- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਤਾਰਾਗੜ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ
ਤਾਰਾਗੜ੍ਹ: ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਦਿੱਤੇ ਗਏ ਪ੍ਰੋਗਰਾਮ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬਾਬਾ ਸ੍ਰੀ ਚੰਦ ਜੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਦੌਰਾਨ ਜਾਮਨੂੰ ਚੌਂਕ ਤਾਰਾਗੜ੍ਹ ਪੁਤਲਾ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ ਤੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਸਕੱਤਰ ਬਲਵਿੰਦਰ ਸਿੰਘ ਮਾਜਰਾ ਨੇ ਦੱਸਿਆ ਕਿ ਅਮਿਤ ਸ਼ਾਹ ਨੂੰ ਪੰਜਾਬ ਵਿੱਚ ਰੈਲੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਵਿਰੋਧੀ ਮਾਨਸਿਕਤਾ ਵਾਲੀ ਭਾਜਪਾ ਸਰਕਾਰ ਲਗਾਤਾਰ ਦੇਸ਼ ਵਿਰੋਧੀ ਫੈਸਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਖ਼ਤਮ ਕਰਨ ਵਰਗਾ ਮਜ਼ਦੂਰ ਵਿਰੋਧੀ ਫੈਸਲਾ ਕਰਨ ਵਾਲੀ, ਕਿਸਾਨ ਵਿਰੋਧੀ ਖੇਤੀ ਮੰਡੀ ਤੋੜਨ ਵਾਲੀ ਨੀਤੀ, ਵਿਦਿਆਰਥੀ ਵਿਰੋਧੀ ਨਵੀਂ ਸਿੱਖਿਆ ਨੀਤੀ, ਭਾਰਤ ਦੀ ਮੰਡੀ ਨੂੰ ਅਮਰੀਕਾ ਹਵਾਲੇ ਕਰਨ ਵਾਲੇ ਕਰ ਮੁਕਤ ਸਮਝੌਤੇ ਕਰਨ ਵਾਲੀ ਕੇਂਦਰ ਸਰਕਾਰ ਦੇ ਨੁਮਾਇੰਦੇ ਅਮਿਤ ਸ਼ਾਹ ਨੂੰ ਇਨ੍ਹਾਂ ਗੱਲਾਂ ਦਾ ਜਵਾਬ ਦੇਣਾ ਚਾਹੀਦਾ ਹੈ।
ਇਸ ਮੌਕੇ ਆਗੂਆਂ ਨੇ ਕਿਹਾ ਕਿ 19 ਮਾਰਚ ਨੂੰ ਡੀਸੀ ਦਫ਼ਤਰ ਅੰਮ੍ਰਿਤਸਰ ਵਿੱਚ ਲੱਗਣ ਜਾ ਰਹੇ ਮੋਰਚੇ ਦੀ ਮੰਗ ਹੈ ਕਿ ਸ਼ੰਭੂ , ਖਨੌਰੀ ਮੋਰਚੇ ਦੇ ਟਰਾਲੀਆਂ ਅਤੇ ਹੋਰ ਸਾਮਾਨ ਚੋਰੀ ਕਰਕੇ ਕੀਤੇ ਗਏ 3 ਕਰੋੜ 77 ਲੱਖ ਦੇ ਨੁਕਸਾਨ ਦੀ ਭਰਪਾਈ ਤੁਰੰਤ ਕੀਤੀ ਜਾਵੇ, ਅੰਦੋਲਨ ’ਚ ਜ਼ਖ਼ਮੀਆਂ ਤੇ ਸ਼ਹੀਦਾਂ ਦਾ ਰਹਿੰਦਾ ਮੁਆਵਜ਼ਾ ਅਤੇ ਨੌਕਰੀਆਂ ਦਿੱਤੀਆਂ ਜਾਣ, ਜਿੰਨਾਂ ਦੋਸ਼ੀ ਅਧਿਕਾਰੀਆਂ ਨੇ ਕਿਸਾਨਾਂ ਮਜ਼ਦੂਰਾਂ ਤੇ ਤਸ਼ੱਦਦ ਕੀਤਾ ਉਨ੍ਹਾਂ ਦਾ ਸਾਮਾਨ ਚੋਰੀ ਕੀਤਾ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਐਮਐੱਸਪੀ ਗਰੰਟੀ ਕਾਨੂੰਨ, ਕਿਸਾਨਾਂ ਮਜ਼ਦੂਰਾਂ ਦੀ ਕਰਜ ਮੁਕਤੀ ਸਮੇਤ ਰਹਿੰਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ।
ਇਸ ਤੋਂ ਇਲਾਵਾ ਬਿਜਲੀ ਸੋਧ ਬਿਲ 2025, ਬੀਜ ਐਕਟ 2025, ਭਾਰਤ ਅਮਰੀਕਾ ਜਾਂ ਅਨੇਕਾਂ ਮੁਲਕਾਂ ਨਾਲ ਕੀਤੇ ਜਾ ਰਹੇ ਫ੍ਰੀ ਟਰੇਡ ਐਗਰੀਮੈਂਟ ਰੱਦ ਕੀਤੇ ਜਾਣ ਅਤੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਇਜਲਾਸ ਸੱਦ ਕੇ ਇਹਨਾਂ ਖ਼ਿਲਾਫ਼ ਵਿਧਾਨ ਸਭਾ 'ਚ ਮਤਾ ਪਾਸ ਕਰਕੇ ਕੇਂਦਰ ਨੂੰ ਭੇਜਿਆ ਜਾਵੇ। ਉਹਨਾਂ ਪੰਜਾਬ ਸਰਕਾਰ ਵੱਲੋਂ ਸਮਾਰਟ ਮੀਟਰ ਜਾਂ ਪ੍ਰੀਪੇਡ ਮੀਟਰ ਜ਼ਬਰਦਸਤੀ ਲਾਉਣੇ ਬੰਦ ਕਰਨ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਪਰਾਲੀ ਪ੍ਰਦੂਸ਼ਣ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਵੱਲੋਂ ਕੀਤੀਆਂ ਰੈਡ ਐੰਟਰੀਆਂ , ਜੁਰਮਾਨੇ ਤੇ ਪੁਲਿਸ ਕੇਸ ਵਾਪਸ ਲਏ ਜਾਣ, ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦਾ ਇਲਾਜ ਕਰਵਾ ਕੇ, ਨੌਕਰੀ ਜਾਂ ਰੁਜ਼ਗਾਰ ’ਚ ਮਦਦ ਕਰਕੇ ਸਮਾਜ ਵਿੱਚ ਮੁੜ ਵਸੇਬਾ ਕੀਤਾ ਜਾਵੇ ਅਤੇ ਨਸ਼ੇ ਦੀ ਸਪਲਾਈ ਲਈ ਬਣੇ ਸਿਆਸੀ ਪਾਰਟੀਆਂ ਦੇ ਲੀਡਰਾਂ, ਅਪਰਾਧੀਆਂ ਅਤੇ ਪੁਲਿਸ ਅਧਿਕਾਰੀਆਂ ਦੇ ਗੱਠਜੋੜ ਖ਼ਿਲਾਫ਼ ਕਾਰਵਾਈ ਹੋਵੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਮਜਦੂਰ ਅਤੇ ਔਰਤਾਂ ਹਾਜ਼ਿਰ ਸਨ।