ਆਕਾਸ਼, ਗੁਰਦਾਸਪੁਰ : ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਖੇਤਰੀ ਕੇਂਦਰ, ਗੁਰਦਾਸਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਿਸਾਨ ਮੇਲਾ ਲਾਇਆ ਗਿਆ। ਇਸ ਮੌਕੇ ਸਾਧੂ ਸਿੰਘ ਧਰਮਸੋਤ ਕੈਬਨਿਟ ਮੰਤਰੀ ਜੰਗਲਾਤ ਅਤੇ ਸਮਾਜ ਭਲਾਈ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਘੇ ਵਿਗਿਆਨੀ ਅਤੇ ਪੀਏਯੂ ਦੇ ਸਾਬਕਾ ਵਾਈਸ ਚਾਂਸਲਰ ਡਾ. ਖੇਮ ਸਿੰਘ ਗਿੱਲ ਦੇ ਸਵਰਗਵਾਸ ਹੋ ਜਾਣ 'ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵੱਡੀ ਗਿਣਤੀ ਕਿਸਾਨ ਸ਼ਾਮਲ ਹੋਏ। ਪੀਏਯੂ ਦੇ ਵਿਗਿਆਨੀਆਂ ਦੀ ਸ਼ਲਾਘਾ ਕਰਦਿਆਂ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਖੇਤੀ 'ਚ ਕਾਫ਼ੀ ਤਰੱਕੀ ਕਰ ਰਿਹਾ ਹੈ। ਹਰੀ ਕ੍ਰਾਂਤੀ ਲਿਆ ਕੇ ਦੇਸ਼ ਦੇ ਅੰਨ ਭੰਡਾਰ ਨੂੰ ਭਰਪੂਰ ਕਰਨ ਵਿਚ ਪੰਜਾਬ ਨੇ ਅਹਿਮ ਯੋਗਦਾਨ ਪਾਇਆ। ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਨੇ ਦੇਸ਼ ਦੇ ਕਈ ਸੂਬਿਆਂ ਨੂੰ ਖੇਤੀ ਕਰਨੀ ਸਿਖਾਈ, ਪਰੰਤੂ ਹੱਥੀਂ ਕੰਮ ਕਰਨ ਦੀ ਆਦਤ ਛੱਡਣ ਅਤੇ ਬੇਲੋੜੇ ਖ਼ਰਚੇ ਵਧਾਉਣ ਨਾਲ ਅੱਜ ਕਿਸਾਨੀ ਸੰਕਟ ਵਿਚ ਘਿਰ ਚੁੱਕੀ ਹੈ। ਜਲ ਸੋਮਿਆਂ ਦੀ ਸਾਂਭ-ਸੰਭਾਲ ਕਰਨ, ਖੇਤੀ ਵੰਨ ਸੁਵੰਨਤਾ ਨੂੰ ਅਪਨਾਉਣ ਅਤੇ ਖੇਤੀ ਜਿਨਸਾਂ ਦੇ ਸਵੈ ਮੰਡੀਕਰਨ 'ਤੇ ਜ਼ੋਰ ਦਿੰਦਿਆਂ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਨ ਲਈ ਪ੍ਰੇਰਦਿਆਂ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਵਰ੍ਹੇ ਦੀ ਵਧਾਈ ਦਿੱਤੀ। ਹਵਾ, ਪਾਣੀ ਅਤੇ ਭੂਮੀ ਦੇ ਰੱਖ ਰਖਾਅ 'ਤੇ ਜ਼ੋਰ ਦਿੰਦਿਆਂ ਉਨ੍ਹਾਂ 'ਇਕ ਰੁੱਖ ਸੌ ਸੁੱਖ' ਦੇ ਨਾਅਰੇ 'ਤੇ ਚਲਦਿਆਂ ਵੱਧ ਤੋਂ ਵੱਧ ਬੂਟੇ ਲਾਉਣ ਲਈ ਉਤਸ਼ਾਹਿਤ ਕੀਤਾ।

