
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਿਸਾਨਾਂ-ਮਜ਼ਦੂਰਾਂ ਵੱਲੋਂ ਡੀਸੀ ਦਫ਼ਤਰ ਸਾਹਮਣੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਇਕਾਈ ਵੱਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਐਤਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਨੇ ਭਾਗ ਲੈ ਕੇ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਜ਼ਾਹਰ ਕੀਤਾ।
ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ, ਗੁਰਮੁਖ ਸਿੰਘ ਅਤੇ ਦਲੀਪ ਸਿੰਘ ਨੇ ਕਿਹਾ ਕਿ ਪੰਜਾਬ ਭਰ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕਈ ਅਹਿਮ ਮੰਗਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ। ਸਰਕਾਰ ਵੱਲੋਂ ਇਨ੍ਹਾਂ ਮਸਲਿਆਂ ਦਾ ਠੋਸ ਹੱਲ ਨਾ ਕੀਤੇ ਜਾਣ ਕਾਰਨ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਅਪਨਾਉਣ ਲਈ ਮਜ਼ਬੂਰ ਹੋਣਾ ਪਿਆ ਹੈ। ਆਗੂਆਂ ਨੇ ਸਭ ਤੋਂ ਮੁੱਖ ਮੰਗ ਗੰਨੇ ਦਾ ਭਾਅ 600 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਰੱਖੀ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਅਤੇ ਪਠਾਨਕੋਟ ਖੇਤਰ ਦਰਿਆਵਾਂ ਨਾਲ ਜੁੜਿਆ ਹੋਣ ਕਾਰਨ ਇੱਥੇ ਗੰਨੇ ਦੀ ਖੇਤੀ ਵੱਡੇ ਪੱਧਰ 'ਤੇ ਕੀਤੀ ਜਾਂਦੀ ਹੈ। ਕਿਸਾਨਾਂ ਨੂੰ ਪਿਛਲੇ ਸਮੇਂ ਵਿੱਚ ਕਰੀਬ 416 ਰੁਪਏ ਪ੍ਰਤੀ ਕੁਇੰਟਲ ਭਾਅ ਮਿਲਿਆ, ਉਹ ਵੀ ਕਥਿਤ ਤੌਰ 'ਤੇ ਕਿਸ਼ਤਾਂ ਵਿੱਚ, ਜਦੋਂ ਕਿ ਖੇਤੀਬਾੜੀ ਦੀ ਲਾਗਤ ਲਗਾਤਾਰ ਵਧ ਰਹੀ ਹੈ। ਇਸ ਲਈ ਗੰਨੇ ਦਾ ਭਾਅ ਘੱਟੋ-ਘੱਟ 600 ਰੁਪਏ ਪ੍ਰਤੀ ਕੁਇੰਟਲ ਤੈਅ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਬਾਹਰੋਂ ਚੀਨੀ ਮੰਗਵਾਉਣ ਦੀ ਨੀਤੀ ਬੰਦ ਕਰਨ, ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਉਚਿਤ ਮੁੱਲ ਦੇਣ ਅਤੇ ਗੰਨਾ ਉਤਪਾਦਕ ਖੇਤਰਾਂ ਨਾਲ ਕਥਿਤ ਭੇਦਭਾਵ ਖ਼ਤਮ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿੱਚ ਵੱਡੀ ਮਾਤਰਾ ਵਿੱਚ ਗੰਨੇ ਦੀ ਪੈਦਾਵਾਰ ਹੁੰਦੀ ਹੈ, ਪਰ ਸਬਸਿਡੀ ਅਤੇ ਹੋਰ ਸਰਕਾਰੀ ਸਹੂਲਤਾਂ ਦੇ ਮਾਮਲੇ ਵਿੱਚ ਇਸ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਰੱਦ ਕਰਨ ਅਤੇ ਪਿੰਡਾਂ ਵਿੱਚ ਡ੍ਰੋਨਾਂ ਰਾਹੀਂ ਕੀਤੇ ਜਾ ਰਹੇ ਸਰਵੇਖਣ ਦੀ ਪ੍ਰਕਿਰਿਆ ਬੰਦ ਕਰਨ ਦੀ ਮੰਗ ਵੀ ਉਠਾਈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜ਼ਮੀਨ ਅਤੇ ਖੇਤੀ ਨਾਲ ਜੁੜੇ ਮਸਲਿਆਂ 'ਤੇ ਸਰਕਾਰ ਨੂੰ ਕਿਸਾਨਾਂ ਦੀ ਸਹਿਮਤੀ ਅਤੇ ਹਿੱਤਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਕਿਸਾਨ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਗੰਨੇ ਦੇ ਭਾਅ ਸਮੇਤ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਾਰੀਆਂ ਮੰਗਾਂ ਦਾ ਠੋਸ ਅਤੇ ਸੰਤੁਸ਼ਟੀਜਨਕ ਹੱਲ ਨਹੀਂ ਕੱਢਿਆ ਜਾਂਦਾ, ਉਦੋਂ ਤੱਕ ਡੀ.ਸੀ. ਦਫ਼ਤਰ ਸਾਹਮਣੇ ਲਾਇਆ ਗਿਆ ਧਰਨਾ ਅਨਿਸ਼ਚਿਤਕਾਲ ਤੱਕ ਪੂਰੇ ਜੋਸ਼ ਨਾਲ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮੰਗਾਂ ਪ੍ਰਤੀ ਅਣਗਹਿਲੀ ਜਾਰੀ ਰੱਖੇਗੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।