ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਾ ਪਹਿਲਾ ਕੈਂਪ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਾ ਪਹਿਲਾ ਕੈਂਪ
Publish Date: Wed, 30 Sep 2026 04:18 PM (IST)
Updated Date: Wed, 30 Sep 2026 04:21 PM (IST)
ਸਰਬਜੀਤ ਚਾਹਲ, ਪੰਜਾਬੀ ਜਾਗਰਣ, ਗੁਰਦਾਸਪੁਰ : ਮੋਹਿੰਦਰ ਭਗਤ ਕੈਬਨਿਟ ਮੰਤਰੀ ਰੱਖਿਆ ਸੇਵਾਵਾਂ ਭਲਾਈ ਪੰਜਾਬ ਵੱਲੋਂ ਹੋਏ ਆਦੇਸ਼ਾਂ ਦੇ ਸਨਮੁੱਖ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ, ਨਕਾਰਾ ਸੈਨਿਕਾਂ (ਓਪਰੇਸ਼ਨਾਂ ਦੌਰਾਨ), ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਆਸ਼ਰਿਤਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ/ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਗੁਰਦਾਸਪੁਰ ਵਿਖੇ ਪਹਿਲਾ ਕੈਂਪ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਗੁਰਦਾਸਪੁਰ ਵੱਲੋਂ ਲਗਾਇਆ ਗਿਆ। ਇਸ ਕੈਂਪ ’ਚ ਗੁਰਦਾਸਪੁਰ ਤਹਿਸੀਲ ਦੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਵੱਡੀ ਗਿਣਤੀ ’ਚ ਹਾਜ਼ਰੀ ਭਰੀ ਗਈ। ਸਮਾਗਮ ਦੀ ਸ਼ੁਰੂਆਤ ਕਰਦਿਆਂ ਕਮਾਂਡਰ ਬਲਜਿੰਦਰ ਵਿਰਕ (ਰਿਟਾ.), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਗੁਰਦਾਸਪੁਰ ਵੱਲੋਂ ਪੰਜਾਬ ਸਰਕਾਰ, ਵਿਭਾਗ ਅਤੇ ਦਫ਼ਤਰ ਵੱਲੋਂ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਵੱਲੋਂ ਕੈਂਪ ’ਚ ਪਹੁੰਚੇ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਤੋਂ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਲਈ ਗਈ। ਇਸ ਮੌਕੇ ਐੱਸਡੀਐੱਮ ਦਫ਼ਤਰ ਦੇ ਨੁਮਾਇੰਦੇ ਵੀ ਹਾਜ਼ਰ ਸਨ, ਜਿਨ੍ਹਾਂ ਨਾਲ ਗੱਲਬਾਤ ਕਰਕੇ ਪ੍ਰਸ਼ਾਸਨ ਨਾਲ ਸਬੰਧਤ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ ਗਿਆ। ਇਸ ਮੌਕੇ ਐੱਸਡੀਐੱਮ ਦਫ਼ਤਰ ਤੋਂ ਆਏ ਅਧਿਕਾਰੀ ਨੇ ਖੁਦ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਪੱਧਰ ਦਾ ਕੋਈ ਦਫ਼ਤਰੀ ਕੰਮ ਹੋਵੇ ਤਾਂ ਉਹ ਉਨ੍ਹਾਂ ਦੇ ਦਫ਼ਤਰ ਵਿਖੇ ਪਹੁੰਚ ਕੇ ਆਪਣੀ ਸਮੱਸਿਆ ਦੱਸ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਉਨ੍ਹਾਂ ਦੇ ਦਫ਼ਤਰ ਵੱਲੋਂ ਪੁਰਜ਼ੋਰ ਕੋਸ਼ਿਸ਼ ਕੀਤੀ ਜਾਵੇਗੀ।