ਨਗਰ ਕੌਂਸਲ ਚੋਣਾਂ ’ਚ ਕਾਂਗਰਸ ਪਾਰਟੀ ਦੀ ਜਿੱਤ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰੱਖੀ ਨੀਂਹ : ਭੁੰਬਲੀ
ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰੱਖੀ ਨੀਂਹ- ਗੋਲਡੀ ਭੁੰਬਲੀ
Publish Date: Fri, 19 Jun 2026 04:46 PM (IST)
Updated Date: Fri, 19 Jun 2026 04:48 PM (IST)

ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : ਗੁਰਦਾਸਪੁਰ ਦੀ ਨਗਰ ਕੌਂਸਲ ਦੇ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 29 ਵਾਰਡਾਂ ਵਿੱਚੋਂ 21 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਇਸ ਜਿੱਤ ਨੂੰ ਸ਼ਹਿਰ ਦੇ ਲੋਕਾਂ ਨੇ ਕਾਂਗਰਸ ਦੇ ਵਿਕਾਸ ਕਾਰਜਾਂ ’ਤੇ ਆਪਣੀ ਮੋਹਰ ਲਗਾਉਣ ਦਾ ਦਰਜਾ ਦਿੱਤਾ ਹੈ। ਉਕਤ ਵਿਚਾਰ ਮਿਲਕ ਪਲਾਂਟ ਗੁਰਦਾਸਪੁਰ ਦੇ ਡਾਇਰੈਕਟਰ ਗੋਲਡੀ ਭੁੰਬਲੀ ਨੇ ਆਪਣੇ ਸਾਥੀਆਂ ਸਤਨਾਮ ਸਿੰਘ, ਦਿਲਬਾਗ ਸਿੰਘ ਅਤੇ ਜਸਬੀਰ ਸਿੰਘ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ। ਭੁੰਬਲੀ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ 21 ਸੀਟਾਂ ’ਤੇ ਕਾਂਗਰਸ ਉਮੀਦਵਾਰਾਂ ਨੂੰ ਜਿਤਾ ਕੇ ਜਨਤਾ ਨੇ ਪਾਰਟੀ ’ਤੇ ਆਪਣਾ ਭਰੋਸਾ ਅਤੇ ਪਿਆਰ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਜਿੱਤ ਦਾ ਪੂਰਾ ਸਿਹਰਾ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੂੰ ਜਾਂਦਾ ਹੈ, ਜਿਨ੍ਹਾਂ ਨੇ ਸ਼ਹਿਰ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦੇ ਸਦਕਾ ਲੋਕਾਂ ਦਾ ਦਿਲ ਜਿੱਤ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਜਿੱਤ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਜਿੱਤ ਦੀ ਨੀਂਹ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਿੱਚ ਨਾ ਹੋਣ ਦੇ ਬਾਵਜੂਦ ਵੀ ਵਿਧਾਇਕ ਪਾਹੜਾ ਨੇ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਹਨ। ਇੱਕ ਪਾਸੇ ਇੱਥੇ ਸ਼ਹਿਰ ਵਿੱਚ ਕਈ ਪ੍ਰਾਜੈਕਟ ਸ਼ੁਰੂ ਕਰਵਾਏ ਗਏ, ਉੱਥੇ ਹੀ ਸ਼ਹਿਰ ਦੇ ਲੋਕਾਂ ਦੀਆਂ ਹਰ ਵਾਰਡ ਵਿੱਚ ਸਮੱਸਿਆਵਾਂ ਦਾ ਪਹਿਲਕਦਮੀ ਦੇ ਆਧਾਰ ’ਤੇ ਹੱਲ ਕੀਤਾ ਗਿਆ। ਇਹੀ ਕਾਰਨ ਸੀ ਕਿ ਚੋਣਾਂ ਦੌਰਾਨ ਲੋਕਾਂ ਨੇ ਉਨ੍ਹਾਂ ਨੂੰ ਪੂਰਾ ਅਤੇ ਭਾਰੀ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕੀਤੇ ਚੋਣ ਵਾਅਦਿਆਂ ਤੋਂ ਭੱਜ ਗਈ ਹੈ। ਪੰਜਾਬ ਵਿੱਚ ਲਗਾਤਾਰ ਅਪਰਾਧਿਕ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਲੋਕ ਇਸ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ ਅਤੇ ਸੱਤਾ ਵਿੱਚ ਇੱਕ ਵਾਰ ਫਿਰ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਰੱਖਦੇ ਹਨ।