ਪਵਨ ਤੇ੍ਹਨ, ਬਟਾਲਾ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ 'ਚ ਵਿਕਾਸ ਜਾਰੀ ਹਨ। ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਸ਼ਹਿਰ 'ਚੋਂ ਲੰਘਦੇ ਅੰਮਿ੍ਤਸਰ-ਪਠਾਨਕੋਟ ਜੀਟੀ ਰੋਡ ਦੀ ਮੁਰੰਮਤ ਦਾ ਕੰਮ ਕਰਾਇਆ ਜਾ ਰਿਹਾ ਹੈ ਅਤੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਸ ਨੂੰ ਨੇਪਰੇ ਚਾੜ੍ਹ ਦਿੱਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸੂਬੇ ਦੇ ਉਚੇਰੀ ਸਿੱਖਿਆ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਬਟਾਲਾ ਸ਼ਹਿਰ 'ਚੋਂ ਲੰਘਦੇ ਜੀਟੀ ਰੋਡ ਦੀ ਮੁਰੰਮਤ 'ਤੇ 6 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਚੌੜਾਈ 13 ਮੀਟਰ ਅਤੇ ਲੰਬਾਈ ਕਰੀਬ 7 ਕਿਲੋਮੀਟਰ ਹੈ। ਉਨ੍ਹਾਂ ਕਿਹਾ ਕਿ 5 ਕਿਲੋਮੀਟਰ ਸੜਕ ਬਣ ਗਈ ਹੈ ਰਹਿੰਦੀ ਦੋ ਕਿਲੋਮੀਟਰ ਸੜਕ ਦਾ ਨਿਰਮਾਣ ਵੀ ਜਾਰੀ ਹੈ। ਬਾਜਵਾ ਨੇ ਦੱਸਿਆ ਕਿ ਸੜਕ ਉੱਪਰ ਹੁਣ ਰੋਡ ਸਟੱਡ ਲਗਾਉਣ ਦਾ ਕੰਮ ਜਾਰੀ ਹੈ ਅਤੇ ਸੜਕ ਉੱਪਰ ਫੌਗ ਲਾਈਨਿੰਗ ਵੀ ਲਗਾਈ ਜਾ ਰਹੀ ਹੈ। ਇਸ ਤੋਂ ਇਲਾਵਾ ਡਵਾਈਡਰ ਦੀ ਮੁਰੰਮਤ ਕੀਤੀ ਗਈ ਹੈ ਅਤੇ ਇਸ ਨੂੰ ਰੰਗ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮੁੱਖ ਸੜਕ ਹੋਣ ਕਾਰਨ ਇਸ ਉੱਪਰ ਆਵਾਜਾਈ ਬਹੁਤ ਹੈ ਅਤੇ ਪਹਿਲਾਂ ਇਸ ਸੜਕ ਦੀ ਹਾਲਤ ਮਾੜੀ ਹੋਣ ਕਾਰਨ ਲੋਕਾਂ ਨੂੰ ਮੁਸ਼ਕਲ ਪੇਸ਼ ਆ ਰਹੀ ਸੀ। ਬਾਜਵਾ ਨੇ ਦੱਸਿਆ ਕਿ ਲੋਕਾਂ ਦੀ ਮੁਸ਼ਕਲ ਨੂੰ ਹੱਲ ਕਰਦੇ ਹੋਏ ਸੂਬਾ ਸਰਕਾਰ ਨੇ 6 ਕਰੋੜ ਰੁਪਏ ਦੀ ਲਾਗਤ ਨਾਲ ਇਸ ਸੜਕ ਨੂੰ ਬਣਾ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਬਾਜਵਾ ਨੇ ਕਿਹਾ ਕਿ 24 ਅਕਤੂਬਰ ਨੂੰ ਬਟਾਲਾ ਸ਼ਹਿਰ ਵਿਖੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋ ਰਹੀ ਹੈ ਅਤੇ ਇਸ ਮੀਟਿੰਗ ਦੌਰਾਨ ਇਸ ਇਤਿਹਾਸਕ ਸ਼ਹਿਰ ਦੇ ਵਿਕਾਸ ਲਈ ਹੋਰ ਵੀ ਫ਼ੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦਾ ਵਿਕਾਸ ਸਰਕਾਰ ਦੇ ਏਜੰਡੇ ਉੱਪਰ ਹੈ ਅਤੇ ਸ਼ਹਿਰ ਦੀ ਦਿੱਖ ਸੁਧਾਰਨ ਦੇ ਨਾਲ ਸ਼ਹਿਰ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਈਆਂ ਜਾਣਗੀਆਂ। ਉਧਰ ਬਟਾਲਾ ਵਾਸੀਆਂ ਨੇ ਜੀਟੀ ਬਣਾਉਣ ਲਈ ਸੂਬਾ ਸਰਕਾਰ ਅਤੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕੀਤਾ ਹੈ।