ਸਵੀਪ ਤਹਿਤ ਜ਼ਿਲ੍ਹਾ ਪੱਧਰੀ ਲੇਖ ਰਚਨਾ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਸਵੀਪ ਤਹਿਤ ਜ਼ਿਲ੍ਹਾ ਪੱਧਰੀ ਲੇਖ ਰਚਨਾ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ
Publish Date: Wed, 18 Nov 2026 04:32 PM (IST)
Updated Date: Thu, 19 Nov 2026 04:01 AM (IST)
ਜੀਆਰਪੀ- ਪ੍ਰਸ਼ਨੋਤਰੀ ਮੁਕਾਬਲੇ ਵਿੱਚ ਭਾਗ ਲੈਂਦੇ ਹੋਏ ਵਿਦਿਆਰਥੀ। ਸੁਖਦੇਵ ਸਿੰਘ ਖੁਸ਼ੀਪੁਰ, ਪੰਜਾਬੀ ਜਾਗਰਣ, ਗੁਰਦਾਸਪੁਰ : ਭਾਰਤ ਦੇ ਚੋਣ ਕਮਿਸ਼ਨਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸਮੇਂ-ਸਮੇਂ ’ਤੇ ਸਵੀਪ ਟੀਮ ਵੱਲੋਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ’ਚ ਜ਼ਿਲ੍ਹਾ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾ ਦੇ ਸਹਿਯੋਗ ਨਾਲ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹਾ ਪੱਧਰੀ ਲੇਖ ਰਚਨਾ ਤੇ ਪ੍ਰਸ਼ਨੋਤਰੀ ਮੁਕਾਬਲੇ ਐੱਸਐੱਸਐੱਮ ਕਾਲਜ ਦੀਨਾਨਗਰ ਵਿਖੇ ਕਰਵਾਏ ਗਏ। ਇਸ ਮੌਕੇ ਹਰ ਵਿਧਾਨ ਸਭਾ ਚੋਣ ਹਲਕੇ ਦੀ ਪੱਧਰ ਦੇ ਪ੍ਰਸ਼ਨੋਤਰੀ ਤੇ ਲੇਖ ਰਚਨਾ ਦੇ ਪਹਿਲੇ 10-10 ਜੇਤੂ ਵਿਦਿਆਰਥੀਆਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਮੈਡਮ ਅਦੀਬਾ ਅਨਮ, ਆਈਏਐੱਸ ਅਸਿਸਟੈਂਟ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਦਾਸਪੁਰ ਵੱਲੋਂ ਮੁੱਖ ਮਹਿਮਾਨ ਤੇ ਕਾਲਜ ਪ੍ਰਿੰਸੀਪਲ ਡਾ. ਮੁਖਵਿੰਦਰ ਸਿੰਘ ਰੰਧਾਵਾ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਹਾਇਕ ਨੋਡਲ ਅਫ਼ਸਰ ਸਵੀਪ ਡਾ. ਪਰਮਜੀਤ ਸਿੰਘ ਕਲਸੀ (ਨੈਸ਼ਨਲ ਐਵਾਰਡੀ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਰੀ ਹਦਾਇਤਾਂ ਅਨੁਸਾਰ ਸਵੀਪ ਟੀਮ ਵੱਲੋਂ ਜ਼ਿਲ੍ਹਾ ਪੱਧਰੀ ਲੇਖ ਰਚਨਾ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ ਹਨ, ਜਿਸ ਵਿੱਚ ਜ਼ਿਲ੍ਹੇ ਦੇ 7 ਹਲਕਿਆਂ ਦੇ ਜੇਤੂ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ 11 ਤੇ 12 ਨਵੰਬਰ ਨੂੰ ਜ਼ਿਲ੍ਹੇ ਦੇ ਸਾਰੇ ਸੈਕੰਡਰੀ ਸਕੂਲਾਂ ਤੇ ਕਾਲਜਾਂ ਵਿੱਚ ਸਕੂਲ ਪੱਧਰ ਤੇ ਅਤੇ 17 ਨਵੰਬਰ ਨੂੰ ਹਲਕਾ ਪੱਧਰ ਤੇ ਇਹ ਮੁਕਾਬਲੇ ਕਰਵਾਏ ਗਏ ਸਨ। ਜ਼ਿਲ੍ਹਾ ਪੱਧਰ ਦੇ ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਦੇ ਸਕੂਲਾਂ/ਕਾਲਜਾਂ ਦੇ 78 ਦੇ ਕਰੀਬ ਜੇਤੂ ਵਿਦਿਆਰਥੀਆਂ ਨੇ ਭਾਗ ਲਿਆ। ਮੁੱਖ ਮਹਿਮਾਨ ਅਦੀਬਾ ਅਨਮ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ, ਪੀਸੀਐੱਸ ਨੇ ਕਿਹਾ ਕਿ ਵੋਟਰ ਜਾਗਰੂਕਤਾ ਨਾਲ ਸਬੰਧਤ ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥੀਆਂ ਦਾ ਉਤਸ਼ਾਹ ਸਲਾਹੁਣਯੋਗ ਸੀ।