ਐੱਸਡੀ ਕਾਲਜ ’ਚ ਸੰਵਿਧਾਨ ਦਿਵਸ ਮੌਕੇ ਸਮਾਰੋਹ ਐੱਸਡੀ ਕਾਲਜ ਵਿੱਚ ਸੰਵਿਧਾਨ ਦਿਵਸ ਦੇ ਮੌਕੇ 'ਤੇ ਸਮਾਰੋਹ ਦਾ ਆਯੋਜਨ
Publish Date: Fri, 27 Nov 2026 03:50 PM (IST)
Updated Date: Sat, 28 Nov 2026 04:02 AM (IST)
ਜੀਆਰਪੀ- ਸੰਵਿਧਾਨ ਦਿਵਸ ਮੌਕੇ ਆਯੋਜਿਤ ਸਮਾਰੋਹ ਵਿੱਚ ਭਾਗ ਲੈਂਦੇ ਹੋਏ ਕਾਲਜ ਪ੍ਰਿੰਸੀਪਲ ਡਾ. ਨੀਰੂ ਸ਼ਰਮਾ ਤੇ ਸਟਾਫ। ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : ਪੰਡਿਤ ਮੋਹਨ ਲਾਲ ਐੱਸਡੀ ਕਾਲਜ ਫਾਰ ਵੂਮੈਨ ਗੁਰਦਾਸਪੁਰ ਦੇ ਰਾਜਨੀਤੀ ਸ਼ਾਸਤਰ ਵਿਭਾਗ ਤੇ ਐੱਨਐੱਸਐੱਸ ਯੂਨਿਟ ਵੱਲੋਂ ਸਾਂਝੇ ਤੌਰ ਤੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਕਰਤੱਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਇਸ ਮੌਕੇ ਰਾਜਨੀਤੀ ਸ਼ਾਸਤਰ ਵਿਭਾਗ ਦੀ ਪ੍ਰਤੀਕਸ਼ਾ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੇ ਇਤਿਹਾਸ ਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਭਾਰਤੀ ਸੰਵਿਧਾਨ ’ਚ ਦਰਜ ਮੌਲਿਕ ਅਧਿਕਾਰਾਂ, ਮੌਲਿਕ ਕਰਤੱਵਾਂ, ਲੋਕਤੰਤਰਿਕ ਕਦਰਾਂ-ਕੀਮਤਾਂ, ਸਮਾਨਤਾ, ਨਿਆਂ ਤੇ ਆਜ਼ਾਦੀ ਦੇ ਸਿਧਾਂਤਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਸੰਵਿਧਾਨ ਪ੍ਰਤੀ ਸਤਿਕਾਰ ਦੀ ਭਾਵਨਾ ਰੱਖਣ ਤੇ ਇਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਕਰਤੱਵ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ 84 ਐੱਨਐੱਸਐੱਸ ਵਲੰਟੀਅਰਜ਼ ਨੇ ਮਾਈ ਭਾਰਤ ਪੋਰਟਲ ਤੇ ਆਯੋਜਿਤ ਆਨਲਾਈਨ ਕੁਇਜ਼ ਮੁਕਾਬਲੇ ’ਚ ਭਾਗ ਲਿਆ ਤੇ ਸਫ਼ਲਤਾਪੂਰਵਕ ਕੁਇਜ਼ ਪੂਰਾ ਕਰ ਕੇ ਆਨਲਾਈਨ ਸਰਟੀਫ਼ਿਕੇਟ ਪ੍ਰਾਪਤ ਕੀਤੇ। ਕਾਲਜ ਪ੍ਰਿੰਸੀਪਲ ਡਾ. ਨੀਰੂ ਸ਼ਰਮਾ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਕਰਤੱਵਾਂ ਪ੍ਰਤੀ ਵੀ ਸੁਚੇਤ ਹੋਣਾ ਚਾਹੀਦਾ ਹੈ ਅਤੇ ਸਮਾਨਤਾ, ਨਿਆਂ, ਆਜ਼ਾਦੀ ਤੇ ਭਾਈਚਾਰੇ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਇਸ ਮੌਕੇ ਕਾਲਜ ਸਟਾਫ਼ ਹਾਜ਼ਰ ਸੀ।