ਭੋਆ ਹਲਕੇ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਭੋਆ ਹਲਕੇ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ
Publish Date: Mon, 14 Sep 2026 03:50 PM (IST)
Updated Date: Mon, 14 Sep 2026 03:53 PM (IST)
ਕਮਲ ਜੀਤ ਸਿੰਘ ਫ਼ੁੱਲ, ਪੰਜਾਬੀ ਜਾਗਰਣ ਤਾਰਾਗੜ੍ਹ: ਵਿਧਾਨ ਸਭਾ ਹਲਕਾ ਭੋਆ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਤਿੰਨ ਪ੍ਰਮੁੱਖ ਸੜਕਾਂ ਦੇ ਨਿਰਮਾਣ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ ਅਤੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਗਏ। ਇਸ ਮੌਕੇ ਲਾਲ ਚੰਦ ਕਟਾਰੂਚੱਕ ਨੇ ਐਮਾ ਗੁੱਜਰਾਂ ਤੋਂ ਡੇਰਾ ਰਾਮ ਸਿੰਘ ਗੁੱਜਰਾਂ ਤੱਕ ਦੀ ਸੜਕ, ਪਿੰਡ ਬਕਨੌਰ ਦੀ ਫਿਰਨੀ ਅਤੇ ਪਿੰਡ ਸ਼ੇਖੂਪੁਰ ਮਝੀਰੀ ਦੀ ਫਿਰਨੀ ਦੇ ਨਿਰਮਾਣ ਕਾਰਜ ਦਾ ਰਸਮੀ ਉਦਘਾਟਨ ਕੀਤਾ। ਇਨ੍ਹਾਂ ਤਿੰਨਾਂ ਸੜਕਾਂ ਦੀ ਕੁੱਲ ਲੰਬਾਈ ਲਗਭਗ 2 ਕਿਲੋਮੀਟਰ ਹੈ, ਜਿਨ੍ਹਾਂ ’ਤੇ ਕਰੀਬ 70 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸੜਕਾਂ ਲੰਮੇ ਸਮੇਂ ਤੋਂ ਕੱਚੀਆਂ ਹੋਣ ਕਾਰਨ ਪਿੰਡ ਵਾਸੀਆਂ ਨੂੰ ਆਉਣ-ਜਾਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਦਿਆਂ ਇਨ੍ਹਾਂ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਨਿਰਮਾਣ ਕਾਰਜ ਜਲਦ ਤੋਂ ਜਲਦ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ, ਜਿਸ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਇਸ ਮੌਕੇ ਸਰਪੰਚ ਕਪਲ ਠਾਕੁਰ, ਮਿੰਟੂ ਸੈਣੀ, ਸਾਬਕਾ ਸਰਪੰਚ ਰਾਜੇਸ਼ ਮਹਿਰਾ, ਰਾਜਾ ਸੈਣੀ, ਬਲਾਕ ਪ੍ਰਧਾਨ ਹੈਪੀ ਰਕਵਾਲ, ਬਲਾਕ ਸੰਮਤੀ ਮੈਂਬਰ ਸੰਜੀਵ, ਹਰਦੀਪ ਹੈਰੀ, ਲਵਲੀ ਮੰਜੀਰੀ, ਜੰਗ ਬਹਾਦਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।