ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ, ਬੱਬਰੀ ਬਾਈਪਾਸ ’ਤੇ ਕਿਸਾਨਾਂ ਦਾ ਪੱਕਾ ਧਰਨਾ ਸ਼ੁਰੂ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ, ਬੱਬਰੀ ਬਾਈਪਾਸ ’ਤੇ ਕਿਸਾਨਾਂ ਦਾ ਪੱਕਾ ਧਰਨਾ ਸ਼ੁਰੂ
Publish Date: Fri, 20 Nov 2026 05:42 PM (IST)
Updated Date: Fri, 20 Nov 2026 05:43 PM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : ਪੰਜਾਬ ਵਿੱਚ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਕਮ ਜਾਰੀ ਕਰਵਾਉਣ, ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕਰਨ ਅਤੇ 25 ਨਵੰਬਰ ਤੋਂ ਪਹਿਲਾਂ ਖੰਡ ਮਿੱਲਾਂ ਚਾਲੂ ਕਰਵਾਉਣ ਦੀ ਮੰਗ ਨੂੰ ਲੈ ਕੇ ਮਾਝਾ ਕਿਸਾਨ ਸੰਘਰਸ਼ ਕਮੇਟੀ ਨੇ ਸ਼ੁੱਕਰਵਾਰ ਨੂੰ ਗੁਰਦਾਸਪੁਰ ਦੇ ਬੱਬਰੀ ਬਾਈਪਾਸ ਚੌਕ ਵਿਖੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ। ਧਰਨੇ ਦੌਰਾਨ ਕਿਸਾਨਾਂ ਨੇ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਦੀ ਇੱਕ ਸਾਈਡ ’ਤੇ ਆਵਾਜਾਈ ਰੋਕ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਹਾਲਾਂਕਿ ਪੁਲਿਸ ਵੱਲੋਂ ਹਾਈਵੇਅ ਦੇ ਡਿਵਾਈਡਰ ਵਿੱਚ ਬਣੇ ਕੱਟ ਰਾਹੀਂ ਵਾਹਨਾਂ ਨੂੰ ਦੂਜੇ ਪਾਸੇ ਤੋਂ ਲੰਘਾਉਣ ਦਾ ਪ੍ਰਬੰਧ ਕੀਤਾ ਗਿਆ ਜਿਸ ਕਾਰਨ ਆਵਾਜਾਈ ਸੁਚਾਰੂ ਬਣੀ ਰਹੀ ਅਤੇ ਰਾਹਗੀਰਾਂ ਨੂੰ ਵੱਡੀ ਪਰੇਸ਼ਾਨੀ ਨਹੀਂ ਆਈ। ਧਰਨੇ ਵਿੱਚ ਸ਼ਾਮਲ ਕਿਸਾਨ ਆਗੂਆਂ ਨੇ ਗੰਨੇ ਦੇ ਪਿੜਾਈ ਸੀਜ਼ਨ ਸਬੰਧੀ ਸਰਕਾਰ ਵੱਲੋਂ ਸਮੇਂ ਸਿਰ ਫ਼ੈਸਲਾ ਨਾ ਲੈਣ ਅਤੇ ਪਿਛਲੇ ਸਾਲ ਦੀ ਫ਼ਸਲ ਦਾ ਭੁਗਤਾਨ ਬਕਾਇਆ ਹੋਣ ’ਤੇ ਨਾਰਾਜ਼ਗੀ ਜਤਾਈ। ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਰਾਜੂ ਔਲਖ ਅਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਨੇ ਕਿਹਾ ਕਿ ਗੰਨਾ ਕਿਸਾਨਾਂ ਨੂੰ ਪਿਛਲੇ ਸਾਲ ਦੀ ਫ਼ਸਲ ਦੀ ਪੂਰੀ ਬਕਾਇਆ ਰਕਮ ਅਜੇ ਤੱਕ ਨਹੀਂ ਮਿਲੀ। ਇਸ ਦੇ ਬਾਵਜੂਦ ਨਵੇਂ ਪਿੜਾਈ ਸੀਜ਼ਨ ਨੂੰ ਸ਼ੁਰੂ ਕਰਨ ਸਬੰਧੀ ਸਰਕਾਰ ਵੱਲੋਂ ਕੋਈ ਸਪੱਸ਼ਟ ਫ਼ੈਸਲਾ ਨਹੀਂ ਲਿਆ ਗਿਆ। ਇਸ ਸਾਲ ਗੰਨੇ ਦਾ ਭਾਅ ਐਲਾਨਣ ਅਤੇ ਖੰਡ ਮਿੱਲਾਂ ਚਲਾਉਣ ਵਿੱਚ ਹੋ ਰਹੀ ਦੇਰੀ ਕਾਰਨ ਕਿਸਾਨਾਂ ਦੀ ਚਿੰਤਾ ਵਧ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀ ਫ਼ਸਲ ਤਿਆਰ ਕਰ ਚੁੱਕੇ ਹਨ ਪਰ ਮਿੱਲਾਂ ਚਾਲੂ ਹੋਣ ਸਬੰਧੀ ਅਨਿਸ਼ਚਿਤਤਾ ਬਣੀ ਹੋਈ ਹੈ। ਜੇਕਰ ਸਮੇਂ ਸਿਰ ਮਿੱਲਾਂ ਸ਼ੁਰੂ ਨਾ ਹੋਈਆਂ ਤਾਂ ਕਿਸਾਨਾਂ ਨੂੰ ਫ਼ਸਲ ਵੇਚਣ ਅਤੇ ਅਗਲੀ ਫ਼ਸਲ ਦੀ ਬਿਜਾਈ ਲਈ ਖੇਤ ਤਿਆਰ ਕਰਨ ਵਿੱਚ ਮੁਸ਼ਕਲਾਂ ਆਉਣਗੀਆਂ। ਉਨ੍ਹਾਂ ਕਿਹਾ ਕਿ ਖੇਤੀ ਵਿੱਚ ਖਾਦਾਂ, ਬੀਜਾਂ, ਡੀਜ਼ਲ, ਮਜ਼ਦੂਰੀ ਅਤੇ ਹੋਰ ਖੇਤੀ ਲਾਗਤਾਂ ਲਗਾਤਾਰ ਵਧ ਰਹੀਆਂ ਹਨ। ਅਜਿਹੇ ਹਾਲਾਤ ਵਿੱਚ ਗੰਨੇ ਦਾ ਵਾਜਬ ਭਾਅ ਅਤੇ ਫ਼ਸਲ ਦਾ ਸਮੇਂ ਸਿਰ ਭੁਗਤਾਨ ਮਿਲਣਾ ਬੇਹੱਦ ਜ਼ਰੂਰੀ ਹੈ। ਧਰਨੇ ’ਤੇ ਬੈਠੇ ਕਿਸਾਨ ਆਗੂਆਂ ਨੇ ਸਰਕਾਰ ਅੱਗੇ ਆਪਣੀਆਂ ਮੁੱਖ ਮੰਗਾਂ ਰੱਖਦਿਆਂ ਕਿਹਾ ਕਿ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਜਾਵੇ, ਪਿਛਲੇ ਸਾਲ ਦੀ ਫ਼ਸਲ ਦੀ ਬਕਾਇਆ ਰਕਮ ਬਿਨਾਂ ਕਿਸੇ ਦੇਰੀ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾਵੇ ਅਤੇ 25 ਨਵੰਬਰ ਤੋਂ ਪਹਿਲਾਂ ਸਾਰੀਆਂ ਸਬੰਧਤ ਖੰਡ ਮਿੱਲਾਂ ਚਾਲੂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪਿੜਾਈ ਸੀਜ਼ਨ ਸਮੇਂ ਸਿਰ ਸ਼ੁਰੂ ਹੋਣ ਨਾਲ ਕਿਸਾਨ ਆਪਣੀ ਫ਼ਸਲ ਨਿਰਧਾਰਤ ਸਮੇਂ ’ਤੇ ਮਿੱਲਾਂ ਤੱਕ ਪਹੁੰਚਾ ਸਕਣਗੇ ਅਤੇ ਖੇਤਾਂ ਨੂੰ ਅਗਲੀ ਫ਼ਸਲ ਲਈ ਤਿਆਰ ਕਰਨ ਵਿੱਚ ਵੀ ਆਸਾਨੀ ਰਹੇਗੀ। ਕਿਸਾਨ ਆਗੂਆਂ ਨੇ ਭੁਗਤਾਨ ਪ੍ਰਣਾਲੀ ਵਿੱਚ ਤਬਦੀਲੀ ਦੀ ਮੰਗ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਗੰਨੇ ਲਈ ਨਿਰਧਾਰਤ ਕੀਤੀ ਜਾਣ ਵਾਲੀ ਰਕਮ ਵੱਖ-ਵੱਖ ਤਰੀਕਿਆਂ ਨਾਲ ਦੇਣ ਦੀ ਬਜਾਏ ਇੱਕੋ ਕਾਊਂਟਰ ਰਾਹੀਂ ਇਕਮੁਸ਼ਤ ਜਾਰੀ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਵੱਖ-ਵੱਖ ਪੜਾਵਾਂ ਵਿੱਚ ਭੁਗਤਾਨ ਹੋਣ ਕਾਰਨ ਕਿਸਾਨਾਂ ਨੂੰ ਵਾਰ-ਵਾਰ ਉਡੀਕ ਕਰਨੀ ਪੈਂਦੀ ਹੈ ਅਤੇ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਭੁਗਤਾਨ ਪ੍ਰਣਾਲੀ ਸਰਲ, ਪਾਰਦਰਸ਼ੀ ਅਤੇ ਸਮਾਂਬੱਧ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਕੀਮਤ ਸਮੇਂ ਸਿਰ ਮਿਲ ਸਕੇ। ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਸਵੀਕਾਰ ਕਰਕੇ ਲਾਗੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਬੱਬਰੀ ਬਾਈਪਾਸ ਚੌਕ ਵਿਖੇ ਧਰਨਾ ਜਾਰੀ ਰਹੇਗਾ। ਉਨ੍ਹਾਂ ਨੇ ਮੁਕੇਰੀਆਂ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਪੁਲਿਸ ਮਾਮਲਿਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਪੁਲਿਸ ਕਾਰਵਾਈ ਦੀ ਬਜਾਏ ਗੱਲਬਾਤ ਰਾਹੀਂ ਕੀਤਾ ਜਾਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਉਨ੍ਹਾਂ ਦੀਆਂ ਮੰਗਾਂ ਬਾਰੇ ਹਾਂ-ਪੱਖੀ ਫ਼ੈਸਲਾ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਵੱਡੇ ਪੱਧਰ ’ਤੇ ਤੇਜ਼ ਕੀਤਾ ਜਾਵੇਗਾ।