ਹਲਕਾ ਇੰਚਾਰਜ ਰਮਨ ਬਹਿਲ ਨੇ ਮੈਗਾ ਮਾਪੇ ਅਧਿਆਪਕ ਮਿਲਣੀ ਸਮਾਗਮਾਂ ਵਿੱਚ ਕੀਤੀ ਸ਼ਿਰਕਤ ਹਲਕਾ ਇੰਚਾਰਜ ਰਮਨ ਬਹਿਲ ਨੇ ਮੈਗਾ ਮਾਪੇ ਅਧਿਆਪਕ ਮਿਲਣੀ ਸਮਾਗਮਾਂ ਵਿੱਚ ਕੀਤੀ ਸ਼ਿਰਕਤ
Publish Date: Fri, 09 Oct 2026 03:51 PM (IST)
Updated Date: Fri, 09 Oct 2026 03:53 PM (IST)
--ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਈ ਦਾ ਸੁਖਾਵਾਂ ਮਾਹੌਲ ਅਤੇ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ- ਰਮਨ ਬਹਿਲ ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ: ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਮਾਪੇ -ਅਧਿਆਪਕ ਰਿਸ਼ਤੇ ਨੂੰ ਹੋਰ ਗੂੜ੍ਹਾ ਕਰਨ ਲਈ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਵਿਦਿਅਕ ਕਾਰਗੁਜਾਰੀ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਜ਼ਿਲ੍ਹੇ ਗੁਰਦਾਸਪੁਰ ਵਿੱਚ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰਦਾਸਪੁਰ, ਪ੍ਰਾਇਮਰੀ ਸਕੂਲ ਕਚਹਿਰੀ ਰੋਡ ਅਤੇ ਬਹਿਰਾਮਪੁਰ ਰੋਡ ਅਤੇ ਮਿਡਲ ਸਕੂਲ ਸਾਧੂਚੱਕ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮਿਲਕੇ ਗੱਲਬਾਤ ਕੀਤੀ। ਇਸ ਮੌਕੇ ਪ੍ਰਿੰਸੀਪਲ ਬਲਜਿੰਦਰ ਕੌਰ ਸ.ਕੰ.ਸ.ਸ.ਸ ਗੁਰਦਾਸਪੁਰ, ਬੀਪੀਈਉ ਰਾਕੇਸ਼ ਸ਼ਰਮਾ ਗੁਰਦਾਸਪੁਰ-2, ਹੈੱਡ ਟੀਚਰ ਸੁਖਬੀਰ ਕੌਰ ਬਹਿਰਾਮਪੁਰ ਰੋਡ ਗੁਰਦਾਸਪੁਰ, ਹੈੱਡ ਟੀਚਰ ਕੰਵਲਜੀਤ ਕੌਰ ਕਚਿਹਰੀ ਰੋਡ ਗੁਰਦਾਸਪੁਰ, ਹੈੱਡ ਮਾਸਟਰ ਦਵਿੰਦਰ ਸ਼ਰਮਾ ਸ.ਹ.ਸ ਸਾਧੂਚੱਕ, ਸੇਵਾ ਮੁਕਤ ਪ੍ਰਿੰਸੀਪਲ ਬਲਬੀਰ ਸਿੰਘ, ਹਲਕਾ ਕੋਆਰਡੀਨੇਟਰ ਐਜੂਕੇਸ਼ਨ ਗੁਰਦਾਸਪੁਰ, ਅਸ਼ਵਨੀ ਕੁਮਾਰ, ਸੰਜੀਵ ਸਰਪਾਲ, ਐਜੂਕੇਸ਼ਨਿਸਟ, ਸਰਪੰਚ ਰਜਤ ਗੰਜੂ, ਮੈਂਬਰ ਰਜਿੰਦਰ ਕੁਮਾਰ, ਚੇਅਰਮੈਨ ਸਕੂਲ ਮਨੇਜਮੈਂਟ ਕਮੇਟੀ ਨਿੰਮਾ ਅਤੇ ਬੱਚਿਆਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਿਰ ਸਨ। ਰਮਨ ਬਹਿਲ ਨੇ ਦੱਸਿਆ ਕਿ ਉਹ ਅੱਜ ਵਿਦਿਆਰਥੀਆਂ ਦੇ ਮਾਪਿਆਂ ਨੂੰ ਮਿਲੇ ਹਨ ਅਤੇ ਸਾਰੇ ਮਾਪੇ ਹੀ ਸਧਾਰਨ ਘਰਾਂ ਨਾਲ ਸਬੰਧ ਰੱਖਦੇ ਹਨ। ਰਮਨ ਬਹਿਲ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ 786 ਵਿਦਿਆਰਥੀਆਂ ਨੇ ਜੇਈਈ ਅਤੇ 2,166 ਬੱਚਿਆਂ ਨੀਟ ਪਾਸ ਕੀਤਾ। ਜਿਨ੍ਹਾਂ ਬੱਚਿਆਂ ਨੂੰ ਕਦੇ ਮਾਰਗਦਰਸ਼ਨ ਦੇਣ ਵਾਲਾ ਕੋਈ ਨਹੀਂ ਸੀ, ਉਹ ਅੱਜ ਇੰਜੀਨੀਅਰ ਅਤੇ ਡਾਕਟਰ ਬਣਨ ਦੇ ਰਾਹ ਤੇ ਹਨ। ਕੇਂਦਰ ਸਰਕਾਰ ਦੀ ਰਿਪੋਰਟ ਨੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਨੰਬਰ 1 ਦਰਜਾ ਦਿੱਤਾ ਹੈ। ਰਮਨ ਬਹਿਲ ਨੇ ਦੱਸਿਆ ਕਿ ਮਾਪਿਆਂ ਦੀ ਵਰਕਸ਼ਾਪ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਦੇ ਐੱਸਐੱਮਸੀ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦੀ ਸਕੂਲ ਵਿਕਾਸ ਵਿੱਚ ਭਾਈਚਾਰਕ ਸ਼ਮੂਲੀਅਤ ਨੂੰ ਮਜ਼ਬੂਤ ਕਰਨਾ, ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਜਾਗਰੂਕ ਕਰਨਾ ਅਤੇ ਸਕੂਲ ਦੇ ਕਾਰਜ ਵਿੱਚ ਮਾਪਿਆਂ ਦੀ ਭਾਗੀਦਾਰੀ ਨੂੰ ਵਧਾਉਣਾ ਹੈ। ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਦੀਆਂ ਦਿਲਚਸਪ ਗਤੀਵਿਧੀਆਂ ਨਾਲ ਇਕ ਘੰਟੇ ਦੀ ਵਰਕਸ਼ਾਪ, ਵਿਦਿਆਰਥੀਆਂ ਦੇ ਹੁਣ ਤੱਕ ਦੀ ਸਮੁੱਚੀ ਕਾਰਗੁਜਾਰੀ, ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਸਹੂਲਤਾਂ, ਸਰਕਾਰੀ ਸਕੂਲਾਂ ਦੀ ਸਿੱਖਿਆ ਲਈ ਆਧੁਨਿਕ ਸਿੱਖਣ ਸਿਖਾਉਣ ਦੀਆਂ ਤਕਨੀਕਾਂ ਸੰਬੰਧੀ ਜਾਣਕਾਰੀ, ਅਧਿਆਪਕਾਂ ਤੇ ਮਾਪਿਆਂ ਵਿੱਚ ਸਿੱਧੇ ਆਪਸੀ ਸੰਪਰਕ ਰਾਹੀਂ ਗੱਲਬਾਤ ਦੌਰਾਨ ਵਿਦਿਆਰਥੀ ਦੀ ਫੀਡਬੈਕ, ਜ਼ੀਰੋ ਡਰਾਪਆਊਟ ਤੇ ਸਕੂਲੋਂ ਵਿਰਵੇ ਬੱਚਿਆਂ ਨੂੰ ਸਕੂਲੀ ਸਿੱਖਿਆ ਨਾਲ ਜੋੜਨ ਹਿੱਤ ਕੀਤੇ ਜਾਣ ਵਾਲੇ ਉਪਰਾਲਿਆਂ ਆਦਿ ਸੰਬੰਧੀ ਵਿਚਾਰ ਚਰਚਾ ਕੀਤੀ ਗਈ।