- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਗਤੌਰਾ ਵਿੱਚ ਕਾਂਗਰਸ ਨੂੰ ਮਿਲੀ ਮਜ਼ਬੂਤੀ, ‘ਆਪ’ ਅਤੇ ਭਾਜਪਾ ਛੱਡ ਕੇ 20 ਪਰਿਵਾਰ ਕਾਂਗਰਸ ਵਿੱਚ ਸ਼ਾਮਲ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ
ਤਾਰਾਗੜ੍ਹ : ਵਿਧਾਨ ਸਭਾ ਹਲਕਾ ਭੋਆ ਵਿੱਚ ਮਿਸ਼ਨ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਭੋਆ ਅਧੀਨ ਪੈਂਦੇ ਪਿੰਡ ਗਤੌਰਾ ਵਿਖੇ ਨੌਜਵਾਨ ਆਗੂ ਲਾਡੀ ਅਤੇ ਨੌਜਵਾਨ ਆਗੂ ਨਾਨੀ ਠਾਕੁਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਜਥੇਬੰਦਕ ਮਜ਼ਬੂਤੀ ਮਿਲੀ, ਜਦੋਂ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਲਗਭਗ 20 ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਾਂਗਰਸ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰ ਕੇ ਪਾਰਟੀ ਵਿੱਚ ਸ਼ਾਮਲ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਕਿਸਾਨਾਂ ਦੇ ਮਸਲੇ ਹਮੇਸ਼ਾ ਅਹਿਮ ਰਹੇ ਹਨ ਅਤੇ ਸਿਆਸੀ ਪਾਰਟੀਆਂ ਨੂੰ ਕਿਸਾਨਾਂ ਦੇ ਹਿੱਤਾਂ ਨੂੰ ਪਹਿਲ ਦੇਣੀ ਚਾਹੀਦੀ ਹੈ। ਸਾਬਕਾ ਵਿਧਾਇਕ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਅਕਾਲੀ-ਭਾਜਪਾ ਗੱਠਜੋੜ ਦੇ ਪਿਛਲੇ ਕਾਰਜਕਾਲ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਸਾਲ 2007 ਤੋਂ 2017 ਤੱਕ ਰਹੀ ਗੱਠਜੋੜ ਸਰਕਾਰ ਦੇ ਸਮੇਂ ਹੀ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨੇ ਗੰਭੀਰ ਰੂਪ ਧਾਰਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਾਰੀਆਂ ਸਿਆਸੀ ਪਾਰਟੀਆਂ ਅਤੇ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਜੋਗਿੰਦਰ ਪਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਘੇਰਦਿਆਂ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਆਪਣੇ ਵਾਅਦਿਆਂ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰਨ ਵਿੱਚ ਸਫ਼ਲ ਨਹੀਂ ਹੋ ਸਕੀ। ਸਮਾਗਮ ਦੇ ਅੰਤ ਵਿੱਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਸਾਰੇ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਰਿਵਾਰ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਨਾਲ ਲੈ ਕੇ ਚੱਲਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਬਲਾਕ ਪ੍ਰਧਾਨ ਗੁਰਨਾਮ ਸਿੰਘ ਛੀਨਾ, ਬਲਾਕ ਪ੍ਰਧਾਨ ਹਰਸ਼ ਸ਼ਰਮਾ, ਅਜੈ ਕੁਮਾਰ, ਵਿੱਕੀ ਠਾਕੁਰ, ਸੇਠੀ ਪਹਿਲਵਾਨ, ਅਨਿਲ ਕੁਮਾਰ, ਸ਼ੰਮੀ ਕੁਮਾਰ, ਸਾਬਕਾ ਸਰਪੰਚ ਰਵੀ ਕੁਮਾਰ, ਬਲਾਕ ਸੰਮਤੀ ਮੈਂਬਰ ਅਮਰਜੀਤ ਪੰਮਾ, ਬਲਾਕ ਸੰਮਤੀ ਮੈਂਬਰ ਰਾਜੇਸ਼ ਫ਼ੌਜੀ, ਬਖ਼ਸ਼ੀ ਸਿੰਘ, ਮੋਨਾ, ਗੁਰਦੀਪ ਸਿੰਘ ਨਾਜੋਵਾਲ, ਰਾਜੇਸ਼ ਕੁਮਾਰ ਪੱਪੂ, ਬਲਵਿੰਦਰ ਕੁਮਾਰ, ਨਿਤਿਨ ਮਹਿਰਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।