‘ਆਪ’ ਸਰਕਾਰ ’ਚ ਮੰਡੀਆਂ ’ਚ ਹੋ ਰਹੀ ਹੈ ਅੰਨਦਾਤਾ ਦੀ ਲੁੱਟ : ਛੋਟੇਪੁਰ ਆਪ ਸਰਕਾਰ 'ਚ ਮੰਡੀਆਂ ਵਿੱਚ ਹੋ ਰਹੀ ਹੈ ਅੰਨਦਾਤਾ ਕਿਸਾਨ ਦੀ ਲੁੱਟ: ਛੋਟੇਪੁਰ
Publish Date: Sat, 10 Oct 2026 03:19 PM (IST)
Updated Date: Sat, 10 Oct 2026 03:20 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ : ਪਿੰਡ ਵਡਾਲਾ ਬਾਂਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਭਰਵੀਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੁੱਚਾ ਸਿੰਘ ਛੋਟੇਪੁਰ, ਸਾਬਕਾ ਮੰਤਰੀ ਪੰਜਾਬ ਅਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਗਿੱਲ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਯੂਥ ਪ੍ਰਧਾਨ ਹਰਮੀਤ ਸਿੰਘ ਘੁੰਮਣ ਵੀ ਹਾਜ਼ਰ ਸਨ। ਇਸ ਮੌਕੇ ’ਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਵਰਕਰਾਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕਰਦੇ ਹੋਏ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਪੰਜਾਬ ਭਰ ’ਚ ਪਾਰਟੀ ਦੀਆਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਵੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ’ਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਪੰਜਾਬ ਦੇ ਭਲੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਸਾਥ ਦੇਣ ਦੀ ਲੋੜ ਹੈ। ਇਸ ਮੌਕੇ ’ਤੇ ਛੋਟੇਪੁਰ ਨੇ ਮੰਡੀਆਂ ਵਿੱਚ ਝੋਨੇ ਦੀ ਹੋ ਰਹੀ ਬੇਕਦਰੀ ਬਾਰੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਹਮੇਸ਼ਾ ਮੰਡੀਆਂ ਵਿੱਚ ਦੇਸ਼ ਦਾ ਅੰਨਦਾਤਾ ਕਿਸਾਨ ਰੁਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਕਿਸਾਨ ਧੱਕੇ ਖਾ ਰਿਹਾ ਹੈ ਤੇ ਕਿਸਾਨਾਂ ਦੇ ਝੋਨੇ ਨੂੰ ਮੰਡੀਆਂ ਵਿੱਚ ਵੱਡੇ-ਵੱਡੇ ਕੱਟ ਲਾ ਕੇ ਕਿਸਾਨ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਕਿਸਾਨ, ਮਜ਼ਦੂਰ, ਮੁਲਾਜ਼ਮ, ਦੁਕਾਨਦਾਰ ਅਤੇ ਵਪਾਰੀ ਵਰਗ ਨਿਰਾਸ਼ ਹੈ ਤੇ ਚੋਣ ਜਾਫ਼ਤਾ ਲੱਗਦਿਆਂ ਹੀ ਲੋਕ ਇਸ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ। ਇਸ ਮੌਕੇ ਕੈਪਟਨ ਸੁਖਵਿੰਦਰ ਸਿੰਘ ਕੋਟ ਮੀਆ ਸਾਹਿਬ, ਸੀਨੀਅਰ ਮੀਤ ਪ੍ਰਧਾਨ ਐੱਸਸੀ ਵਿੰਗ, ਸੁਵਿੰਦਰ ਸਿੰਘ ਘੁੰਮਣ, ਕੁਲਬੀਰ ਸਿੰਘ ਕੋਟ ਮੀਆ ਸਾਹਿਬ, ਰਣਜੋਧ ਸਿੰਘ ਮਸਤਕੋਟ, ਕੁਲਦੀਪ ਸਿੰਘ, ਸੁਖਜੀਤ ਸਿੰਘ, ਹਰਭਜਨ ਸਿੰਘ, ਰਸ਼ਪਾਲ ਸਿੰਘ, ਗੁਰਜੋਤ ਸਿੰਘ, ਸ਼ਿੰਗਾਰਾ ਸਿੰਘ, ਜਗਦੀਪ ਸਿੰਘ, ਰਣਜੀਤ ਸਿੰਘ, ਸੁਖਜੀਤ ਸਿੰਘ ਆਦਿ ਹਾਜ਼ਰ ਸਨ।