- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਝੋਨੇ ਦੀ ਖਰੀਦ ਬੰਦ ਹੋਣ ਅਤੇ 20 ਦਿਨਾਂ ਤੋਂ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀ ਅਤੇ ਕਿਸਾਨ ਪਰੇਸ਼ਾਨ

ਸੁਖਦੇਵ ਸਿੰਘ ਖੁਸ਼ੀਪੁਰ, ਪੰਜਾਬੀ ਜਾਗਰਣ, ਦੋਰਾਂਗਲਾ : ਮੰਡੀ ਖੁੱਥੀ ਗਾਹਲ੍ਹੜੀ ਵਿੱਚ ਸਰਕਾਰੀ ਝੋਨੇ ਦੀ ਖਰੀਦ ਬੰਦ ਹੋਣ ਅਤੇ ਪਿਛਲੇ ਕਰੀਬ 20 ਦਿਨਾਂ ਤੋਂ ਖਰੀਦੇ ਗਏ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਦੇ ਹੱਲ ਲਈ ਮੰਡੀ ਨਾਲ ਸਬੰਧਤ ਆੜ੍ਹਤੀਆਂ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਦੇ ਕੇ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ। ਮੰਗ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਮੰਡੀ ਵਿੱਚ ਝੋਨੇ ਦੀ ਖਰੀਦ ਸਬੰਧੀ ਲਿਫਟਿੰਗ ਦੀ ਸਮੱਸਿਆ ਲੰਬੇ ਸਮੇਂ ਤੋਂ ਬਣੀ ਹੋਈ ਹੈ। ਪੱਤਰ ਅਨੁਸਾਰ 27 ਅਕਤੂਬਰ 2026 ਤੋਂ ਮੰਡੀ ਵਿੱਚ ਖਰੀਦ ਸਬੰਧੀ ਕੰਮ ਪ੍ਰਭਾਵਿਤ ਹੋਇਆ ਹੈ ਅਤੇ ਇਸ ਤੋਂ ਬਾਅਦ ਮੰਡੀ ਵਿੱਚ ਲਿਫਟਿੰਗ ਦੀ ਸਮੱਸਿਆ ਹੋਰ ਗੰਭੀਰ ਹੋ ਗਈ ਹੈ। ਮੰਡੀ ਵਿੱਚ ਤਿੰਨ ਫ਼ਰਮਾਂ ਦੇ ਆਰਓ ਕੱਟੇ ਜਾਣ ਕਾਰਨ ਵੀ ਖਰੀਦ ਅਤੇ ਲਿਫਟਿੰਗ ਦੇ ਕੰਮ ਉੱਤੇ ਅਸਰ ਪੈਣ ਦੀ ਗੱਲ ਕਹੀ ਗਈ ਹੈ। ਆੜ੍ਹਤੀਆਂ ਨੇ ਕਿਹਾ ਕਿ ਕਿਸਾਨ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਲਿਆ ਰਹੇ ਹਨ, ਪਰ ਸਮੇਂ ਸਿਰ ਲਿਫਟਿੰਗ ਨਾ ਹੋਣ ਕਾਰਨ ਮੰਡੀ ਵਿੱਚ ਝੋਨੇ ਦੇ ਢੇਰ ਲੱਗ ਰਹੇ ਹਨ। ਇਸ ਨਾਲ ਨਵੀਂ ਫ਼ਸਲ ਲਿਆਉਣ ਵਾਲੇ ਕਿਸਾਨਾਂ ਨੂੰ ਵੀ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਮੰਡੀ ਵਿੱਚ ਸਰਕਾਰੀ ਖਰੀਦ ਅਤੇ ਲਿਫਟਿੰਗ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ ਜਾਵੇ ਤਾਂ ਜੋ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਰਾਹਤ ਮਿਲ ਸਕੇ। ਮੰਗ ਪੱਤਰ ਰਾਹੀਂ ਪ੍ਰਸ਼ਾਸਨ ਨੂੰ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਇਸ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਆੜ੍ਹਤੀਆਂ ਵੱਲੋਂ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮਾਮਲੇ ਵਿੱਚ ਨਿੱਜੀ ਦਖ਼ਲ ਦੇ ਕੇ ਮੰਡੀ ਦੀ ਖਰੀਦ ਅਤੇ ਲਿਫਟਿੰਗ ਵਿਵਸਥਾ ਨੂੰ ਸੁਚਾਰੂ ਬਣਾਉਣ ਦੀ ਮੰਗ ਕੀਤੀ ਹੈ।