- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨਾ ਅਤੇ ਚੋਣਾਂ ਭੁੱਲ ਜਾਓ, ਪੰਜਾਬੀਆਂ ਨੂੰ ਦੱਸੋ ਕਿ ਪੰਜਾਬ ਦੇ ਖ਼ਜ਼ਾਨੇ ਨੂੰ ਕਿਹੜਾ ਚੂਨਾ ਲਾਇਆ—ਹਰਸਿਮਰਤ ਕੌਰ

ਔਰਤਾਂ ਨੂੰ ‘ਖ਼ਬਰੀ’ ਬਣ ਕੇ ਲੜਾਈ ਲੜਨ ਤੇ ਮਾਵਾਂ-ਧੀਆਂ ਦੀ ਫ਼ੌਜ ਤਹਿਤ ਸਾਰੇ ਗ਼ਲਤ ਕੰਮ ਦਰਜ ਕਰਨ ਦੀ ਅਪੀਲ
ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੰਦਿਆਂ ਪੁੱਛਿਆ ਕਿ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਵਿੱਚ ਨਸ਼ੇ ਦੇ ਕਿਹੜੇ ਸਰਗਨਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਵੱਡੀ ਗਿਣਤੀ ’ਚ ਔਰਤਾਂ ਦੀਆਂ ਸਭਾਵਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਤੋਂ ਸਵਾਲ ਕੀਤਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਹੁਣ ਤੱਕ ਕਿਹੜੇ ‘ਚਿੱਟਾ’ ਕਾਰਖ਼ਾਨੇ ’ਤੇ ਛਾਪੇ ਮਾਰੇ ਹਨ। ਉਨ੍ਹਾਂ ਕਿਹਾ ਕਿ ਇਹ ਤੱਥ ਹੈ ਕਿ ਵੱਡੇ ਡਰੱਗ ਮਾਫ਼ੀਆ ਅਤੇ ਉਨ੍ਹਾਂ ਦੇ ਕਾਰਖ਼ਾਨਿਆਂ ਦਾ ਅਛੂਤਾ ਰਹਿਣਾ ਇਸ ਗੱਲ ਦਾ ਸਬੂਤ ਹੈ ਕਿ ਸੀਐੱਮ ਦਾ ਇਸ ਸਮੱਸਿਆ ਨਾਲ ਨਜਿੱਠਣ ਦਾ ਕੋਈ ਇਰਾਦਾ ਨਹੀਂ। ਉਹ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਕਰਵਾਈ ਗਈ ਮਾਵਾਂ-ਧੀਆਂ ਦੀ ਲਲਕਾਰ ਰੈਲੀ ਨੂੰ ਸੰਬੋਧਨ ਕਰ ਰਹੇ ਸਨ।
ਹਰਸਿਮਰਤ ਕੌਰ ਬਾਦਲ ਨੇ ਇਲਜ਼ਾਮ ਲਾਇਆ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਨਸ਼ੇ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ 5 ਲੱਖ ਪਾਰ ਕਰ ਗਿਆ ਹੈ। ਜੇਕਰ ਅਸੀਂ ਇੱਕ ਪਿੰਡ ਵਿੱਚ ਨਸ਼ੇ ਨਾਲ ਸੰਬੰਧਿਤ ਇੱਕ ਸਾਲ ਵਿੱਚ ਪੰਜ ਮੌਤਾਂ ਦੀ ਔਸਤ ਲਈਏ ਤਾਂ 13 ਹਜ਼ਾਰ ਪਿੰਡਾਂ ਲਈ 3.25 ਲੱਖ ਦਾ ਅੰਕੜਾ ਮਿਲੇਗਾ। ਜੇਕਰ ਅਸੀਂ ਕਸਬਿਆਂ ਅਤੇ ਸ਼ਹਿਰਾਂ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਨੂੰ ਧਿਆਨ ਵਿੱਚ ਰੱਖੀਏ ਤਾਂ ਇਹ ਅੰਕੜਾ ਪੰਜ ਤੋਂ ਛੇ ਲੱਖ ਮੌਤਾਂ ਤੱਕ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਦਿਨ-ਬ-ਦਿਨ ਹੋ ਰਹੀਆਂ ਮੌਤਾਂ ਨੂੰ ਰੋਕਣ ਲਈ ਸੱਚਾਈ ਸਾਹਮਣੇ ਲਿਆ ਕੇ ਕੁਝ ਕਰਨ ਦੀ ਬਜਾਏ ਮੁੱਖ ਮੰਤਰੀ ਪੰਜਾਬ ਦੀਆਂ ਔਰਤਾਂ ਦੇ ਨਾਲ ਖੜ੍ਹਨ ਦਾ ਕਹਿ ਕੇ ਉਨ੍ਹਾਂ ਦਾ ਮਜ਼ਾਕ ਉਡਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦਾ ਕਹਿਣਾ ਹੈ ਕਿ ਮੈਨੂੰ ‘ਝੋਨਾ’ ਅਤੇ ‘ਚੋਣਾਂ’ ਵਿਚਾਲੇ ਅੰਤਰ ਨਹੀਂ ਪਤਾ। ਉਹ ਉਨ੍ਹਾਂ ਨੂੰ ਦੱਸਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾ ਸਿਰਫ਼ ‘ਝੋਨਾ’ ਅਤੇ ‘ਚੋਣਾਂ’ ਦਾ ਪਤਾ ਹੈ, ਸਗੋਂ ਪੀਸੀਐੱਸ ਮੁੱਖ ਪ੍ਰੀਖਿਆ ਵਿੱਚ ਬਾਹਰਲੇ ਲੋਕਾਂ ਦੀ ਚੋਣ ਦੀ ਸੁਵਿਧਾ ਪ੍ਰਦਾਨ ਕਰ ਕੇ ਪੰਜਾਬ ਦੇ ਖ਼ਜ਼ਾਨੇ ਅਤੇ ਯੋਗ ਉਮੀਦਵਾਰਾਂ ਨਾਲ ਕੀਤੀ ਗਈ ‘ਚੂਨਾ’ (ਧੋਖਾਧੜੀ) ਬਾਰੇ ਵੀ ਜਾਣਦੇ ਹਨ।
ਬਾਦਲ ਨੇ ਆਮ ਆਦਮੀ ਪਾਰਟੀ ਵੱਲੋਂ ਨਸ਼ੇ ਨਾਲ ਹੋਣ ਵਾਲੀਆਂ ਮੌਤਾਂ ਦੇ ਅੰਕੜੇ ਛੁਪਾਉਣ ਦੀ ਨਿੰਦਾ ਕੀਤੀ। ਉਨ੍ਹਾਂ ਇਲਜ਼ਾਮ ਲਾਇਆ ਕਿ ਨਸ਼ੇ ਦੀ ਓਵਰਡੋਜ਼ ਨਾਲ ਪੀੜਤ ਬਟਾਲਾ ਦੇ ਬਿਕਰਮਜੀਤ ਸਿੰਘ ਦਾ ਜ਼ਬਰਦਸਤੀ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਔਰਤਾਂ ਉਨ੍ਹਾਂ ਕੋਲ ਆ ਰਹੀਆਂ ਹਨ ਅਤੇ ਬੱਚਿਆਂ ਨੂੰ ਨਸ਼ੇ ਦੇ ਸੰਕਟ ਤੋਂ ਬਚਾਉਣ ਲਈ ਗੁਹਾਰ ਲਾ ਰਹੀਆਂ ਹਨ। ਇਹੀ ਕਾਰਨ ਹੈ ਕਿ ਉਨ੍ਹਾਂ ਨੇ ਨਸ਼ਾ ਮਾਫ਼ੀਆ ਨਾਲ ਨਜਿੱਠਣ ਲਈ ‘ਮਾਈ ਭਾਗੋ ਦੀ ਫ਼ੌਜ’ ਦਾ ਗਠਨ ਕੀਤਾ ਹੈ। ਉਹ ‘ਮਾਈ ਭਾਗੋ ਦੀ ਫ਼ੌਜ’ ਦੇ ਮੈਂਬਰਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਸ਼ਾ ਵੇਚਣ ਵਾਲਿਆਂ ਦੇ ਨਾਲ-ਨਾਲ ਉਨ੍ਹਾਂ ਦੀ ਸਰਪ੍ਰਸਤੀ ਕਰਨ ਵਾਲਿਆਂ ਦਾ ਵੀ ਰਿਕਾਰਡ ਰੱਖਣ। ਉਨ੍ਹਾਂ ਦੀ ਸਰਕਾਰ ਸਾਰੇ ਅਪਰਾਧੀਆਂ ਖ਼ਿਲਾਫ਼ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀਆਂ ਲਈ ਪੁਨਰਵਾਸ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਨਵੀਂ ਸ਼ੁਰੂਆਤ ਕਰਨ ਲਈ ਹੁਨਰ ਪ੍ਰਦਾਨ ਕੀਤਾ ਜਾਵੇਗਾ। ਨਸ਼ੇ ਦੇ ਅਪਰਾਧੀਆਂ ਨੂੰ ਦਸ ਸਾਲ ਤੱਕ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਤੋਂ ਇਲਾਵਾ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਅਤੇ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਇੱਕ ਨਵਾਂ ਕਾਨੂੰਨ ਵੀ ਬਣਾਇਆ ਜਾਵੇਗਾ।