ਆਸ਼ਾ ਵਰਕਰਾਂ ਨੇ ਰਾਸ਼ਨ ਕਾਰਡ ਵੈਰੀਫਿਕੇਸ਼ਨ ਦਾ ਕੀਤਾ ਮੁਕੰਮਲ ਬਾਈਕਾਟ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਵੱਲੋਂ ਰਾਸ਼ਨ ਕਾਰਡ ਵੈਰੀਫਿਕੇਸ਼ਨ ਦਾ ਮੁਕੰਮਲ ਬਾਈਕਾਟ : ਪ੍ਰਧਾਨ ਅਲੀਸ਼ੇਰ
Publish Date: Wed, 23 Sep 2026 04:37 PM (IST)
Updated Date: Wed, 23 Sep 2026 04:39 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ: ਡੈਮੋਕਰੇਟਿਕ ਆਸ਼ਾ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ ਅਲੀਸ਼ੇਰ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਜ਼ ਦੀ ਭਰਵੀਂ ਇਕੱਤਰਤਾ ਹੋਈ। ਇਸ ਮੌਕੇ ਤੇ ਬਲਾਕ ਕਲਾਨੌਰ ਅਤੇ ਬਲਾਕ ਡੇਰਾ ਬਾਬਾ ਨਾਨਕ ਨਾਲ ਸਬੰਧਿਤ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਸਮੇਤ ਡੈਮੋਕਰੇਟਿਕ ਆਸ਼ਾ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ ਅਲੀਸ਼ੇਰ ਵੱਲੋਂ ਰਾਸ਼ਨ ਕਾਰਡ ਵੈਰੀਫਿਕੇਸ਼ਨ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕਰਦਿਆਂ ਹੋਇਆ ਕਿਹਾ ਕਿ ਸਰਕਾਰ ਦੇ ਆਦੇਸ਼ਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀ ਡਿਊਟੀ ਘਰ-ਘਰ ਜਾ ਕੇ ਰਾਸ਼ਨ ਕਾਰਡ ਦੀ ਵੈਰੀਫਿਕੇਸ਼ਨ ਸਬੰਧੀ ਲਗਾਈ ਗਈ ਹੈ ਜੋ ਵਿਭਾਗੀ ਨਿਯਮਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਉਹ ਮਾਣ-ਭੱਤਾ ਵਰਕਰਜ਼ ਹਨ ਅਤੇ ਕੇਂਦਰੀ ਸਿਹਤ ਸਕੀਮ ਤਹਿਤ ਸਾਡੀ ਨਿਯੁਕਤੀ ਹੋਈ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸਿਹਤ ਸੇਵਾਵਾਂ ਅਤੇ ਹੋਰ ਰੋਜ਼ਮਰ੍ਹਾ ਦੀਆਂ ਸਿਹਤ ਸੇਵਾਵਾਂ ਦੇਣ ਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਮਾਣ ਭੱਤਾ ਮਿਲਦਾ ਹੈ। ਇਸ ਲਈ ਰਾਸ਼ਨ ਕਾਰਡ ਦੀ ਵੈਰੀਫਿਕੇਸ਼ਨ ਕਰਨਾ ਸਾਡੀ ਡਿਊਟੀ ਦਾ ਹਿੱਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖਾਹਾਂ ਵੀ ਨਹੀਂ ਮਿਲੀਆਂ ਇਸ ਕਰਕੇ ਉਨ੍ਹਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਡੈਮੋਕਰੇਟਿਕ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਯੂਨੀਅਨ ਵੱਲੋਂ ਰਾਸ਼ਨ ਵੈਰੀਫਿਕੇਸ਼ਨ ਕੰਮ ਦਾ ਮੁਕੰਮਲ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਤੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਨੂੰ ਜੋ ਘਰ ਘਰ 10 ਲੱਖ ਸਿਹਤ ਬੀਮਾ ਯੋਜਨਾ ਦੇ ਕਾਰਡ ਦੇਣ ਲਈ ਮਾਮੂਲੀ ਰਾਸ਼ੀ ਦਿੱਤੀ ਜਾ ਰਹੀ ਹੈ ਉਸ ਵਿੱਚ ਵੀ ਵਾਧਾ ਕੀਤਾ ਜਾਵੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕੁਲਜੀਤ ਕੌਰ, ਨਰਿੰਦਰ ਕੌਰ, ਅਮਰਜੀਤ ਕੌਰ, ਸਕੀਨਾ, ਰਜਵੰਤ ਕੌਰ ਆਦਿ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਪਿੰਡਾਂ ਨਾਲ ਸਬੰਧਿਤ ਆਸ਼ਾ ਵਰਕਰਾਂ ਵੀ ਮੌਜੂਦ ਸਨ।