- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਈਬ੍ਰਿਡ ਝੋਨੇ ਦੀਆਂ ਕਿਸਮਾਂ ਤੋਂ ਤੌਬਾ ਕਰਕੇ ਮਨਜੂਰਸ਼ੁਦਾ ਝੋਨੇ ਦੀ ਬਿਜਾਈ ਕਰ ਰਿਹਾ ਹੈ ਕਿਸਾਨ ਮਨਦੀਪ ਸਿੰਘ

- ਕਿਸਾਨਾਂ ਨੂੰ ਜਾਗਰੂਕ ਨਹੀਂ ਕਰ ਰਹੇ ਖੇਤੀਬਾੜੀ ਵਿਭਾਗ ਦੇ ਮਾਹਰ : ਮਨਦੀਪ ਸਿੰਘ ਪੰਨੂ
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ
ਕਲਾਨੌਰ : ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ’ਚ ਇਸ ਵੇਲੇ ਕਿਸਾਨਾਂ ਵੱਲੋਂ ਵਧੇਰੇ ਝਾੜ ਲੈਣ ਦੀ ਦੌੜ ’ਚ ਵੱਡੇ ਪੱਧਰ ’ਤੇ ਹਾਈਬ੍ਰਿਡ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਕੀਤੀ ਜਾ ਰਹੀ ਹੈ, ਉਥੇ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਵਡਾਲਾ ਬਾਂਗਰ ਦੇ ਅਗਾਂਹਵਧੂ ਕਿਸਾਨ ਮਨਦੀਪ ਸਿੰਘ ਵੱਲੋਂ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਤੋਂ ਤੌਬਾ ਕਰ ਕੇ ਸਰਕਾਰ ਤੇ ਖੇਤੀਬਾੜੀ ਵਿਭਾਗ ਵੱਲੋਂ ਮਨਜ਼ੂਰਸ਼ੁਦਾ ਪੀਆਰ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਕਰਨ ਤੋਂ ਇਲਾਵਾ ਬਾਸਮਤੀ 1121 ਤੇ ਪਾਕਿਸਤਾਨੀ ਬਾਸਮਤੀ ਦੀ ਬਿਜਾਈ ਕੀਤੀ ਜਾ ਰਹੀ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਅਗਾਂਹਵਧੂ ਕਿਸਾਨ ਮਨਦੀਪ ਸਿੰਘ ਪੰਨੂ ਨੇ ਦੱਸਿਆ ਕਿ ਉਸ ਵੱਲੋਂ ਇਸ ਵਾਰ 40 ਏਕੜ ਦੇ ਕਰੀਬ ਰਕਬੇ ’ਚ ਝੋਨੇ ਦੀ ਬਿਜਾਈ ਕੀਤੀ ਜਾ ਰਹੀ ਹੈ। ਉਸ ਨੇ ਦੱਸਿਆ ਕਿ ਇਸ ਵਾਰ ਕਿਸਾਨਾਂ ਵੱਲੋਂ ਵੱਡੇ ਪੱਧਰ ’ਤੇ ਹਾਈਬ੍ਰਿਡ ਝੋਨੇ ਦੇ ਬੀਜ ਮਹਿੰਗੇ ਭਾਅ ’ਤੇ ਖ਼ਰੀਦ ਕੇ ਬਿਜਾਈ ਕੀਤੀ ਪਨੀਰੀ ਦੀ ਲੁਆਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਈਬ੍ਰਿਡ ਦਾ ਝਾੜ ਦੂਜੀਆਂ ਝੋਨੇ ਦੀਆਂ ਫਸਲਾਂ ਨਾਲੋਂ ਵਧੇਰੇ ਹੋਣ ਕਾਰਨ ਜ਼ਿਆਦਾਤਰ ਕਿਸਾਨ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਕਰ ਰਹੇ ਹਨ। ਮਨਦੀਪ ਸਿੰਘ ਪੰਨੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਕਾਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਿਫਾਰਿਸ਼ ਕੀਤੀ ਗਈ ਪਰਮਲ 321 ਤੇ 110 ਦੀ ਬਿਜਾਈ ਕੀਤੀ ਜਾ ਰਹੀ ਹੈ, ਜਦਕਿ ਕੁਝ ਏਕੜ ਜ਼ਮੀਨ ’ਚ 1121 ਦੀ ਬਿਜਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵਾਰ ਉਨ੍ਹਾਂ ਨੇ ਦੋ ਕਿੱਲੋ ਪਾਕਿਸਤਾਨੀ ਬੀਜ ਮੰਗਵਾਇਆ ਹੋਇਆ ਹੈ ਅਤੇ ਉਸ ਦੀ ਪਨੀਰੀ ਦੀ ਬਿਜਾਈ ਕਰ ਕੇ ਪਾਕਿਸਤਾਨੀ ਬਾਸਮਤੀ ਦੀ ਬਿਜਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਵੱਡੇ-ਵਡੇਰੇ ਪਿਛਲੇ ਸਮਿਆਂ ’ਚ ਪਾਕਿਸਤਾਨੀ ਬਾਸਮਤੀ ਦੀ ਹੀ ਬਿਜਾਈ ਕਰਦੇ ਹੁੰਦੇ ਸਨ। ਪਰ ਕੁਝ ਸਮੇਂ ਤੋਂ ਜ਼ਿਆਦਾ 1121 ਤੇ 1509 ਅਤੇ ਹੋਰ ਬਾਸਮਤੀ ਦੀਆਂ ਕਿਸਮਾਂ ਆਉਣ ਕਾਰਨ ਪਾਕਿਸਤਾਨੀ ਬਾਸਮਤੀ ਦਾ ਬੀਜ ਵੀ ਅਲੋਪ ਹੋ ਗਿਆ ਸੀ। ਇਸ ਮੌਕੇ ਮਨਦੀਪ ਸਿੰਘ ਪੰਨੂ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਖੇਤੀਬਾੜੀ ਕਰਦੇ ਆ ਰਹੇ ਹਨ ਪਰ ਪਿਛਲੇ ਤਿੰਨ-ਚਾਰ ਸਾਲ ਤੋਂ ਖੇਤੀਬਾੜੀ ਵਿਭਾਗ ਦੇ ਮਾਹਰਾਂ ਨੇ ਕਦੇ ਵੀ ਉਨ੍ਹਾਂ ਨਾਲ ਰਾਬਤਾ ਕਾਇਮ ਨਹੀਂ ਕੀਤਾ ਤੇ ਨਾ ਹੀ ਉਸ ਦੇ ਆਸ-ਪਾਸ ਦੇ ਕਿਸਾਨਾਂ ਨੂੰ ਖੇਤੀਬਾੜੀ ਮਾਹਰਾਂ ਵੱਲੋਂ ਜਾਗਰੂਕ ਕੀਤਾ ਗਿਆ ਹੈ, ਜਿਸ ਦਾ ਕਿਸਾਨਾਂ ’ਚ ਭਾਰੀ ਰੋਸ ਹੈ। ਇਸ ਮੌਕੇ ਮਨਦੀਪ ਸਿੰਘ ਪੰਨੂ ਨੇ ਦੱਸਿਆ ਕਿ ਝੋਨੇ ਦੀ ਬਿਜਾਈ ਦੌਰਾਨ ਖੇਤੀਬਾੜੀ ਵਿਭਾਗ ਦੇ ਕਿਸੇ ਕਰਮਚਾਰੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਸਬੰਧੀ ਪ੍ਰੇਰਿਤ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਝੋਨੇ ਦੀ ਬਿਜਾਈ ਤੋਂ ਬਾਅਦ ਆਪਣੀ ਮਨਮਰਜ਼ੀ ਨਾਲ ਖਾਦਾਂ ਤੇ ਦਵਾਈਆਂ ਪਾ ਲੈਣਗੇ ਤਾਂ ਫਿਰ ਵੀ ਖੇਤੀਬਾੜੀ ਵਿਭਾਗ ਦੇ ਮਾਹਰਾਂ ਦੀ ਜਾਗ ਨਹੀਂ ਖੁੱਲ੍ਹੇਗੀ। ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੋਂ ਮੰਗ ਕੀਤੀ ਹੈ ਕਿ ਝੋਨੇ ਦੀ ਬਿਜਾਈ ਦੌਰਾਨ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਕਿਸਾਨਾਂ ਨੂੰ ਝੋਨੇ ਨੂੰ ਪੈਣ ਵਾਲੀਆਂ ਖਾਦਾਂ ਤੇ ਦਵਾਈਆਂ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਕਿਸਾਨ ਬੇਲੋੜੀਆਂ ਖਾਦਾਂ ਤੇ ਦਵਾਈਆਂ ਪਾਉਣ ਤੋਂ ਗ਼ੁਰੇਜ਼ ਕਰ ਸਕਣ।
ਕੈਂਪ ਲਾ ਕੇ ਕਿਸਾਨਾਂ ਨੂੰ ਕੀਤਾ ਜਾ ਰਿਹੈ ਜਾਗਰੂਕ : ਚੀਮਾ
ਇਸ ਸਬੰਧੀ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਸਹਿਬਾਜ਼ ਸਿੰਘ ਚੀਮਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਤੇ ਫਸਲਾਂ ਦੀ ਬਿਜਾਈ ਸਬੰਧੀ ਕੈਂਪ ਲਾ ਕੇ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਗਾਂਹਵਾਧੂ ਕਿਸਾਨ ਉਨ੍ਹਾਂ ਨਾਲ ਸੰਪਰਕ ਕਰਨ।