌਜੂਦ ਸਨ।