ਨਸ਼ੇ ਨੇ ਖੋਹਿਆ ਜਵਾਨ ਪੁੱਤ: ਪਿੰਡ ਲੱਖਣ ਕਲਾਂ ਦੇ ਲੋਕਾਂ ਨੇ ਵਿਰੋਧ ’ਚ ਚੁੱਕਿਆ ਵੱਡਾ ਕਦਮ, ਹੁਣ ਨਹੀਂ ਬਖਸ਼ੇ ਜਾਣਗੇ ਨਸ਼ਾ ਵੇਚਣ ਵਾਲੇ
ਪਿੰਡ ਲੱਖਣ ਕਲਾਂ ’ਚ ਨਸ਼ੇ ਕਾਰਨ ਇਕ ਨੌਜਵਾਨ ਦੀ ਮੌਤ ਤੋਂ ਬਾਅਦ ਗ੍ਰਾਮ ਪੰਚਾਇਤ ਨੇ ਨਸ਼ਿਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਂਦਿਆਂ 21 ਮੈਂਬਰੀ ਨਸ਼ਾ ਵਿਰੋਧੀ ਕਮੇਟੀ ਦਾ ਗਠਨ ਕੀਤਾ ਹੈ। ਸਰਪੰਚ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਏ ਆਮ ਇਜਲਾਸ ’ਚ ਪਿੰਡ ਦੀਆਂ ਔਰਤਾਂ, ਮਰਦਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ’ਚ ਹਿੱਸਾ ਲਿਆ ਅਤੇ ਸਰਬਸੰਮਤੀ ਨਾਲ ਨਸ਼ਿਆਂ, ਜੂਏ ਅਤੇ ਹੋਰ ਸਮਾਜਿਕ ਬੁਰਾਈਆਂ ਖ਼ਿਲਾਫ਼ ਮਤਾ ਪਾਸ ਕੀਤਾ ਗਿਆ।
Publish Date: Tue, 28 Jul 2026 09:08 AM (IST)
Updated Date: Tue, 28 Jul 2026 09:12 AM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ। ਪਿੰਡ ਲੱਖਣ ਕਲਾਂ ’ਚ ਨਸ਼ੇ ਕਾਰਨ ਇਕ ਨੌਜਵਾਨ ਦੀ ਮੌਤ ਤੋਂ ਬਾਅਦ ਗ੍ਰਾਮ ਪੰਚਾਇਤ ਨੇ ਨਸ਼ਿਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਂਦਿਆਂ 21 ਮੈਂਬਰੀ ਨਸ਼ਾ ਵਿਰੋਧੀ ਕਮੇਟੀ ਦਾ ਗਠਨ ਕੀਤਾ ਹੈ। ਸਰਪੰਚ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਏ ਆਮ ਇਜਲਾਸ ’ਚ ਪਿੰਡ ਦੀਆਂ ਔਰਤਾਂ, ਮਰਦਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ’ਚ ਹਿੱਸਾ ਲਿਆ ਅਤੇ ਸਰਬਸੰਮਤੀ ਨਾਲ ਨਸ਼ਿਆਂ, ਜੂਏ ਅਤੇ ਹੋਰ ਸਮਾਜਿਕ ਬੁਰਾਈਆਂ ਖ਼ਿਲਾਫ਼ ਮਤਾ ਪਾਸ ਕੀਤਾ ਗਿਆ।
ਸਰਪੰਚ ਸੰਜੀਵ ਕੁਮਾਰ ਅਤੇ ਕਾਮਰੇਡ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੰਡ ਦੇ ਨੌਜਵਾਨ ਸੁੱਚਾ ਸਿੰਘ ਦੀ ਨਸ਼ੇ ਕਾਰਨ ਮੌਤ ਹੋ ਗਈ ਸੀ, ਜਿਸ ਸਬੰਧੀ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ 21 ਮੈਂਬਰੀ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਨਸ਼ਾ ਵੇਚਣ ਵਾਲਿਆਂ ’ਤੇ ਰਹੇਗੀ ਨਜ਼ਰ
ਗਠਿਤ ਕਮੇਟੀ ਪਿੰਡ ’ਚ ਨਸ਼ਾ ਵੇਚਣ, ਜੂਆ ਖੇਡਣ ਅਤੇ ਹੋਰ ਸਮਾਜਿਕ ਬੁਰਾਈਆਂ ’ਚ ਸ਼ਾਮਲ ਲੋਕਾਂ ’ਤੇ ਨਜ਼ਰ ਰੱਖੇਗੀ। ਅਜਿਹੇ ਵਿਅਕਤੀਆਂ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਸ਼ੇ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ’ਚ ਦਾਖ਼ਲ ਕਰਵਾ ਕੇ ਮੁੱਖ ਧਾਰਾ ’ਚ ਲਿਆਉਣ ਲਈ ਵੀ ਯਤਨ ਕੀਤੇ ਜਾਣਗੇ।
ਪਿੰਡ ਵਾਸੀਆਂ ਤੋਂ ਸਹਿਯੋਗ ਦੀ ਅਪੀਲ
ਪੰਚਾਇਤ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਮੁਕਤ ਪਿੰਡ ਦੀ ਮੁਹਿੰਮ ’ਚ ਸਰਗਰਮ ਸਹਿਯੋਗ ਦੇਣ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ’ਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਅਜਿਹੇ ਵਿਅਕਤੀਆਂ ਦੀ ਕਿਸੇ ਤਰ੍ਹਾਂ ਦੀ ਹਮਾਇਤ ਕੀਤੀ ਜਾਵੇਗੀ।