- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਕਾਲਜ, ਬਟਾਲਾ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਟਾਲਾ : ਗੁਰੂ ਨਾਨਕ ਕਾਲਜ, ਬਟਾਲਾ ਵਿਖੇ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ ਕਰਦਿਆਂ ਸੰਵਿਧਾਨ ਵਿੱਚ ਦਰਜ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਸੰਕਲਪ ਲਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਸੰਧੂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੀ ਲੋਕਤੰਤਰੀ ਵਿਵਸਥਾ ਦਾ ਮੂਲ ਆਧਾਰ ਹੈ। ਇਹ ਸਾਨੂੰ ਨਾ ਕੇਵਲ ਆਪਣੇ ਹੱਕਾਂ ਪ੍ਰਤੀ ਸੁਚੇਤ ਕਰਦਾ ਹੈ, ਸਗੋਂ ਫ਼ਰਜ਼ਾਂ ਤੇ ਸਮਾਜਿਕ ਜ਼ਿੰਮੇਵਾਰੀਆਂ ਦੀ ਪਾਲਣਾ ਕਰਨ ਦੀ ਪ੍ਰੇਰਨਾ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸੰਵਿਧਾਨ ਦੀਆਂ ਮੂਲ ਭਾਵਨਾਵਾਂ ਨੂੰ ਸਮਝਦਿਆਂ ਇੱਕ ਨਿਆਂਪੂਰਨ, ਸਮਾਨਤਾਵਾਦੀ ਤੇ ਸਦਭਾਵਨਾ ਭਰਪੂਰ ਸਮਾਜ ਦੀ ਸਿਰਜਣਾ ’ਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਡਾ. ਗੁਰਬੀਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਸੰਵਿਧਾਨਕ ਫ਼ਰਜ਼ਾਂ ਪ੍ਰਤੀ ਵੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਪ੍ਰੋ. ਨਵਦੀਪ ਕੌਰ ਨੇ ਕਿਹਾ ਕਿ ਸੰਵਿਧਾਨ ਦਿਵਸ ਮਨਾਉਣ ਦਾ ਅਸਲ ਮਨੋਰਥ ਸੰਵਿਧਾਨਕ ਚੇਤਨਾ ਨੂੰ ਲੋਕਾਂ ਦੇ ਜੀਵਨ ਦਾ ਹਿੱਸਾ ਬਣਾਉਣਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਹੈ।ਇਸ ਮੌਕੇ ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਸਹਿਬਾਜਦੀਪ ਸਿੰਘ, ਪ੍ਰੋ. ਮਨਪ੍ਰੀਤ ਸਿੰਘ ਤੌ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।