ਜ਼ਿਲ੍ਹਾ ਗਾਈਡੈਂਸ ਕੌਂਸਲਰ ਵੱਲੋਂ ਵੱਖ-ਵੱਖ ਸਕੂਲਾਂ ਦਾ ਵਿਸ਼ੇਸ਼ ਦੌਰਾ ਜ਼ਿਲ੍ਹਾ ਗਾਈਡੈਂਸ ਕੌਂਸਲਰ ਵੱਲੋਂ ਧਿਆਨਪੁਰ ਬਲਾਕ ਦੇ ਵੱਖ-ਵੱਖ ਸਕੂਲਾਂ ਦਾ ਵਿਸ਼ੇਸ਼ ਦੌਰਾ
Publish Date: Wed, 04 Nov 2026 03:55 PM (IST)
Updated Date: Wed, 04 Nov 2026 03:56 PM (IST)
ਨਿਸ਼ਾਨ ਸਿੰਘ ਰੰਧਾਵਾ, ਪੰਜਾਬੀ ਜਾਗਰਣ ਧਿਆਨਪੁਰ: ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ, ਉਨ੍ਹਾਂ ਨੂੰ ਸਹੀ ਕੈਰੀਅਰ ਦੀ ਚੋਣ ਕਰਨ ਵਿੱਚ ਮਾਰਗਦਰਸ਼ਨ ਦੇਣ ਅਤੇ ਸਿੱਖਿਆ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਅੱਜ ਧਿਆਨਪੁਰ ਬਲਾਕ ਦੇ ਵੱਖ-ਵੱਖ ਸਕੂਲਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿਰਜ਼ਾਜਾਨ ਅਤੇ ਪੀਐੱਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਧਿਆਨਪੁਰ ਵਿਖੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿੱਤਾ ਮੁਖੀ ਕੋਰਸਾਂ, ਉੱਚ ਸਿੱਖਿਆ ਦੇ ਮੌਕਿਆਂ ਅਤੇ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਗਾਈਡੈਂਸ ਕੌਂਸਲਰ ਧਿਆਨਪੁਰ ਸਰਬਜੀਤ ਸਿੰਘ ਚੱਠਾ ਵੀ ਮੌਜੂਦ ਸਨ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਸਾਥੀਆਂ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ।ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲਾਂ ਵਿੱਚ ਲੀਗਲ ਲਿਟਰੇਸੀ ਕਲੱਬ ਸਥਾਪਿਤ ਕਰਨ ਸਬੰਧੀ ਸਕੂਲ ਮੁਖੀਆਂ ਨੂੰ ਜਾਣਕਾਰੀ ਦਿੱਤੀ ਗਈ।ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਵਿਸ਼ਿਆਂ ਸਬੰਧੀ ਗਿਆਨ ਅਤੇ ਰਚਨਾਤਮਕ ਯੋਗਤਾ ਨੂੰ ਪਰਖਣ ਲਈ ਮੁਕਾਬਲੇ ਵੀ ਕਰਵਾਏ ਗਏ। ਇਸ ਤੋਂ ਇਲਾਵਾ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਇਸ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਭੇਟ ਕਰਕੇ ਉਤਸ਼ਾਹਿਤ ਕੀਤਾ ਗਿਆ।ਇਸ ਮੌਕੇ ਪੀਐਮ ਸ਼੍ਰੀ ਸਕੂਲ ਧਿਆਨਪੁਰ ਦੇ ਇੰਚਾਰਜ ਹਿਤੇਸ਼ ਸ਼ਰਮਾ, ਸਰਕਾਰੀ ਸਕੂਲ ਮਿਰਜ਼ਾਜਾਨ ਦੇ ਇੰਚਾਰਜ ਬਲਵਿੰਦਰ ਸਿੰਘ ਵੀ ਮੌਜੂਦ ਸਨ।