ਇਸ ਮੌਕੇ ਪੀਏਯੂ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨ ਮੇਲਿਆਂ ਵਿਚ ਕਿਸਾਨਾਂ ਦਾ ਭਰਵਾਂ ਇਕੱਠ ਜਿੱਥੇ ਸਾਡੇ ਵਿਗਿਆਨੀਆਂ ਅਤੇ ਮਾਹਿਰਾਂ ਦੀ ਹੌਸਲਾ ਅਫਜਾਈ ਕਰਦਾ ਹੈ, ਉਥੇ ਉਨ੍ਹਾਂ ਵੱਲੋਂ ਮਿਲਣ ਵਾਲੀ ਫੀਡਬੈਕ ਰਾਹੀਂ ਸਾਡੀ ਖੋਜ ਨੂੰ ਨਵੇਂ ਦਿਸ਼ਾ ਨਿਰਦੇਸ਼ ਦੇਣ ਵਿਚ ਮਦਦ ਮਿਲਦੀ ਹੈ। ਜਲ ਸੋਮਿਆਂ ਦੀ ਸਾਂਭ ਸੰਭਾਲ ਕਰਨ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਤਾਕੀਦ ਕੀਤੀ। ਖੇਤੀ ਲਾਗਤਾਂ ਘਟਾਉਣ ਅਤੇ ਮੁਨਾਫ਼ਾ ਵਧਾਉਣ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਖਾਦਾਂ ਅਤੇ ਕੀਟਨਾਸ਼ਕ ਰਸਾਇਣਾਂ ਦੀ ਸੁਚੱਜੀ ਵਰਤੋਂ ਕਰਨ, ਲਾਗਤਾਂ ਦਾ ਲੇਖਾ-ਜੋਖਾ ਰੱਖਣ ਅਤੇ ਬੇਲੋੜੇ ਖਰਚਿਆਂ ਤੋਂ ਬਚਣ ਲਈ ਉਤਸ਼ਾਹਤ ਕੀਤਾ। ਇਸ ਮੌਕੇ ਉਘੇ ਵਿਗਿਆਨੀ ਡਾ. ਖੇਮ ਸਿੰਘ ਗਿੱਲ, ਸਾਬਕਾ ਵਾਈਸ ਚਾਂਸਲਰ, ਪੀਏਯੂ ਦੇ ਅਕਾਲ ਚਲਾਣੇ 'ਤੇ ਡੂੰਘਾ ਅਫਸੋਸ ਪ੍ਰਗਟ ਕਰਦਿਆਂ ਡਾ. ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੇ ਵਿਛੋੜੇ ਨਾਲ ਸਾਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਡਾ. ਖੇਮ ਸਿੰਘ ਗਿੱਲ ਵੱਲੋਂ ਕਣਕ, ਜੌਂ ਅਤੇ ਹੋਰ ਫਸਲਾਂ ਦੀਆਂ ਵਿਕਸਿਤ ਕੀਤੀਆਂ ਕਿਸਮਾਂ ਅਤੇ ਪਸਾਰ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਢਿੱਲੋਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਡਾ. ਜਸਕਰਨ ਸਿੰਘ ਮਾਹਲ, ਨਿਰਦੇਸ਼ਕ ਪਸਾਰ ਸਿੱਖਿਆ, ਪੀਏਯੂ ਨੇ ਕਿਸਾਨ ਮੇਲੇ ਵਿਚ ਸ਼ਿਰਕਤ ਕਰ ਰਹੇ ਮੁੱਖ ਮਹਿਮਾਨ, ਕਿਸਾਨਾਂ, ਵਿਗਿਆਨੀਆਂ ਅਤੇ ਪਤਵੰਤਿਆਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਡਾ. ਮਾਨਵ ਇੰਦਰ ਸਿੰਘ ਗਿੱਲ, ਡੀਨ, ਹਾਰਟੀਕਲਚਰ ਕਾਲਜ ਅਤੇ ਅਪਰ ਨਿਰਦੇਸ਼ਕ ਖੋਜ ਨੇ ਯੂਨੀਵਰਸਿਟੀ ਦੀਆਂ ਅਹਿਮ ਖੋਜ ਪ੍ਰਰਾਪਤੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਅਗਾਂਹਵਧੂ ਕਿਸਾਨ ਗੁਰਬਿੰਦਰ ਸਿੰਘ ਅਤੇ ਗੁਰਦਿਆਲ ਸਿੰਘ ਨੇ ਆਪਣੇ ਖੇਤੀ ਤਜਰਬੇ ਕਿਸਾਨਾਂ ਨਾਲ ਸਾਂਝੇ ਕੀਤੇ। ਇਸ ਮੌਕੇ ਤੇਜਿੰਦਰ ਸਿੰਘ ਸੰਧੂ, ਏ.ਡੀ.ਸੀ., ਗੁਰਦਾਸਪੁਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਪਾਣੀ ਬਚਾਉਣ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਚਲਾਈਆਂ ਜਾ ਰਹੀਆਂ ਮੁਹਿੰਮਾਂ ਬਾਰੇ ਜਾਣਕਾਰੀ ਦਿੱਤੀ।