ਸੁਖਦੇਵ ਸਿੰਘ, ਬਟਾਲਾ: ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ 'ਚ ਦਿਨ-ਰਾਤ ਲੱਗੀ ਹੋਈ ਹੈ। ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀਆਂ ਹਦਾਇਤਾਂ ਤਹਿਤ ਜਿਥੇ ਸ਼ਹਿਰ ਵਿੱਚ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ। ਉਥੇ ਸਾਰੇ ਸ਼ਹਿਰ ਦੀਆਂ ਸਟਰੀਟ ਲਾਈਟਾਂ ਨੂੰ ਵੀ ਠੀਕ ਕੀਤਾ ਜਾ ਰਿਹਾ ਹੈ। ਕਮਿਸ਼ਨਰ ਨਗਰ ਨਿਗਮ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਵੱਲੋਂ ਸਾਰੇ ਸ਼ਹਿਰ ਦੀਆਂ ਸਟਰੀਟ ਲਾਈਟਾਂ ਦਾ ਸਰਵੇ ਕਰਕੇ ਰਿਪੋਰਟ ਤਿਆਰ ਕੀਤੀ ਗਈ ਹੈ, ਜਿਸ ਵਿੱਚ ਪੂਰੇ ਸ਼ਹਿਰ 'ਚ 216 ਸਟਰੀਟ ਲਾਈਟਾਂ ਖਰਾਬ ਪਾਈਆਂ ਗਈਆਂ ਹਨ, ਜਿਨ੍ਹਾਂ ਨੂੰ ਠੀਕ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਕਰਮਚਾਰੀ ਲਾਈਟਾਂ ਠੀਕ ਕਰਨ ਦੇ ਟਾਸਕ ਉੱਪਰ ਲੱਗੇ ਹੋਏ ਹਨ ਅਤੇ ਬਹੁਤ ਜਲਦੀ ਸਾਰੀਆਂ ਲਾਈਟਾਂ ਨੂੰ ਠੀਕ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਆਹ ਪੁਰਬ ਤੋਂ ਪਹਿਲਾਂ ਹੀ ਸਾਰੇ ਸ਼ਹਿਰ ਨੂੰ ਰੌਸ਼ਨ ਕਰ ਦਿੱਤਾ ਜਾਵੇਗਾ।

ਕਮਿਸ਼ਨਰ ਨਗਰ ਨਿਗਮ ਨੇ ਅੱਗੇ ਦੱਸਿਆ ਕਿ ਵਰਕਿੰਗ ਸਟਰੀਟ ਲਾਈਟਾਂ ਦੀ ਰੀਪੋਰਟ ਲਈ ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ ਅਤੇ ਐਕਸੀਅਨ ਪਾਵਰਕਾਮ ਵੱਲੋਂ ਕਰਾਸ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਤੇ ਵੀ ਕੋਈ ਕਮੀਂ ਨਾ ਰਹਿ ਜਾਵੇ। ਉਨਾਂ੍ਹ ਕਿਹਾ ਕਿ ਇਸਦੇ ਨਾਲ ਹੀ ਸ਼ਹਿਰ ਵਿੱਚ ਨਗਰ ਕੀਰਤਨ ਵਾਲੇ ਰੂਟ ਤੋਂ ਬਿਜਲੀ, ਕੇਬਲ, ਟੈਲੀਫੋਨ ਦੀਆਂ ਤਾਰਾਂ ਉੱਚੀਆਂ ਕਰਵਾਈਆਂ ਜਾ ਰਹੀਆਂ ਹਨ। ਉਨਾਂ੍ਹ ਕਿਹਾ ਕਿ ਪ੍ਰਸ਼ਾਸਨ ਵੱਲੋਂ ਵਿਆਹ ਪੁਰਬ ਦੀਆਂ ਤਿਆਰੀਆਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।