ਕਿਸਾਨ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ : ਬਾਠ ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ : ਚੇਅਰਮੈਨ ਬਾਠ
Publish Date: Sun, 04 Oct 2026 05:47 PM (IST)
Updated Date: Sun, 04 Oct 2026 05:50 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ: ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਬਾਠ ਅਤੇ ਸਕੱਤਰ ਪਵਨ ਕੁਮਾਰ ਬਿਬੋਰੀਆ ਵੱਲੋਂ ਝੋਨੇ ਦੀ ਖਰੀਦ ਸਬੰਧੀ ਵੱਖ-ਵੱਖ ਮੰਡੀਆਂ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਕਿਸਾਨ ਮੰਡੀਆਂ ’ਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਝੋਨੇ ਦੀ ਖਰੀਦ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਤੁਰੰਤ ਕੀਤੀ ਜਾਵੇ। ਇਸ ਮੌਕੇ ਚੇਅਰਮੈਨ ਬਾਠ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਸਬੰਧੀ ਅਨਾਜ਼ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਕਰਨ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ ਕਟਾਈ ’ਚ ਜਲਦਬਾਜ਼ੀ ਨਾ ਕਰਨ ਅਤੇ ਪੱਕੇ ਝੋਨੇ ਦੀ ਕਟਾਈ ਕਰਕੇ ਹੀ ਮੰਡੀਆਂ ’ਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਮੰਡੀਆਂ ਦਾ ਜਾਇਜ਼ਾ ਲੈਣ ਉਪਰੰਤ ਸਾਹਮਣੇ ਆਇਆ ਹੈ ਕਿ ਮੰਡੀਆਂ ’ਚ ਕਿਸਾਨਾਂ ਵੱਲੋਂ ਵੱਢ ਕੇ ਲਿਆਂਦੇ ਝੋਨੇ ਦੇ ਦਾਣੇ ਹਰੇ ਹੋਣ ਕਾਰਨ ਅਤੇ ਝੋਨੇ ਦੀ ਨਮੀ 17 ਤੋਂ ਵੱਧ ਹੋਣ ਕਰਕੇ ਕਿਸਾਨਾਂ ਵੱਲੋਂ ਮੰਡੀਆਂ ’ਚ ਝੋਨਾ ਸੁਕਾਇਆ ਜਾ ਰਿਹਾ ਹੈ। ਇਸ ਮੌਕੇ ਸਕੱਤਰ ਪਵਨ ਕੁਮਾਰ ਬਿਬੋਰੀਆ ਨੇ ਕਿਹਾ ਕਿ ਮਾਰਕੀਟ ਕਮੇਟੀ ਕਲਾਨੌਰ ਅਧੀਨ ਆਉਂਦੀਆਂ ਵੱਖ-ਵੱਖ ਮੰਡੀਆਂ ’ਚ ਸਰਕਾਰੀ ਖਰੀਦ ਏਜੰਸੀਆਂ ਪਹੁੰਚ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆੜ੍ਹਤੀਆਂ ਨਾਲ ਤਾਲਮੇਲ ਕਰਕੇ ਹੀ ਮੰਡੀਆਂ ’ਚ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਦਾ ਝੋਨਾ ਤੁਰੰਤ ਮੰਡੀਆਂ ’ਚ ਵਿਕ ਸਕੇ। ਇਸ ਮੌਕੇ ਮਾਰਕੀਟ ਕਮੇਟੀ ਦੇ ਕਰਮਚਾਰੀ ਗੁਰਸ਼ਰਨਜੀਤ ਸਿੰਘ ਪੁਰੇਵਾਲ, ਹਰਭਜਨ ਸਿੰਘ ਸੰਧੂ, ਜਤਿੰਦਰ ਭਾਰਲ ਆਦਿ ਹਾਜ਼ਰ ਸਨ।