- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੱਤ ਮਹੀਨਿਆਂ ਦਾ ਬਕਾਇਆ ਕਮਿਸ਼ਨ ਨਾ ਮਿਲਣ ਦੇ ਵਿਰੋਧ ਵਿੱਚ ਡੀਪੂ ਹੋਲਡਰਾਂ ਨੇ ਡੀਐੱਫਐੱਸਸੀ ਦਫ਼ਤਰ ਦਾ ਕੀਤਾ ਘਿਰਾਓ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਪਿਛਲੇ ਸੱਤ ਮਹੀਨਿਆਂ ਤੋਂ ਬਕਾਇਆ ਕਮਿਸ਼ਨ ਜਾਰੀ ਨਾ ਹੋਣ ਦੇ ਵਿਰੋਧ ਵਿੱਚ ਗੁਰਦਾਸਪੁਰ ਡੀਪੂ ਹੋਲਡਰ ਯੂਨੀਅਨ ਨੇ ਜ਼ਿਲ੍ਹਾ ਪ੍ਰਧਾਨ ਮੋਹਨ ਲਾਲ ਭਾਗੋਕਾਵਾ ਦੀ ਅਗਵਾਈ ਵਿੱਚ ਡੀਐੱਫਐੱਸਸੀ ਦੇ ਦਫ਼ਤਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਡੀਪੂ ਹੋਲਡਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਅਤੇ ਬਕਾਇਆ ਕਮਿਸ਼ਨ ਜਾਰੀ ਕਰਨ ਦੀ ਮੰਗ ਕੀਤੀ।
ਪ੍ਰਦਰਸ਼ਨ ਦੌਰਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਲਾਲ ਨੇ ਦੱਸਿਆ ਕਿ ਡੀਪੂ ਹੋਲਡਰਾਂ ਦਾ ਪਿਛਲੇ ਸੱਤ ਮਹੀਨਿਆਂ ਦਾ ਕਮਿਸ਼ਨ ਹਾਲੇ ਤੱਕ ਜਾਰੀ ਨਹੀਂ ਕੀਤਾ ਗਿਆ ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਉਹ ਪਹਿਲਾਂ ਵੀ ਤਿੰਨ-ਚਾਰ ਵਾਰ ਸੰਬੰਧਿਤ ਅਧਿਕਾਰੀਆਂ ਨਾਲ ਮੁਲਾਕਾਤ ਕਰ ਚੁੱਕੇ ਹਨ, ਪਰ ਹਾਲੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਚੰਡੀਗੜ੍ਹ ਵਿੱਚ ਕੀਤੇ ਗਏ ਪ੍ਰਦਰਸ਼ਨ ਦੌਰਾਨ ਵਿਭਾਗ ਦੀ ਡਾਇਰੈਕਟਰ ਨਾਲ ਵੀ ਇਸ ਮੁੱਦੇ 'ਤੇ ਗੱਲਬਾਤ ਹੋਈ ਸੀ। ਉਨ੍ਹਾਂ ਦੇ ਅਨੁਸਾਰ ਉਸ ਸਮੇਂ ਦੱਸਿਆ ਗਿਆ ਸੀ ਕਿ ਸੱਤ ਮਹੀਨਿਆਂ ਦੇ ਬਕਾਇਆ ਕਮਿਸ਼ਨ ਦੀ ਰਾਸ਼ੀ ਜ਼ਿਲ੍ਹਿਆਂ ਨੂੰ ਭੇਜੀ ਜਾ ਚੁੱਕੀ ਹੈ, ਪਰ ਜਦੋਂ ਗੁਰਦਾਸਪੁਰ ਦੇ ਸਥਾਨਕ ਦਫ਼ਤਰ ਨਾਲ ਸੰਪਰਕ ਕੀਤਾ ਗਿਆ ਤਾਂ ਉੱਥੋਂ ਕਿਹਾ ਗਿਆ ਕਿ ਡੀਪੂ ਹੋਲਡਰਾਂ ਦੀਆਂ ਸੂਚੀਆਂ ਤਿਆਰ ਕਰਕੇ ਚੰਡੀਗੜ੍ਹ ਭੇਜ ਦਿੱਤੀਆਂ ਗਈਆਂ ਹਨ। ਉਥੇ ਦੂਜੇ ਪਾਸੇ ਚੰਡੀਗੜ੍ਹ ਦਫ਼ਤਰ ਤੋਂ ਫ਼ੋਨ 'ਤੇ ਜਾਣਕਾਰੀ ਲੈਣ 'ਤੇ ਦੱਸਿਆ ਗਿਆ ਕਿ ਗੁਰਦਾਸਪੁਰ ਤੋਂ ਕੋਈ ਸੂਚੀ ਪ੍ਰਾਪਤ ਨਹੀਂ ਹੋਈ ਹੈ। ਮੋਹਨ ਲਾਲ ਨੇ ਕਿਹਾ ਕਿ ਡੀਪੂ ਹੋਲਡਰਾਂ ਵਿੱਚ ਕਈ ਅਜਿਹੇ ਪਰਿਵਾਰ ਵੀ ਸ਼ਾਮਲ ਹਨ ਜੋ ਆਰਥਿਕ ਰੂਪ ਵਿੱਚ ਕਮਜ਼ੋਰ ਹਨ। ਇਨ੍ਹਾਂ ਵਿੱਚ ਵਿਧਵਾਵਾਂ ਅਤੇ ਦਿਵਿਆਂਗ ਵਿਅਕਤੀ ਵੀ ਹਨ, ਜਿਨ੍ਹਾਂ ਦੀ ਰੋਜ਼ੀ-ਰੋਟੀ ਡੀਪੂ ਤੋਂ ਹੋਣ ਵਾਲੀ ਆਮਦਨ 'ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਨਾ ਮਿਲਣ ਕਾਰਨ ਅਜਿਹੇ ਪਰਿਵਾਰਾਂ ਲਈ ਘਰੇਲੂ ਖਰਚੇ ਚਲਾਉਣਾ ਵੀ ਮੁਸ਼ਕਲ ਹੋ ਰਿਹਾ ਹੈ। ਤਿਉਹਾਰਾਂ ਦੇ ਸਮੇਂ ਵੀ ਉਨ੍ਹਾਂ ਨੂੰ ਆਪਣੀ ਮਿਹਨਤ ਦਾ ਬਣਦਾ ਹੱਕ ਨਹੀਂ ਮਿਲਿਆ।
ਯੂਨੀਅਨ ਪ੍ਰਧਾਨ ਨੇ ਵਿਭਾਗੀ ਅਧਿਕਾਰੀਆਂ ਦੀ ਕਾਰਜਪ੍ਰਣਾਲੀ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੰਬੰਧਿਤ ਕਰਮਚਾਰੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਲੋੜੀਂਦੀ ਕਾਰਵਾਈ ਸਮੇਂ 'ਤੇ ਪੂਰੀ ਕਰਕੇ ਸੂਚੀਆਂ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਤਾਂ ਜੋ ਡੀਪੂ ਹੋਲਡਰਾਂ ਦੀ ਬਕਾਇਆ ਰਾਸ਼ੀ ਬਿਨਾਂ ਹੋਰ ਦੇਰੀ ਦੇ ਜਾਰੀ ਹੋ ਸਕੇ। ਯੂਨੀਅਨ ਨੇ ਸਪੱਸ਼ਟ ਕੀਤਾ ਕਿ ਜਦ ਤੱਕ ਡੀਪੂ ਹੋਲਡਰਾਂ ਦਾ ਸੱਤ ਮਹੀਨਿਆਂ ਦਾ ਬਕਾਇਆ ਕਮਿਸ਼ਨ ਜਾਰੀ ਨਹੀਂ ਕੀਤਾ ਜਾਂਦਾ ਉਦੋ ਤੱਕ ਸੰਘਰਸ਼ ਜਾਰੀ ਰਹੇਗਾ। ਮੋਹਨ ਲਾਲ ਨੇ ਐਲਾਨ ਕੀਤਾ ਕਿ ਜਲਦੀ ਹੀ ਜ਼ਿਲ੍ਹੇ ਭਰ ਦੇ ਡੀਪੂ ਹੋਲਡਰਾਂ ਨੂੰ ਇਕੱਠਾ ਕਰਕੇ ਡੀਐੱਫਐੱਸਸੀ ਦਫ਼ਤਰ ਦੇ ਬਾਹਰ ਲਗਾਤਾਰ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ।