ਸਰਹੱਦੀ ਪਿੰਡਾਂ ਦੇ 8103 ਨੰਨ੍ਹੇ ਬੱਚਿਆਂ ਨੂੰ ਪਿਆਈਆਂ ਬੂੰਦਾਂ ਸਰਹੱਦੀ ਪਿੰਡਾਂ ਦੇ 8103 ਨੰਨ੍ਹੇ ਬੱਚਿਆਂ ਨੂੰ ਪਿਆਈਆਂ ਬੂੰਦਾਂ
Publish Date: Sun, 22 Nov 2026 04:55 PM (IST)
Updated Date: Mon, 23 Nov 2026 04:04 AM (IST)
- ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਤਿੰਨ ਦਿਨ ਪਿਆਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ : ਡਾਕਟਰ ਲਖਵਿੰਦਰ ਜੀਆਰਪੀ- ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਂਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ। ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ : ਪੋਲੀਓ ਬੀਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ’ਚ ਐਤਵਾਰ ਨੂੰ ਸ਼ੁਰੂ ਕੀਤੀ ਗਈ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਅਧੀਨ ਆਉਂਦੇ ਸਰਹੱਦੀ ਪਿੰਡਾਂ ਵਿੱਚ 8103 ਨੰਨ੍ਹੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਦੇ ਐੱਸਐੱਮਓ ਡਾਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਭਾਵਨਾ ਅਤੇ ਸਿਵਲ ਸਰਜਨ ਡਾ. ਮਹੇਸ਼ ਪ੍ਰਭਾਕਰ ਦੀ ਅਗਵਾਈ ਹੇਠ ਪਲਸ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕਲਾਨੌਰ ਦੇ ਪੋਲੀਓ ਬੂਥਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਬੱਸ ਸਟੈਂਡ ਕਲਾਨੌਰ ਵਿੱਚ ਜ਼ੀਰੋ ਤੋਂ ਪੰਜ ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਐੱਸਐੱਮਓ ਡਾਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਐਤਵਾਰ ਤੋਂ ਸ਼ੁਰੂ ਕੀਤੀ ਗਈ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ ਪਹਿਲੇ ਦਿਨ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਅਧੀਨ ਆਉਂਦੀਆਂ ਵੱਖ-ਵੱਖ ਡਿਸਪੈਂਸਰੀਆਂ ਦੇ ਪਿੰਡਾਂ ਵਿੱਚ 90 ਟੀਮਾਂ, ਜਿਨ੍ਹਾਂ ਵਿੱਚ 1 ਮੋਬਾਈਲ ਟੀਮ, 1 ਬੱਸ ਸਟੈਂਡ ਕਲਾਨੌਰ, 15 ਸੁਪਰਵਾਈਜ਼ਰ ਅਤੇ 166 ਵੈਕਸੀਨੇਟਰ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ 10194 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਤਿੰਨ ਰੋਜ਼ਾ ਮੁਹਿੰਮ ਤਹਿਤ ਪਹਿਲੇ ਦਿਨ 8103 ਨੰਨ੍ਹੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਹਨ। ਐੱਸਐੱਮਓ ਡਾ. ਲਖਵਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਸੋਮਵਾਰ ਅਤੇ ਮੰਗਲਵਾਰ ਨੂੰ ਵੀ ਘਰ-ਘਰ ਜਾ ਕੇ ਨੰਨ੍ਹੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਭਾਵੇਂ ਦੇਸ਼ ਵਿੱਚ ਪੋਲੀਓ ਦਾ ਮੁਕੰਮਲ ਖ਼ਾਤਮਾ ਕਰ ਲਿਆ ਗਿਆ ਹੈ, ਪਰੰਤੂ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਪੋਲੀਓ ਦਾ ਪ੍ਰਕੋਪ ਹੋਣ ਕਾਰਨ ਖ਼ਤਰੇ ਨੂੰ ਲੈ ਕੇ ਅਜੇ ਵੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾਉਣ ਵਿੱਚ ਸਿਹਤ ਕਰਮਚਾਰੀਆਂ ਦਾ ਸਹਿਯੋਗ ਕਰਨ, ਤਾਂ ਜੋ ਪੋਲੀਓ ਦੀ ਨਾਮੁਰਾਦ ਬੀਮਾਰੀ ਤੋਂ ਨੰਨ੍ਹੇ ਬੱਚਿਆਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਨੋਡਲ ਅਫ਼ਸਰ ਨਵਨੀਤ ਸਿੰਘ ਢਿੱਲੋਂ, ਗੁਰਪ੍ਰੀਤ ਪਾਲ, ਸੁਖਜੀਤ ਸਿੰਘ (ਹੈਲਥ ਇੰਸਪੈਕਟਰ), ਸਤਵਿੰਦਰ ਸਿੰਘ (ਹੈਲਥ ਵਰਕਰ), ਗੁਰਮੇਜ ਸਿੰਘ, ਵਿਜੇਪਾਲ ਸਿੰਘ, ਜਸਪਿੰਦਰ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਪਵਨ ਕੁਮਾਰ ਆਦਿ ਹਾਜ਼ਰ ਸਨ।