- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਯੂਨੀਅਨ ਅਤੇ ਡੈਮੋਕ੍ਰੇਟਿਕ ਮਿਡ ਡੇ ਮੀਲ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ: ਕੱਚਾ ਮਾਣ ਭੱਤਾ ਤੇ ਕੰਟਰੈਕਟ ਵਰਕਰਜ਼ ਮੋਰਚੇ ਵੱਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਅੱਜ ਆਸ਼ਾ ਵਰਕਰਜ਼ ਯੂਨੀਅਨ ਅਤੇ ਮਿਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ ਬਟਾਲਾ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਆਸ਼ਾ ਫੈਸੀਲੀਟੇਟਰ ਯੂਨੀਅਨ ਆਗੂ ਕਾਂਤਾ ਸ਼ਰਮਾ ਅਤੇ ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੀ ਆਗੂ ਗੁਰਪ੍ਰੀਤ ਕੌਰ ਕੋਹਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਾਣ ਭੱਤਾ ਵਰਕਰਜ਼ ਨਾਲ ਧੋਖਾ ਕੀਤਾ ਹੈ ਕਿਉਂਕਿ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਮਿਡ ਮੀਲ ਵਰਕਰਜ਼ ਅਤੇ ਆਸ਼ਾ ਵਰਕਰਾਂ ਦੇ ਮਾਣ ਭੱਤੇ ਦੋਗੁਣੇ ਕਰ ਦਿੱਤੇ ਜਾਣਗੇ ਪਰ ਅਜੇ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਤੋਂ ਵੱਖ-ਵੱਖ ਤਰ੍ਹਾਂ ਦੀਆਂ ਡਿਊਟੀਆਂ ਲਈਆਂ ਜਾਂਦੀਆਂ ਹਨ ਪਰ ਕੋਈ ਵਾਧੂ ਭੱਤਾ ਨਹੀਂ ਦਿੱਤਾ ਜਾਂਦਾ, ਜਿਸ ਤਰ੍ਹਾਂ ਹੈਲਥ ਕਾਰਡ ਬਣਾਉਣ ਦੇ ਪੈਸੇ ਜ਼ਿਆਦਾਤਰ ਆਸ਼ਾ ਵਰਕਰ ਨੂੰ ਨਹੀਂ ਮਿਲੇ ।ਮਿਡ ਡੇ ਮੀਲ ਵਰਕਰਾਂ ਨੂੰ ਵੀ ਅਜੇ ਤੱਕ ਵਰਦੀ ਭੱਤਾ ਨਹੀਂ ਦਿੱਤਾ ਗਿਆ ਅਤੇ ਨਾ ਹੀ ਉਨ੍ਹਾਂ ਨੂੰ ਬੀਮਾ ਯੋਜਨਾ ਅਧੀਨ ਲਿਆ ਗਿਆ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ।
ਉਨ੍ਹਾਂ ਕਿਹਾ ਕਿ ਜਥੇਬੰਦੀ ਮੰਗ ਕਰਦੀ ਹੈ ਕਿ ਮਿਡ ਡੇ ਮੀਲ ਵਰਕਰਾਂ ਨੂੰ ਘੱਟੋ ਘੱਟੋ-ਘੱਟ ਉਜਰਤ ਕਾਨੂੰਨ ਤਹਿਤ ਤਨਖਾਹ ਦਿੱਤੀ ਜਾਵੇ ਅਤੇ ਆਸ਼ਾ ਵਰਕਰਜ ਨੂੰ ਘੱਟੋ-ਘੱਟ ਸਕੇਲ ਦਿੱਤਾ ਜਾਵੇ । ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਸਾਂਝੀ ਤਾਲਮੇਲ ਕਮੇਟੀ ਪੰਜਾਬ ਵੱਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਮਹਾਂਰੈਲੀ ਵਿੱਚ ਵੱਡੀ ਪੱਧਰ ਉੱਤੇ ਸ਼ਮੂਲੀਅਤ ਕਰਕੇ ਮੰਗਾਂ ਸਬੰਧੀ ਅਵਾਜ਼ ਬੁਲੰਦ ਕੀਤੀ ਜਾਵੇਗੀ।ਇਸ ਮੌਕੇ ਸ਼ਰਨਜੀਤ ਕੌਰ ਸਿਟੀ ਪ੍ਰਧਾਨ, ਰੁਪਿੰਦਰ ਜੀਤ ਕੌਰ, ਕੁਲਵੀਰ ਕੌਰ, ਪੂਜਾ, ਗਗਨਦੀਪ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਕੰਵਲਜੀਤ ਕੌਰ, ਸੁਖਵਿੰਦਰ ਕੌਰ, ਰਾਜਵਿੰਦਰ ਕੌਰ ਤੋਂ ਇਲਾਵਾ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਗੁਰਦਾਸਪੁਰ ਦੇ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ, ਵਰਗਿਸ ਸਲਾਮਤ, ਗੁਰਪਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ।