ਭੋਆ ਹਲਕੇ ’ਚ ਕਰੀਬ 1.20 ਕਰੋੜ ਦੀ ਲਾਗਤ ਨਾਲ ਤਿੰਨ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਮਸਤਪੁਰ-ਅਲਿਆਲ ਸੰਪਰਕ ਮਸਤਪੁਰ-ਅਲਿਆਲ ਸੰਪਰਕ
Publish Date: Sat, 19 Sep 2026 04:31 PM (IST)
Updated Date: Sun, 20 Sep 2026 04:03 AM (IST)
ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ, ਤਾਰਾਗੜ੍ਹ : ਵਿਧਾਨ ਸਭਾ ਹਲਕਾ ਭੋਆ ਦੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂ ਚੱਕ ਵੱਲੋਂ ਵੱਖ-ਵੱਖ ਤਿੰਨ ਪਿੰਡਾਂ ਦਾ ਦੌਰਾ ਕਰਕੇ ਕਰੀਬ 1 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਬਣਾਈਆਂ ਜਾਣ ਵਾਲੀਆਂ ਤਿੰਨ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਵਿਕਾਸ ਕਾਰਜਾਂ ਤਹਿਤ ਲਗਭਗ ਢਾਈ ਕਿਲੋਮੀਟਰ ਲੰਬੀਆਂ ਸੜਕਾਂ ਅਤੇ ਫਿਰਨੀਆਂ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਦੱਸਿਆ ਕਿ ਪਿੰਡ ਮਸਤਪੁਰ ਤੋਂ ਅਲਿਆਲ ਨੂੰ ਜੋੜਨ ਵਾਲੇ ਕੱਚੇ ਰਸਤੇ ਨੂੰ ਪੱਕੀ ਸੜਕ ਵਿੱਚ ਤਬਦੀਲ ਕੀਤਾ ਜਾਵੇਗਾ। ਇਸ 1.15 ਕਿਲੋਮੀਟਰ ਲੰਬੀ ਸੜਕ ਤੇ ਕਰੀਬ 39.10 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ ਇਸ ਸੜਕ ਦੇ ਨਿਰਮਾਣ ਨਾਲ ਦੋਵਾਂ ਪਿੰਡਾਂ ਦੇ ਵਸਨੀਕਾਂ ਨੂੰ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਇਲਾਕੇ ਵਿੱਚ ਸੰਪਰਕ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪਿੰਡ ਜਨਿਆਲ ਵਿੱਚ ਲਗਭਗ 0.64 ਕਿਲੋਮੀਟਰ ਲੰਬੀ ਫਿਰਨੀ ਦੇ ਨਿਰਮਾਣ ਦਾ ਕੰਮ ਵੀ ਸ਼ੁਰੂ ਕਰਵਾਇਆ ਗਿਆ ਜਿਸ ਦੇ ਕਰੀਬ 36.41 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਨਵੀਂ ਉਸਾਰੀ ਲਿੰਕ ਸੜਕ ਪਿੰਡ ਖੋਜਕੀ ਚੱਕ ਵਿਖੇ ਵੀ ਲਗਭਗ 0.65 ਕਿਲੋ ਮੀਟਰ ਲੰਬੀ ਫਿਰਨੀ ਦਾ ਨਿਰਮਾਣ ਕੀਤਾ ਜਾਵੇਗਾ। ਜਿਸ ਦੇ ਕਰੀਬ 44.90 ਲੱਖ ਰੁਪਏ ਖਰਚ ਕੀਤੇ ਜਾਣਗੇ| ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਫਿਰਨੀਆਂ ਅਤੇ ਸੰਪਰਕ ਸੜਕਾਂ ਦਾ ਸੁਧਾਰ ਹੋਣ ਨਾਲ ਪਿੰਡ ਵਾਸੀਆਂ ਦੀ ਰੋਜ਼ਾਨਾ ਆਵਾਜਾਈ ਆਸਾਨ ਹੋਵੇਗੀ ਅਤੇ ਖੇਤਰ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ। ਕਟਾਰੂ ਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਪਿੰਡਾਂ ਵਿੱਚ ਸੜਕਾਂ, ਗਲੀਆਂ, ਨਾਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂ ਚੱਕ ਨੇ ਇਨ੍ਹਾਂ ਵਿਕਾਸ ਕਾਰਜਾਂ ਲਈ ਫੰਡ ਜਾਰੀ ਕਰਨ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਹਲਕਾ ਭੋਆ ਦੇ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ। ਇਸ ਮੌਕੇ ਸ੍ਰੀ ਲਾਲ ਚੰਦ ਕਟਾਰੂ ਚੱਕ ਨੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਪੰਚਾਂ, ਸੰਮਤੀ ਮੈਂਬਰਾਂ, ਚੇਅਰਮੈਨ ਧਰਮਪਾਲ ਜੀ ਸਮੇਤ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਸਥਾਨਕ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਸਾਰਿਆਂ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਸਕਦਾ ਹੈ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਪਰਵੀਨ ਕੁਮਾਰ ਬਲਾਕ ਪ੍ਰਧਾਨ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ, ਦਵਿੰਦਰ ਸਿੰਘ ਸਰਪੰਚ,ਮੁਨੀਸ਼ ਗੁਪਤਾ ਸਰਪੰਚ ਬਮਿਆਲ, ਮਦਨ ਗੋਪਾਲ ਬਲਾਕ ਸਮਿਤੀ ਮੈਂਬਰ, ਵਿਸ਼ਾਲ ਸਿੰਘ ਬਲਾਕ ਸਮਿਤੀ ਮੈਂਬਰ, ਮੁਕੇਸ਼ ਸ਼ਰਮਾ, ਜੋਗਿੰਦਰ ਸਰਪੰਚ ਖੋਜਕੀਚੱਕ, ਧਰਮਪਾਲ ਚੇਅਰਮੈਨ ਬਲਾਕ ਸਮਿਤੀ ਬਮਿਆਲ, ਲਵ ਜਨਿਆਲ, ਐਨੀ ਨੱਕੀਆਂ, ਡਾ. ਵਿਨੋਦ ਸਰਪੰਚ ਨਰੋਲੀ, ਪਰਸ਼ੋਤਮ ਲਾਲ ਸਰਪੰਚ ਤਲੂਰ ਅਤੇ ਹੋਰ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਵੀ ਹਾਜ਼ਰ ਸਨ।