ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਨਿਪਟਾਰਾ : ਐੱਸਐੱਸਪੀ
ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਨਿਪਟਾਰਾ : ਐੱਸਐੱਸਪੀ ਡਾ. ਸਿੰਘ
Publish Date: Fri, 13 Nov 2026 06:23 PM (IST)
Updated Date: Sat, 14 Nov 2026 04:04 AM (IST)
ਫੋਟੋ: 13ਬੀਟੀਐਲ16 ਐੱਸਐੱਸਪੀ ਡਾ਼ ਸਿੰਘ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ। ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਆਪਣੇ ਦਫ਼ਤਰ ਵਿਖੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਹੱਲ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦਾ ਮੁੱਖ ਮਕਸਦ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਮੇਂ ਸਿਰ ਇਨਸਾਫ਼ ਦਿਵਾਉਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਥਾਣਿਆਂ ’ਚ ਆਪਣੀਆਂ ਸ਼ਿਕਾਇਤਾਂ ਲੈ ਕੇ ਆਉਣ ਵਾਲੇ ਹਰ ਵਿਅਕਤੀ ਦੀ ਗੱਲ ਪੂਰੀ ਗੰਭੀਰਤਾ ਨਾਲ ਸੁਣੀ ਜਾਣੀ ਚਾਹੀਦੀ ਹੈ ਅਤੇ ਉਸਦੀ ਸਮੱਸਿਆ ਦਾ ਢੁੱਕਵਾਂ ਹੱਲ ਕੀਤਾ ਜਾਣਾ ਚਾਹੀਦਾ ਹੈ। ਡਾ. ਸਿੰਘ ਨੇ ਬਟਾਲਾ ਪੁਲਿਸ ਜ਼ਿਲ੍ਹੇ ਅਧੀਨ ਆਉਂਦੇ ਸਮੂਹ ਥਾਣਿਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਲੰਬਿਤ ਰੱਖਣ ਦੀ ਬਜਾਏ ਪਹਿਲ ਦੇ ਆਧਾਰ ’ਤੇ ਨਿਪਟਾਇਆ ਜਾਵੇ। ਕਿਸੇ ਵੀ ਵਿਅਕਤੀ ਨੂੰ ਇਨਸਾਫ਼ ਪ੍ਰਾਪਤ ਕਰਨ ਲਈ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।