ਪੰਜਾਬ ’ਚ ਰੁਜ਼ਗਾਰ ਕ੍ਰਾਂਤੀ, ਆਂਗਣਵਾੜੀ ਵਰਕਰਾਂ ਨੂੰ ਮਿਲੇ ਨਿਯੁਕਤੀ ਪੱਤਰ; ਮਾਨ ਸਰਕਾਰ ਦਾ ਵੱਡਾ ਕਦਮ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚੋਂ ਬੇਰੁਜ਼ਗਾਰੀ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵੱਡੇ ਪੱਧਰ 'ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸ ਕਾਰਨ ਆਮ ਪਰਿਵਾਰ ਖੁਸ਼ਹਾਲੀ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ।
Publish Date: Mon, 27 Jul 2026 04:10 PM (IST)
Updated Date: Mon, 27 Jul 2026 04:13 PM (IST)
ਸੰਵਾਦ ਸਹਿਯੋਗੀ, ਕਿਲਾ ਲਾਲ ਸਿੰਘ, ਗੁਰਦਾਸਪੁਰ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚੋਂ ਬੇਰੁਜ਼ਗਾਰੀ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵੱਡੇ ਪੱਧਰ 'ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸ ਕਾਰਨ ਆਮ ਪਰਿਵਾਰ ਖੁਸ਼ਹਾਲੀ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਬਲਬੀਰ ਸਿੰਘ ਪੰਨੂ ਵੱਲੋਂ ਆਮ ਆਦਮੀ ਪਾਰਟੀ ਦੇ ਦਫ਼ਤਰ ਅਲੀਵਾਲ ਵਿਖੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਤੁਹਾਡੀ ਜ਼ਿੰਦਗੀ ਦੀ ਇੱਕ ਨਵੀਂ ਪਾਰੀ ਦੀ ਸ਼ੁਰੂਆਤ ਹੈ।
ਉਹ ਵਾਹਿਗੁਰੂ ਅੱਗੇ ਇਹੀ ਅਰਦਾਸ ਕਰਦੇ ਹਨ ਕਿ ਤੁਸੀਂ ਆਪਣੀ ਇਸ ਪਾਰੀ ਵਿੱਚ ਲਗਾਤਾਰ ਕਾਮਯਾਬੀ ਹਾਸਿਲ ਕਰੋ। ਇਸ ਮੌਕੇ ਉਨ੍ਹਾਂ ਆਂਗਣਵਾੜੀ ਵਰਕਰਾਂ ਨੂੰ ਆਪਣੀ ਡਿਊਟੀ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਤੁਹਾਡੀ ਕਾਮਯਾਬੀ ਦੀ ਪਹਿਲੀ ਪੌੜੀ ਹੈ ਅਤੇ ਤੁਸੀਂ ਪੂਰੀ ਮਿਹਨਤ ਨਾਲ ਕੰਮ ਕਰਦਿਆਂ ਪੌੜੀ ਦਰ ਪੌੜੀ ਅੱਗੇ ਵਧਦੇ ਜਾਣਾ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਮਹਿਲਾ ਸ਼ਕਤੀਕਰਨ ਨੂੰ ਹੋਰ ਵੀ ਮਜ਼ਬੂਤ ਕਰਨ ਲਈ ਵਚਨਬੱਧ ਹਨ ਅਤੇ ਮਾਨ ਸਰਕਾਰ ਵੱਲੋਂ ਆਪਣਾ ਇਹ ਵਚਨ ਲਗਾਤਾਰ ਨਿਭਾਇਆ ਜਾ ਰਿਹਾ ਹੈ।
ਅੱਜ ਬਿਨਾਂ ਕਿਸੇ ਭ੍ਰਿਸ਼ਟਾਚਾਰ ਅਤੇ ਬਿਨਾਂ ਸਿਫ਼ਾਰਸ਼ ਦੇ ਸਰਕਾਰ ਵੱਲੋਂ ਨੌਕਰੀਆਂ ਉਪਲਬਧ ਕਰਵਾ ਕੇ ਬੇਰੁਜ਼ਗਾਰੀ ਨੂੰ ਲਗਾਤਾਰ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਸਿਰਫ਼ ਰੁਜ਼ਗਾਰ ਨਹੀਂ ਸਗੋਂ ਪੰਜਾਬ ਦੇ ਬੱਚਿਆਂ ਦੇ ਸਿਹਤਮੰਦ ਅਤੇ ਸੁਨਹਿਰੇ ਭਵਿੱਖ ਵੱਲ ਇੱਕ ਮਜ਼ਬੂਤ ਕਦਮ ਹੈ।
ਆਂਗਣਵਾੜੀ ਵਰਕਰ ਮਾਂ ਅਤੇ ਨੰਨ੍ਹੇ-ਮੁੰਨੇ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਨਵੇਂ ਨਿਯੁਕਤ ਹੋਏ ਵਰਕਰ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ, ਸਮਰਪਣ ਅਤੇ ਸੇਵਾ ਭਾਵਨਾ ਨਾਲ ਨਿਭਾਉਂਦਿਆਂ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ।
ਇਸ ਮੌਕੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਨੇ ਨਾਅਰਾ ਲਾਉਂਦਿਆਂ ਕਿਹਾ ਕਿ 'ਰੁਜ਼ਗਾਰ, ਲੋਕ ਭਲਾਈ ਅਤੇ ਵਿਕਾਸ, ਇਹੀ ਹੈ ਮਾਨ ਸਰਕਾਰ ਦੀ ਪਛਾਣ'। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਲਗਾਤਾਰ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਇਹ ਸਫ਼ਰ ਇਸੇ ਤਰ੍ਹਾਂ ਅੱਗੇ ਵੀ ਜਾਰੀ ਰਹੇਗਾ।
ਇਸ ਮੌਕੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੇ ਬਲਬੀਰ ਸਿੰਘ ਪੰਨੂ ਨੂੰ ਇਹ ਪੂਰਾ ਵਿਸ਼ਵਾਸ ਦਿਵਾਇਆ ਕਿ ਉਹ ਸਾਰੇ ਤੁਹਾਡੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰਾ ਉਤਰਨਗੇ ਅਤੇ ਆਪਣੀ ਡਿਊਟੀ ਪੂਰੀ ਮਿਹਨਤ, ਲਗਨ, ਦ੍ਰਿੜਤਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਸਮੇਤ ਸਮੂਹ ਆਮ ਆਦਮੀ ਪਾਰਟੀ ਦਾ ਦਿਲੋਂ ਧੰਨਵਾਦ ਕੀਤਾ।