ਸਰਹੱਦ ’ਤੇ ਸ੍ਰੀ ਕਰਤਾਰਪੁਰ ਲਾਂਘੇ ਦਾ ਅੱਠਵਾਂ ਸਥਾਪਨਾ ਦਿਵਸ ਮਨਾਇਆ ਸਰਹੱਦ 'ਤੇ ਸ਼੍ਰੀ ਕਰਤਾਰਪੁਰ ਲਾਂਘੇ ਦਾ ਅੱਠਵਾਂ ਸਥਾਪਨਾ ਦਿਵਸ ਮਨਾਇਆ
Publish Date: Tue, 10 Nov 2026 07:35 PM (IST)
Updated Date: Tue, 10 Nov 2026 07:36 PM (IST)
- ਐੱਲਪੀਆਈ ਨੇ ਮਾਣਮੱਤੀਆਂ ਸ਼ਖ਼ਸੀਅਤਾਂ ਦਾ ਕੀਤਾ ਸਨਮਾਨ - ਨਾਨਕ ਨਾਮ ਲੇਵਾ ਸੰਗਤ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲਾਂਘਾ ਖੋਲ੍ਹਣ ਦੀ ਕੀਤੀ ਮੰਗ ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਡੇਰਾ ਬਾਬਾ ਨਾਨਕ : ਡੇਰਾ ਬਾਬਾ ਨਾਨਕ ਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਮੰਗਲਵਾਰ ਨੂੰ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਸ੍ਰੀ ਕਰਤਾਰਪੁਰ ਲਾਂਘੇ ਦਾ ਅੱਠਵਾਂ ਸਥਾਪਨਾ ਦਿਵਸ ਮਨਾਇਆ ਗਿਆ। ਸ੍ਰੀ ਕਰਤਾਰਪੁਰ ਪੈਸੰਜਰ ਟਰਮੀਨਲ ਦੇ ਮੈਨੇਜਰ ਸੰਦੀਪ ਮਹਾਜਨ ਦੀ ਦੇਖਰੇਖ ਹੇਠ ਇਸ ਮੌਕੇ ਧਾਰਮਿਕ ਸਮਾਗਮ ਵੀ ਕਰਵਾਇਆ ਗਿਆ ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਦੇ ਜਥੇ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੁਰਬਾਣੀ ਨਾਲ ਸੰਬੰਧਿਤ ਰਸ ਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਟਰਮੀਨਲ ਦੇ ਜੀਐੱਮ ਸੰਦੀਪ ਮਹਾਜਨ ਵੱਲੋਂ ਰਾਗੀ ਜਥੇ ਤੇ ਗ੍ਰੰਥੀ ਸਿੰਘਾਂ ਨੂੰ ਸਿਰੋਪਾਓ ਭੇਟ ਕਰਨ ਉਪਰੰਤ ਇਸ ਸਮਾਗਮ ਵਿੱਚ ਸ਼ਾਮਲ ਮਾਣਮੱਤੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਜਸਵਿੰਦਰ ਸਿੰਘ ਵੱਲੋਂ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਰਦਾਸ ਵੀ ਕੀਤੀ ਗਈ। ਜੀਐੱਮ ਸੰਦੀਪ ਮਹਾਜਨ ਵੱਲੋਂ ਸ੍ਰੀ ਕਰਤਾਰਪੁਰ ਟਰਮੀਨਲ ਵਿੱਚ ਤਾਇਨਾਤ ਬੀਐੱਸਐੱਫ ਅਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਐੱਸਡੀਐੱਮ ਲਛਮਣ ਸਿੰਘ, ਡਾਕਟਰ ਸੋਨੀ ਸਿਟੀ ਕਲੱਬ, ਵਿਜੇ ਕੁਮਾਰ, ਬਾਬਾ ਸੁਖਦੇਵ ਸਿੰਘ, ਦੀਪਕ ਚੱਡਾ ਐਕਸੀਅਨ ਤੋਂ ਇਲਾਵਾ ਜਾਗਰਣ ਪਰਿਵਾਰ ਦੇ ਪੱਤਰਕਾਰ ਦਾ ਵੀ ਸਨਮਾਨ ਕੀਤਾ ਗਿਆ। ਬੰਦ ਲਾਂਘਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਖੋਲ੍ਹਣ ਦੀ ਮੰਗ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਅਰਬਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਪੈਸੰਜਰ ਟਰਮੀਨਲ ਨੂੰ ਯੂਪੀ ਦੇ ਲਖਨਊ ਨਾਲ ਸੰਬੰਧਿਤ ਜ਼ਿਲ੍ਹਾ ਬਾਰਾਬਾਂਕੀ ਦੇ ਪਿੰਡ ਪੂਰੇ ਮਿਸ਼ਰਣ ਤੋਂ ਆਪਣੀਆਂ ਚਾਰ ਪੀੜ੍ਹੀਆਂ ਨੂੰ ਸਰਹੱਦ ਤੋਂ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਵਾਉਣ ਆਏ ਸੱਘੂ ਲਾਲ (80), ਦਸ਼ਰਥ ਦੇਈ (78 ਸਾਲ) ਤੇ ਉਨ੍ਹਾਂ ਦੇ ਪੁੱਤਰ ਜਗਨ ਨਾਥ ਨੇ ਦੱਸਿਆ ਕਿ ਉਹ ਆਪਣੀ ਨੂੰਹ ਸ਼ਿਵ ਦੇਵੀ, ਪੋਤਰੇ ਨੂੰ ਸੀਮਾ, ਸ਼ੋਭਾ ਅਤੇ ਪਰਪੋਤਿਆਂ ਸਮੇਤ ਡੇਰਾ ਬਾਬਾ ਨਾਨਕ ਦੀ ਸਰਹੱਦ ’ਤੇ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਅੱਠ ਸਾਲ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਦੇਸ਼ ਦੀ ਆਜ਼ਾਦੀ ਦੇ 72 ਸਾਲਾਂ ਬਾਅਦ ਡੇਰਾ ਬਾਬਾ ਨਾਨਕ ਦੀ ਸਰਹੱਦ ’ਤੇ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਸੀ। ਉਨ੍ਹਾਂ ਕਿਹਾ ਕਿ ‘ਆਪ੍ਰੇਸ਼ਨ ਸਿੰਧੂਰ’ ਤੋਂ ਬਾਅਦ 7 ਮਈ ਤੋਂ ਇਹ ਕਰਤਾਰਪੁਰ ਲਾਂਘਾ ਬੰਦ ਪਿਆ ਹੈ। ਉਨ੍ਹਾਂ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਕਰਤਾਰਪੁਰ ਲਾਂਘਾ ਤੁਰੰਤ ਖੋਲ੍ਹਿਆ ਜਾਵੇ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 24 ਨਵੰਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਉਤਸਵ ਮੌਕੇ ਨਾਨਕ ਨਾਮ ਲੇਵਾ ਸੰਗਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਜਾ ਸਕੇ। ਕੋਰੋਨਾ ਮਹਾਂਮਾਰੀ ਦੌਰਾਨ ਵੀ ਬੰਦ ਹੋਇਆ ਸੀ ਲਾਂਘਾ ਇਸ ਮੌਕੇ ਸੁਖਮਨੀ ਸੇਵਾ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਬਾਜਵਾ, ਪੰਥ ਅਕਾਲੀ ਲਹਿਰ ਦੇ ਭਾਈ ਰਣਜੀਤ ਸਿੰਘ ਖ਼ਾਲਸਾ, ਖ਼ਾਲਸਾ ਪੰਚਾਇਤ ਦੇ ਭਾਈ ਰਜਿੰਦਰ ਸਿੰਘ ਭੰਗੂ, ਅਕਾਲ ਕੌਂਸਲ ਦੇ ਬਿਕਰਮਜੀਤ ਸਿੰਘ ਭੱਟੀ ਆਦਿ ਪੰਥਕ ਆਗੂਆਂ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ 9 ਨਵੰਬਰ 2019 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਖੋਲ੍ਹਿਆ ਗਿਆ ਸੀ, ਜੋ 127 ਦਿਨਾਂ ਬਾਅਦ ਕੋਰੋਨਾ ਮਹਾਂਮਾਰੀ ਕਾਰਨ 16 ਮਾਰਚ 2020 ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਉਸ ਸਮੇਂ 20 ਮਹੀਨੇ ਕਰਤਾਰਪੁਰ ਲਾਂਘਾ ਬੰਦ ਹੋਣ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਦਿਹਾੜੇ ਮੌਕੇ ਮੁੜ 17 ਨਵੰਬਰ 2021 ਨੂੰ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਦਿੱਤਾ ਗਿਆ ਸੀ। ਇਸ ਲਾਂਘੇ ਰਾਹੀਂ ਹੁਣ ਤੱਕ ਡੇਰਾ ਬਾਬਾ ਨਾਨਕ ਦੀ ਸਰਹੱਦ ਰਾਹੀਂ 4,15,640 ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ। ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਹਿਯੋਗ ਨਾਲ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵੱਲੋਂ 5 ਅਰਬ ਦੀ ਲਾਗਤ ਨਾਲ 54 ਏਕੜ ਜ਼ਮੀਨ ਵਿੱਚ ਸਰਹੱਦ ’ਤੇ ਅਜੂਬੇ ਦੀ ਤਰਜ਼ ’ਤੇ ਸ੍ਰੀ ਕਰਤਾਰਪੁਰ ਪੈਸੰਜਰ ਟਰਮੀਨਲ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਹੈ, ਜਿਸ ਦੇ ਪਹਿਲੇ ਪੜਾਅ ਵਿੱਚ ਕਰੀਬ ਤਿੰਨ ਅਰਬ ਰੁਪਏ ਟਰਮੀਨਲ ’ਤੇ ਖਰਚ ਕੀਤੇ ਜਾ ਚੁੱਕੇ ਹਨ।