ਗੁਰਦਾਸਪੁਰ ’ਚ ਮੌਜੂਦ ਈਵੀਐੱਮਜ਼ ਤੇ ਵੀਵੀਪੀਏਟੀ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਗੁਰਦਾਸਪੁਰ ਵਿਖੇ ਮੌਜੂਦ ਈਵੀਐੱਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ
Publish Date: Fri, 13 Nov 2026 05:10 PM (IST)
Updated Date: Sat, 14 Nov 2026 04:01 AM (IST)
ਜੀਆਰਪੀ- ਈਵੀਐੱਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦੌਰਾਨ ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ। ਸਰਬਜੀਤ ਚਾਹਲ, ਪੰਜਾਬੀ ਜਾਗਰਣ ਗੁਰਦਾਸਪੁਰ : ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਮੌਜੂਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐੱਮਜ਼) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐੱਫਐੱਲਸੀ) ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਮੌਜੂਦਗੀ ’ਚ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਅੰਡਰ ਸੈਕਟਰੀ ਕਨਿਸ਼ਕਾ ਕੁਮਾਰ, ਸੈਕਸ਼ਨ ਅਫਸਰ ਸ਼ਿਵ ਅਰੋੜਾ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਪਿੰਡ ਘੁੱਲਾ ਵਿਖੇ ਵੇਅਰਹਾਊਸ ’ਚ ਰੱਖੀਆਂ ਈਵੀਐੱਮਜ਼ ਤੇ ਵੀਵੀਪੀਏਟੀ ਦੀ ਫਸਟ ਲੈਵਲ ਚੈਕਿੰਗ ਕੀਤੀ ਗਈ। ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਈਵੀਐੱਮਜ਼ ਅਤੇ ਵੀਵੀਪੀਏਟੀ ਦੀ ਇਹ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੁਆਰਾ ਨਿਰਧਾਰਤ ਇੱਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ। ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ, ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ਵਿੱਚ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਅਤੇ ਵੀਵੀਪੀਏਟੀ ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐੱਲ) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਕੀਤੀ ਗਈ। ਦੱਸਣਯੋਗ ਹੈ ਕਿ ਜ਼ਿਲ੍ਹਾ ਗੁਰਦਾਸਪੁਰ ‘ਚ ਕੁੱਲ 1608 ਪੋਲਿੰਗ ਸਟੇਸ਼ਨ ਹਨ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ, ਸਾਰੰਗਪ੍ਰੀਤ ਸਿੰਘ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਤੇ ਤਹਿਸੀਲਦਾਰ ਚੋਣਾਂ ਮਨਜਿੰਦਰ ਸਿੰਘ ਬਾਜਵਾ ਵੀ ਹਾਜ਼ਰ ਸਨ।