ਪਿੰਡ ਔਜਲਾ ਵਿਖੇ ਬੇਲਰ ਨਾਲ ਬਣਾਈਆਂ ਪਰਾਲੀ ਦੀਆਂ ਗੱਠਾਂ ਜ਼ਿਲ੍ਹੇ 'ਚ ਕਿਸਾਨ ਪਰਾਲੀ ਪ੍ਰਬੰਧਨ ਲਈ ਆਏ ਅੱਗੇ, ਪਿੰਡ ਔਜਲਾ ਵਿਖੇ ਬੇਲਰ ਨਾਲ ਬਣਾਈਆਂ ਪਰਾਲੀ ਦੀਆਂ ਗੱਠਾਂ
Publish Date: Mon, 26 Oct 2026 03:47 PM (IST)
Updated Date: Mon, 26 Oct 2026 03:49 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ: ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕਿਸਾਨ ਪਰਾਲੀ ਦੀ ਸਾਂਭ-ਸੰਭਾਲ ਲਈ ਅੱਗੇ ਆ ਰਹੇ ਹਨ। ਇਸੇ ਲੜੀ ਤਹਿਤ ਕਲੱਸਟਰ ਇੰਚਾਰਜ ਅੰਮ੍ਰਿਤਪਾਲ ਕੌਰ (ਏਈਓ) ਨੇ ਦੱਸਿਆ ਕਿ ਪਿੰਡ ਔਜਲਾ, ਬਲਾਕ ਕਲਾਨੌਰ ਵਿਖੇ ਕਿਸਾਨ ਬੇਲਰ ਰਾਹੀਂ ਪਰਾਲੀ ਦੀਆਂ ਗੱਠਾਂ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ-ਨਾਲ ਪਰਾਲੀ ਪ੍ਰਬੰਧਨ ਲਈ ਜਾਗਰੂਕ ਵੀ ਕਰ ਰਹੀਆਂ ਹਨ। ਕਿਸਾਨਾਂ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ਰਾਹੀਂ ਪਰਾਲੀ ਦੀ ਸੰਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਬੇਲਰ, ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਡਰਿੱਲ ਆਦਿ ਆਧੁਨਿਕ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਇਨ੍ਹਾਂ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਉਪਰੰਤ ਕਣਕ ਦੀ ਬਿਜਾਈ ਸਮੇਂ ਸਿਰ ਅਤੇ ਵਾਤਾਵਰਨ ਪੱਖੀ ਢੰਗ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ਵਿੱਚ ਹੀ ਸੰਭਾਲਿਆ ਜਾਵੇ ਜਾਂ ਬੇਲਰਾਂ ਰਾਹੀਂ ਗੱਠਾਂ ਬਣਵਾ ਕੇ ਇਸ ਦਾ ਉਪਯੋਗ ਕੀਤਾ ਜਾਵੇ।