ਸਾਬਕਾ ਵਿਧਾਇਕ ਲਾਡੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਬੱਸ ਨੂੰ ਦਿਖਾਈ ਹਰੀ ਝੰਡੀ ਸਾਬਕਾ ਵਿਧਾਇਕ ਬਲਵਿੰਦਰ ਲਾਡੀ ਨੇ ਊਧਨਵਾਲ ਤੋਂ ਮੁੱਖ ਮੰਤਰੀ ਪੰਜਾਬ ਤੀਰਥ ਯਾਤਰਾ ਯੋਜਨਾ ਦੀ ਬੱਸ ਨੂੰ ਦਿਖਾਈ ਹਰੀ ਝੰਡੀ,
Publish Date: Sat, 25 Jul 2026 07:24 PM (IST)
Updated Date: Sat, 25 Jul 2026 07:25 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਉਧਨਵਾਲ ਵਿਖੇ ਅੱਜ ਮੁੱਖ ਮੰਤਰੀ ਪੰਜਾਬ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਲਾਡੀ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸਦੇ ਨਾਲ ਹੀ ਬਲਵਿੰਦਰ ਸਿੰਘ ਲਾਡੀ ਵੱਲੋਂ ਪਿੰਡ ਧੰਦੋਈ ਦੇ ਸਰਕਾਰੀ ਸਕੂਲ ’ਚ ਸਿੱਖਿਆ ਕ੍ਰਾਂਤੀ ਤਹਿਤ ਸਕੂਲ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਇਲਾਕਾ ਵਾਸੀ ਵੀ ਮੌਜੂਦ ਰਹੇ। ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲੋਕਾਂ ਲਈ ਇੱਕ ਲੋਕ-ਹਿਤੈਸ਼ੀ ਉਪਰਾਲਾ ਹੈ, ਜਿਸ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ’ਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾ ਦੇ ਵਿਦਿਆਰਥੀ ਲਗਾਤਾਰ ਬੋਰਡ ਪ੍ਰੀਖਿਆਵਾਂ ਅਤੇ ਖੇਡਾਂ ’ਚ ਮੱਲਾ ਮਾਰਦੇ ਹੋਏ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਏ ਗਏ ਸਕੂਲ ਆਫ ਐਮੀਨੈਂਸ ਵੀ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮੁਹੱਈਆ ਕਰਵਾ ਰਹੇ ਹਨ। ਇਸ ਪ੍ਰੋਗਰਾਮ ਤੋਂ ਬਾਅਦ ਹਲਕੇ ਦੀ ਸਿਆਸਤ ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਈ ਹੈ। - ਬਲਵਿੰਦਰ ਲਾਡੀ ਦੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ’ਤੇ ਬਦਲੇ ਹਲਕੇ ਦੀ ਰਾਜਨੀਤੀ ਦੇ ਸਮੀਕਰਨ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਕੁਝ ਦਿਨ ਪਹਿਲਾਂ ਹੀ ਚੰਡੀਗੜ੍ਹ ’ਚ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਆਖਦੇ ਹੋਏ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਸਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਬਲਵਿੰਦਰ ਸਿੰਘ ਲਾਡੀ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਨ੍ਹਾਂ ਦੀ ਇਸ ਹਲਕੇ ’ਤੇ ਕਾਫੀ ਚੰਗੀ ਪਕੜ ਵੀ ਹੈ। ਬਲਵਿੰਦਰ ਸਿੰਘ ਲਾਡੀ ਦੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੀ ਰਾਜਨੀਤੀ ਦੇ ਸਮੀਕਰਨ ਪੂਰੀ ਤਰ੍ਹਾਂ ਬਦਲ ਚੁੱਕੇ ਹਨ। ਹਾਲਾਕਿ ਕੁਝ ਦਿਨ ਪਹਿਲਾਂ ਹੀ ਬਲਵਿੰਦਰ ਸਿੰਘ ਲਾਡੀ ਵਲੋਂ ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਮੁਲਾਕਾਤ ਕੀਤੀ ਗਈ ਅਤੇ ਉਸ ਮੁਲਾਕਾਤ ਤੋਂ ਬਾਅਦ ਬਲਵਿੰਦਰ ਸਿੰਘ ਲਾਡੀ ਦਾ ਵੱਖਰਾ ਹੀ ਰੂਪ ਦੇਖਣ ਨੂੰ ਮਿਲਿਆ ਹੈ। ਬਲਵਿੰਦਰ ਸਿੰਘ ਲਾਡੀ ਵਲੋਂ ਰਾਤੋ ਰਾਤ ਹੀ ਸਬ ਡਵੀਜਨ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਥਾਣਿਆਂ ’ਚ ਐੱਸ.ਐੱਚ.ਓਜ਼ ਦੀਆਂ ਬਦਲੀਆਂ ਕਰਵਾਈਆਂ ਅਤੇ ਆਪਣੇ ਨਿਵਾਸ ਸਥਾਨ ’ਤੇ ਪੁਲਸ ਅਤੇ ਪ੍ਰਸਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਬਲਵਿੰਦਰ ਸਿੰਘ ਲਾਡੀ ਅਤੇ ਹਲਕੇ ਦੇ ਮੌਜੂਦਾ ਵਿਧਾਇਕ ਅਮਰਪਾਲ ਸਿੰਘ ਦੇ ਵਿਚਕਾਰ ਸਿਆਸੀ ਖਿਚੋਤਾਨ ਦੇਖਣ ਨੂੰ ਮਿਲ ਰਹੀ ਹੈ ਅਤੇ ਹਲਕੇ ਦੇ ਵਰਕਰਾਂ ਅਤੇ ਆਗੂਆਂ ’ਚ ਕਾਫੀ ਚਰਚ ਚੱਲ ਰਹੀ ਹੈ ਕਿ ਆਮ ਆਦਮੀ ਪਾਰਟੀ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ’ਚ ਕਿਸੇ ਚੇਹਰੇ ਨੂੰ ਟਿਕਟ ਦਿੱਤੀ ਜਾਵੇਗੀ। ਹਲਕੇ ਵਿੱਚ ਇਹ ਚਰਚਾ ਹੈ ਕਿ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਹਲਕੇ ਵਿੱਚ ਲਗਾਤਾਰ ਸਰਗਰਮ ਨਜ਼ਰ ਆ ਰਹੇ ਹਨ ਅਤੇ ਕਈ ਸਰਕਾਰੀ ਤੇ ਲੋਕ-ਭਲਾਈ ਦੇ ਪ੍ਰੋਗਰਾਮਾਂ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। - ਵਿਧਾਇਕ ਅਮਰਪਾਲ ਸਿੰਘ ਵੱਲੋਂ ਆਪਣੇ ਵਟਸਐਪ ਗਰੁੱਪ ’ਤੇ ਆਡੀਓ ਸੰਦੇਸ਼ ਰਾਹੀਂ ਵਰਕਰਾਂ ਨੂੰ ਇਕਜੁੱਟ ਰਹਿਣ ਦਿੱਤਾ ਸੰਦੇਸ਼ ਉੱਧਰ ਕੁਝ ਦਿਨ ਪਹਿਲਾਂ ਹਲਕੇ ਦੇ ਮੌਜੂਦਾ ਵਿਧਾਇਕ ਅਮਰਪਾਲ ਸਿੰਘ ਵੱਲੋਂ ਆਪਣੇ ਸਮਰਥਕਾਂ ਨੂੰ ਇੱਕ ਆਡੀਓ ਸੰਦੇਸ਼ ਰਾਹੀਂ ਇਕਜੁੱਟ ਰਹਿਣ ਦੀ ਅਪੀਲ ਕੀਤੀ ਗਈ ਸੀ। ਉਸ ਸੰਦੇਸ਼ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਉਹ ਆਉਣ ਵਾਲੀ ਵਿਧਾਨ ਸਭਾ ਚੋਣ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਹੀ ਲੜਣਗੇ ਅਤੇ ਵਰਕਰ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਜਾਂ ਸਿਆਸੀ ਚਰਚਾਵਾਂ ਤੋਂ ਪ੍ਰਭਾਵਿਤ ਨਾ ਹੋਣ। ਇਸ ਸੰਦੇਸ਼ ਤੋਂ ਬਾਅਦ ਇਕ ਗੱਲ ਤਾ ਸਾਫ ਸਾਬਿਤ ਹੋ ਚੁੱਕੀ ਹੈ ਕਿ ਵਿਧਾਇਕ ਅਮਰਪਾਲ ਸਿੰਘ ਅਤੇ ਬਲਵਿੰਦਰ ਸਿੰਘ ਲਾਡੀ ਦੇ ਵਿਚਕਾਰ ਆਉਣ ਵਾਲੇ ਸਮੇਂ ’ਚ ਟਿਕਟ ਨੂੰ ਲੈ ਕੇ ਕਾਫੀ ਜਦ ਜਹਿਦ ਦੇਖਣ ਨੂੰ ਮਿਲੇਗੀ ਜਦਕਿ ਆਖਰੀ ਫੈਸਲਾ ਤਾਂ ਪਾਰਟੀ ਹਾਈਕਮਾਂਡ ਦਾ ਹੀ ਹੋਵੇਗਾ। ਇਸ ਦਰਮਿਆਨ ਬਲਵਿੰਦਰ ਸਿੰਘ ਲਾਡੀ ਦੀ ਵਧਦੀ ਸਰਗਰਮੀ ਕਾਰਨ ਸ੍ਰੀ ਹਰਗੋਬਿੰਦਪੁਰ ਹਲਕੇ ਦੀ ਸਿਆਸਤ ਵਿੱਚ ਨਵੀਆਂ ਚਰਚਾਵਾਂ ਨੇ ਜਨਮ ਲੈ ਲਿਆ ਹੈ ਅਤੇ ਹਲਕੇ ਦੇ ਕਈ ਸੀਨੀਅਰ ਨੇਤਾ ਵੀ ਬਲਵਿੰਦਰ ਸਿੰਘ ਲਾਡੀ ਨਾਲ ਖੜਦੇ ਨਜ਼ਰ ਆ ਰਹੇ ਹਨ।