ਚੇਅਰਮੈਨ ਦੱਤ ਵੱਲੋਂ ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕਾਰਜਕਾਰੀ ਚੇਅਰਮੈਨ ਵਿਜੇ ਦੱਤ ਵੱਲੋਂ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਨਿਰੀਖਣ
Publish Date: Tue, 17 Nov 2026 05:29 PM (IST)
Updated Date: Tue, 17 Nov 2026 05:30 PM (IST)
ਸੁਖਦੇਵ ਸਿੰਘ\ਧਰਮਿੰਦਰ ਸਿੰਘ ਬਾਠ, ਪੰਜਾਬੀ ਜਾਗਰਣ ਬਟਾਲਾ\ਫਤਿਹਗੜ੍ਹ ਚੂੜੀਆਂ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ-ਕਮ- ਕਾਰਜਕਾਰੀ ਚੇਅਰਮੈਨ ਵਿਜੇ ਦੱਤ ਨੇ ਅੱਜ ਫਤਿਹਗੜ੍ਹ ਚੂੜੀਆਂ ਇਲਾਕੇ ਦਾ ਦੌਰਾ ਕਰਦਿਆਂ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਨਿਰੀਖਣ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਦਾਦੂਯੋਧ ਅਤੇ ਪਿੰਡ ਡਾਂਡਾ ਦੇ ਸਰਕਾਰੀ ਸਕੂਲਾਂ ਦਾ ਵੀ ਦੌਰਾ ਕਰਕੇ ਉੱਥੇ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਵਿਜੇ ਦੱਤ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਦਿੱਤੇ ਜਾ ਰਹੇ ਭੋਜਨ ਦੀ ਗੁਣਵੱਤਾ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਬੱਚਿਆਂ ਦੇ ਨਾਲ ਬੈਠ ਕੇ ਪੀਐੱਮ ਪੋਸ਼ਣ ਯੋਜਨਾ (ਮਿਡ-ਡੇ ਮੀਲ) ਤਹਿਤ ਪਰੋਸਿਆ ਜਾਣ ਵਾਲਾ ਭੋਜਨ ਵੀ ਖਾਧਾ ਅਤੇ ਖਾਣੇ ਦੀ ਗੁਣਵੱਤਾ ਦਾ ਖੁਦ ਜਾਇਜ਼ਾ ਲਿਆ। ਇਸ ਮੌਕੇ ਵਿਜੇ ਦੱਤ ਨੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਪੀਣ ਵਾਲੇ ਪਾਣੀ ਦੀ ਸਮੇਂ-ਸਮੇਂ ਤੇ ਜਾਂਚ ਕਰਵਾਈ ਜਾਵੇ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਾਣੀ ਪੀਣ ਯੋਗ ਅਤੇ ਸੁਰੱਖਿਅਤ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਮਿਡ-ਡੇ ਮੀਲ ਤਿਆਰ ਕਰਨ ਵਾਲੇ ਕੁੱਕਾਂ ਦੇ ਫਿਟਨੈੱਸ ਸਰਟੀਫਿਕੇਟ ਯਕੀਨੀ ਬਣਾਉਣ ਅਤੇ ਸਮੇਂ-ਸਮੇਂ ਤੇ ਉਨ੍ਹਾਂ ਦਾ ਸਿਹਤ ਨਿਰੀਖਣ ਕਰਵਾਉਣ ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਵਿਸ਼ੇਸ਼ ਤੌਰ ਤੇ ਕੁੱਕਾਂ ਦੀ ਚਮੜੀ ਨਾਲ ਸਬੰਧਤ ਬਿਮਾਰੀਆਂ ਅਤੇ ਟੀਬੀ ਦੀ ਜਾਂਚ ਕਰਵਾਉਣ ਲਈ ਕਿਹਾ। ਵਿਜੇ ਦੱਤ ਨੇ ਸਕੂਲਾਂ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਹੈਲਪਲਾਈਨ 9876764545 ਨੂੰ ਪ੍ਰਮੁੱਖ ਸਥਾਨ ਤੇ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਵਿਦਿਆਰਥੀ, ਮਾਪੇ ਅਤੇ ਹੋਰ ਲਾਭਪਾਤਰੀ ਖੁਰਾਕ ਸੁਰੱਖਿਆ ਅਤੇ ਪੋਸ਼ਣ ਯੋਜਨਾਵਾਂ ਨਾਲ ਸਬੰਧਤ ਕਿਸੇ ਵੀ ਸਮੱਸਿਆ, ਸ਼ਿਕਾਇਤ ਜਾਂ ਸੁਝਾਅ ਬਾਰੇ ਸਿੱਧੇ ਕਮਿਸ਼ਨ ਤੱਕ ਆਪਣੀ ਗੱਲ ਪਹੁੰਚਾ ਸਕਣ।