ਨਿੱਜੀ ਹੋਟਲ ਦੇ ਬਾਹਰ ਫਾਇਰਿੰਗ, ਪੁਲਿਸ ਵੱਲੋਂ ਜਾਂਚ ਸ਼ੁਰੂ
ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ 'ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ, ਪੁਲਿਸ ਨੇ ਸ਼ੁਰੂ ਕੀਤੀ ਜਾਂਚ
Publish Date: Tue, 24 Nov 2026 05:57 PM (IST)
Updated Date: Wed, 25 Nov 2026 04:07 AM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ਤੇ ਸਥਿਤ ਇੱਕ ਨਿੱਜੀ ਹੋਟਲ ਦੇ ਬਾਹਰ ਸੋਮਵਾਰ ਰਾਤ ਨੂੰ ਦੋ ਨੌਜਵਾਨਾਂ ਵੱਲੋਂ ਹਵਾਈ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦਿਆਂ ਹੀ ਗੁਰਦਾਸਪੁਰ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ। ਪੁਲਿਸ ਨੇ ਘਟਨਾ ਸਥਾਨ ਤੋਂ ਗੋਲੀਆਂ ਦੇ ਦੋ ਖੋਲ ਵੀ ਬਰਾਮਦ ਕੀਤੇ ਹਨ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਤੇ ਤਾਇਨਾਤ ਪੁਲਿਸ ਕਰਮਚਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋ ਨੌਜਵਾਨ ਨਿੱਜੀ ਹੋਟਲ ਤੋਂ ਬਾਹਰ ਨਿਕਲੇ ਅਤੇ ਕੁਝ ਦੂਰੀ ਤੇ ਪਹੁੰਚ ਕੇ ਹਵਾ ਵਿੱਚ ਦੋ ਫਾਇਰ ਕਰ ਦਿੱਤੇ। ਗੋਲੀਆਂ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਸਹਿਮ ਗਏ। ਇਸ ਦੌਰਾਨ ਨੇੜੇ ਹੀ ਮੌਜੂਦ ਇੱਕ ਦੁਕਾਨਦਾਰ ਨੇ ਘਟਨਾ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਟੀਮ ਤੁਰੰਤ ਘਟਨਾ ਸਥਾਨ ਤੇ ਪਹੁੰਚੀ ਅਤੇ ਆਸਪਾਸ ਦੇ ਲੋਕਾਂ ਨਾਲ ਪੁੱਛਗਿੱਛ ਕੀਤੀ। ਪੁਲਿਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਫਾਇਰਿੰਗ ਕਰਨ ਵਾਲੇ ਨੌਜਵਾਨਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਗੋਲੀ ਚਲਾਉਣ ਵਾਲੇ ਕੌਣ ਸਨ ਅਤੇ ਉਨ੍ਹਾਂ ਨੇ ਗੋਲੀ ਕਿਉਂ ਚਲਾਈ, ਇਸ ਬਾਰੇ ਕੋਈ ਖੁਲਾਸਾ ਨਹੀਂ ਹੋਇਆ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲ ਰਹੀ ਹੈ।