ਸਟਾਫ ਰਿਪੋਰਟਰ, ਬਟਾਲਾ : ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਤਸੱਲੀਬਖ਼ਸ਼ ਢੰਗ ਨਾਲ ਨਿਪਟਾਰੇ ਲਈ 'ਪੰਜਾਬੀ ਐੱਨਆਰਆਈਜ਼ ਨਾਲ ਮਿਲਣੀ' ਨਾਮਕ ਪੋ੍ਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਦੇ ਐੱਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ 30 ਦਸੰਬਰ ਨੂੰ ਅੰਮਿ੍ਤਸਰ ਵਿਖੇ ਮਾਝੇ ਦੇ ਜ਼ਿਲ੍ਹੇ ਗੁਰਦਾਸਪੁਰ, ਪਠਾਨਕੋਟ, ਅੰਮਿ੍ਤਸਰ ਅਤੇ ਤਰਨਤਾਰਨ ਨਾਲ ਸਬੰਧਤ ਪ੍ਰਵਾਸੀ ਭਾਰਤੀ ਇਸ ਮਿਲਣੀ ਵਿੱਚ ਭਾਗ ਲੈਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 30 ਦਸੰਬਰ ਨੂੰ ਅੰਮਿ੍ਤਸਰ ਵਿਖੇ ਹੋਣ ਵਾਲੀ ਮਿਲਣੀ ਵਿੱਚ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਤੇ ਮਸਲੇ ਸੁਣਕੇ ਸਬੰਧਿਤ ਅਧਿਕਾਰੀਆਂ ਨੂੰ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਮਿਲਣੀ ਵਿੱਚ ਸ਼ਾਮਲ ਹੋਣ ਵਾਲੇ ਪ੍ਰਵਾਸੀ ਭਾਰਤੀਆਂ ਦੀ ਰਜਿਸਟਰੇਸ਼ਨ ਸਵੇਰੇ 10:30 ਵਜੇ ਤੋਂ 11:00 ਵਜੇ ਤੱਕ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਐੱਨਆਰਆਈਜ਼ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਤੇ ਉੱਚ ਅਧਿਕਾਰੀਆਂ ਨੂੰ ਜਲਦ ਨਿਪਟਾਰੇ ਲਈ ਆਦੇਸ਼ ਜਾਰੀ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨਾਲ ਸਬੰਧਿਤ ਸਮੂਹ ਪ੍ਰਵਾਸੀ ਭਾਰਤੀਆਂ ਨੂੰ ਇਸ ਮਿਲਣੀ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।